ਗੁਰਦਾਸਪੁਰ, 23 ਅਪ੍ਰੈਲ 2025 (ਦੀ ਪੰਜਾਬ ਵਾਇਰ)। ਗੁਰਦਾਸਪੁਰ ਹਲਕੇ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਵਿਧਾਇਕ ਪਾਹੜਾ ਨੇ ਕਿਹਾ ਕਿ ਇਹ ਹਮਲਾ ਨਿਹੱਥੇ ਮਾਸੂਮ ਲੋਕਾਂ ‘ਤੇ ਨਹੀਂ, ਸਗੋਂ ਮਨੁੱਖਤਾ ‘ਤੇ ਹਮਲਾ ਹੈ। ਇਸ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੈ। ਇਹ ਕਾਇਰਤਾਪੂਰਨ ਅੱਤਵਾਦੀ ਹਮਲਾ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਹੈ। ਨਿਹੱਥੇ ਮਾਸੂਮਾਂ ਨੂੰ ਨਿਸ਼ਾਨਾ ਬਣਾਉਣਾ ਮਨੁੱਖਤਾ ‘ਤੇ ਸਿੱਧਾ ਹਮਲਾ ਹੈ। ਇਸ ਦੁਖਦਾਈ ਘੜੀ ਵਿੱਚ ਪੂਰਾ ਦੇਸ਼ ਇਕਜੁੱਟ ਹੈ। ਅਸੀਂ ਪੀੜਤ ਪਰਿਵਾਰਾਂ ਨਾਲ ਡੂੰਘੀਆਂ ਹਮਦਰਦੀਆਂ ਪ੍ਰਗਟ ਕਰਦੇ ਹਾਂ ਅਤੇ ਅੱਤਵਾਦ ਦੇ ਹਰ ਰੂਪ ਦੀ ਸਖ਼ਤ ਨਿੰਦਾ ਕਰਦੇ ਹਾਂ।
ਵਿਧਾਇਕ ਪਾਹੜਾ ਨੇ ਕਿਹਾ ਕਿ ਇਹ ਕਾਇਰ ਅੱਤਵਾਦੀ ਦੇਸ਼ ਅਤੇ ਕਸ਼ਮੀਰੀਆਂ ਦੋਵਾਂ ਦੇ ਦੁਸ਼ਮਣ ਹਨ। ਇਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਸਰਕਾਰ ਨੂੰ ਅੱਤਵਾਦੀਆਂ ਨੂੰ ਉਨ੍ਹਾਂ ਦੀ ਹੀ ਭਾਸ਼ਾ ਵਿੱਚ ਜਵਾਬ ਦੇਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਨਿਰਦੋਸ਼ਾਂ ‘ਤੇ ਗੋਲੀਆਂ ਚੱਲਦੀਆਂ ਹਨ, ਤਾਂ ਪੂਰੀ ਮਨੁੱਖਤਾ ਲਹੂ-ਲੁਹਾਨ ਹੁੰਦੀ ਹੈ। ਸਾਨੂੰ ਮਿਲ ਕੇ ਅੱਤਵਾਦ ਦੇ ਹਰ ਰੂਪ ਦਾ ਵਿਰੋਧ ਕਰਨਾ ਹੋਵੇਗਾ।
ਦੇਸ਼ਵਾਸੀਆਂ ਨੂੰ ਸ਼ਾਂਤੀ ਅਤੇ ਇਕਜੁੱਟਤਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਅੱਤਵਾਦ ਦੇ ਖਿਲਾਫ ਸਾਡੀ ਇਕਜੁੱਟਤਾ ਹੀ ਸਭ ਤੋਂ ਵੱਡਾ ਹਥਿਆਰ ਹੈ। ਉਨ੍ਹਾਂ ਹਮਲੇ ਵਿੱਚ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਮੰਗ ਕੀਤੀ ਕਿ ਅਜਿਹੀ ਘਟੀਆ ਹਰਕਤ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।