ਚੇਅਰਮੈਨ ਰਮਨ ਬਹਿਲ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਗੁਰਦਾਸਪੁਰ ਹਲਕੇ ਦੇ ਚਾਰ ਸਕੂਲਾਂ ਵਿੱਚ 40 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
ਗੁਰਦਾਸਪੁਰ, 28 ਅਪ੍ਰੈਲ 2025 (ਦੀ ਪੰਜਾਬ ਵਾਇਰ )। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਮੀਰਪੁਰ, ਸਰਕਾਰੀ ਪ੍ਰਾਇਮਰੀ ਸਕੂਲ ਲਿੱਤਰਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭੁਕਰਾ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਇਨ੍ਹਾਂ ਸਕੂਲਾਂ ਵਿੱਚ ਨਵੇਂ ਸਮਾਰਟ ਕਲਾਸ ਰੂਮ ਬਣਾਉਣ ਤੋਂ ਇਲਾਵਾ ਸਕੂਲਾਂ ਦੀ ਚਾਰ ਦੀਵਾਰੀ ਅਤੇ ਬੁਨਿਆਦੀ ਢਾਂਚੇ ਦੇ ਹੋਰ ਕੰਮ ਕੀਤੇ ਗਏ ਹਨ।
ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਰਵੋਤਮ ਸੁਵਿਧਾਵਾਂ ਉਪਲਬਧ ਕਰਵਾਉਣ ਅਤੇ ਸਕੂਲੀ ਸਿੱਖਿਆ ਨੂੰ ਕੌਮਾਂਤਰੀ ਪੱਧਰ ਦਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾਣਗੀਆਂ ਅਤੇ ਅਸੀਂ ਉਸ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਪੂਰੀ ਤਰ੍ਹਾਂ ਸਰਗਰਮ ਹਾਂ ਜਿਸ ਤਹਿਤ ਪਿਛਲੇ 3 ਸਾਲਾਂ ਅੰਦਰ ਅਨੇਕਾਂ ਸਿੱਖਿਆ ਪ੍ਰੋਜੈਕਟ ਸਫ਼ਲਤਾ ਨਾਲ ਲਾਗੂ ਕੀਤੇ ਗਏ ਹਨ ਅਤੇ ਆਉਂਦੇ 2 ਸਾਲਾਂ ਅੰਦਰ ਹੋਰ ਮਿਸਾਲੀ ਕਾਰਜ ਕਰਵਾਏ ਜਾਣਗੇ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਵਿਸ਼ਾ ਆਧਾਰਿਤ ਲੈਬ, ਨਵੇਂ ਸਮਾਰਟ ਕਲਾਸ-ਰੂਮ, ਲਾਇਬ੍ਰੇਰੀਆਂ, ਖੇਡ ਮੈਦਾਨ, ਬੈਂਚ ਤੇ ਹੋਰ ਫ਼ਰਨੀਚਰ ਮੁਹੱਈਆ ਕਰਵਾਇਆ ਗਿਆ ਹੈ, ਜਿਸ ਨਾਲ ਸਕੂਲਾਂ ਦੀ ਕਾਇਆ ਕਲਪ ਹੋਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ 118 ਸਕੂਲ ਆਫ਼ ਐਮੀਨੈਂਸ ਬਣਾਏ ਗਏ ਹਨ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਫਿਨਲੈਂਡ, ਸਿੰਘਾਪੁਰ ਆਦਿ ਵਿੱਚ ਵਿੱਦਿਅਕ ਦੌਰੇ ਕਰਵਾਏ ਗਏ ਹਨ ਤਾਂ ਜੋ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ ਕੌਮਾਂਤਰੀ ਪੱਧਰ ਦੀਆਂ ਤਕਨੀਕਾਂ ਨਾਲ ਪੜ੍ਹਾਈ ਕਰਵਾਈ ਜਾ ਸਕੇ।
ਸ੍ਰੀ ਬਹਿਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੇ ਵੱਧ ਤੋਂ ਵੱਧ ਸਮੇਂ ਨੂੰ ਪੜ੍ਹਾਈ ਵਿੱਚ ਲਗਾਇਆ ਜਾਵੇ ਕਿਉਂਕਿ ਪੜ੍ਹਾਈ ਨਾਲ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਹੁਨਰ ਦੀ ਪਛਾਣ ਕਰਨ ਅਤੇ ਦਿਲਚਸਪੀ ਲੈ ਕੇ ਅਣਤਰਾਸ਼ੇ ਹੀਰਿਆਂ ਨੂੰ ਤਰਾਸ਼ਣ ਵਿੱਚ ਵਡਮੁੱਲਾ ਯੋਗਦਾਨ ਪਾਉਣ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਚੇਅਰਮੈਨ ਸ੍ਰੀ ਰਮਨ ਬਹਿਲ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।