ਪੀ ਏ ਯੂ ਰੀਜਨਲ ਸਟੇਸ਼ਨ ਦੀ ਖੇਤੀਬਾੜੀ ਸੰਸਥਾ, ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਮੁਹਿੰਮ ‘ਚ ਲਿਆ ਹਿੱਸਾ
ਗੁਰਦਾਸਪੁਰ, 26 ਅਪ੍ਰੈਲ 2025: ਅੱਜ ਪੀ ਏ ਯੂ ਰੀਜਨਲ ਸਟੇਸ਼ਨ ਦੀ ਖੇਤੀਬਾੜੀ ਸੰਸਥਾ, ਗੁਰਦਾਸਪੁਰ ਦੇ 60 ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਹਿੱਸਾ ਲਿਆ। ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੇ ਆਦੇਸ਼ਾਂ ਅਨੁਸਾਰ, ਵਿਦਿਆਰਥੀਆਂ ਨੇ ਸਵੇਰੇ 8 ਵਜੇ ਲਿਟਲ ਫਲਾਵਰ ਸਕੂਲ, ਗੁਰਦਾਸਪੁਰ ਤੋਂ ਵਾਕਥਾਨ ਸ਼ੁਰੂ ਕੀਤੀ ਅਤੇ ਸਰਕਾਰੀ ਕਾਲਜ, ਗੁਰਦਾਸਪੁਰ ਤੱਕ ਪਹੁੰਚੇ।
ਇਸ ਵਾਕਥਾਨ ਦੌਰਾਨ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ। ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਵੀ.ਵੀ.ਆਈ.ਪੀ. ਨੇ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਸੰਸਥਾਵਾਂ ਤੋਂ ਆਏ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਰੰਧਾਵਾ ਨੇ ਵੀ ਖੇਤੀਬਾੜੀ ਸੰਸਥਾ, ਗੁਰਦਾਸਪੁਰ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਵਿਰੁੱਧ ਅਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਸ ਵਾਕਥਾਨ ਦਾ ਸਮਰਥਨ ਕਰਦਿਆਂ ਵਿਦਿਆਰਥੀਆਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ।
ਇਸ ਮੁਹਿੰਮ ਨੇ ਸਥਾਨਕ ਲੋਕਾਂ ਅਤੇ ਵਿਦਿਆਰਥੀਆਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਦੇ ਵਿਰੁੱਧ ਨਾਅਰੇਬਾਜ਼ੀ ਕਰਕੇ ਆਪਣੀ ਏਕਤਾ ਦਿਖਾਈ।