Close

Recent Posts

ਗੁਰਦਾਸਪੁਰ ਪੰਜਾਬ

ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀ ਸ਼ਾਜਿਸ਼ ਵਿਰੁੱਧ ਆਮ ਆਦਮੀ ਪਾਰਟੀ ਵੱਲੋਂ ਗੁਰਦਾਸਪੁਰ ਵਿਖੇ ਜ਼ਬਰਦਸ਼ਤ ਰੋਸ ਮੁਜ਼ਾਹਰਾ, ਹਰਿਆਣੇ ਦੇ ਮੁੱਖ ਮੰਤਰੀ ਦਾ ਪੁੱਤਲਾ ਫੂਕਿਆ

ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀ ਸ਼ਾਜਿਸ਼ ਵਿਰੁੱਧ ਆਮ ਆਦਮੀ ਪਾਰਟੀ ਵੱਲੋਂ ਗੁਰਦਾਸਪੁਰ ਵਿਖੇ ਜ਼ਬਰਦਸ਼ਤ ਰੋਸ ਮੁਜ਼ਾਹਰਾ, ਹਰਿਆਣੇ ਦੇ ਮੁੱਖ ਮੰਤਰੀ ਦਾ ਪੁੱਤਲਾ ਫੂਕਿਆ
  • PublishedMay 1, 2025

ਭਾਜਪਾ ਵੱਲੋਂ ਪੰਜਾਬ ਦੇ ਪਾਣੀਆਂ ਦੀ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਚੇਅਰਮੈਨ ਭਾਰਤ ਭੂਸ਼ਨ ਸ਼ਰਮਾ

ਗੁਰਦਾਸਪੁਰ, 1 ਮਈ 2025 (ਦੀ ਪੰਜਾਬ ਵਾਇਰ) । ਭਾਖੜਾ ਬਿਆਸ ਪ੍ਰਬੰਧਕ ਬੋਰਡ ਜ਼ਰੀਏ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ ਖੋਹਣ ਦੇ ਕੋਝੇ ਯਤਨ ਕਰਕੇ ਭਾਰਤੀ ਜਨਤਾ ਪਾਰਟੀ ਨੇ ਇੱਕ ਵਾਰ ਫਿਰ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਭਾਜਪਾ ਦੀ ਇਸ ਪੰਜਾਬ ਵਿਰੋਧੀ ਸਾਜ਼ਿਸ਼ ਨੂੰ ਕਦੀ ਕਾਮਯਾਬ ਨਹੀਂ ਹੋਣ ਦੇਵੇਗੀ ਆਮ ਆਦਮੀ ਪਾਰਟੀ ਵੱਲੋਂ ਪਾਣੀਆਂ ਦੇ ਇਸ ਡਾਕੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ ਨੇ ਅੱਜ ਗੁਰਦਾਸਪੁਰ ਵਿਖੇ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਦਾ ਵਿਰੋਧ ਕਰਦਿਆਂ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ। ਭਾਰਤੀ ਜਨਤਾ ਪਾਰਟੀ ਹਮੇਸ਼ਾਂ ਹੀ ਪੰਜਾਬ ਤੇ ਪੰਜਾਬੀਅਤ ਦੀ ਵਿਰੋਧੀ ਰਹੀ ਹੈ ਅਤੇ ਇੱਕ ਵਾਰ ਫਿਰ ਕੇਂਦਰ ਅਤੇ ਦਿੱਲੀ ਤੇ ਹਰਿਆਣਾ ਦੀਆਂ ਭਾਜਪਾ ਸਰਕਾਰ ਪੰਜਾਬ ਦਾ ਪਾਣੀ ਖੋਹਣ ਲਈ ਪੰਜਾਬ ਖਿਲਾਫ਼ ਇੱਕਜੁੱਟ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣੇ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਲਈ ਪੰਜਾਬ ਸਰਕਾਰ ਨੂੰ ਜੋ ਵੀ ਚਾਰਾਜੋਈ ਕਰਨੀ ਹੋਵੇਗੀ, ਉਹ ਕੀਤੀ ਜਾਵੇਗੀ।

ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਭਾਜਪਾ ਆਗੂ ਵੀ ਪੰਜਾਬ ਦੇ ਪਾਣੀ ਦੀਆਂ ਲੁੱਟ ਵਿੱਚ ਰਲੇ ਹੋਏ ਹਨ ਅਤੇ ਉਨ੍ਹਾਂ ਦੀ ਇਸ ਮਸਲੇ ਵਿੱਚ ਸਾਜ਼ਸੀ ਚੁੱਪ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਭਾਜਪਾ ਆਗੂ ਇਸ ਲੁੱਟ ਦੇ ਵਿਰੋਧੀ ਹਨ ਤਾਂ ਉਨ੍ਹਾਂ ਨੂੰ ਵੀ ਪੰਜਾਬੀਆਂ ਦੇ ਨਾਲ ਸੜਕਾਂ ਉੱਪਰ ਉੱਤਰਨਾ ਚਾਹੀਦਾ ਹੈ।

ਚੇਅਰਮੈਨ ਸ੍ਰੀ ਭਾਰਤ ਭੂਸ਼ਨਾ ਸ਼ਰਮਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਹੱਕਾਂ ਉਤੇ ਕੇਂਦਰ ਦੀਆਂ ਸਰਕਾਰਾਂ ਤੇ ਗੁਆਂਢੀ ਸੂਬੇ ਹਰਿਆਣਾ ਨੇ ਪਹਿਲਾਂ ਵੀ ਡਾਕਾ ਮਾਰਨ ਦੀਆਂ ਚਾਲਾਂ ਚੱਲੀਆਂ ਹਨ। ਗੁਆਂਢੀ ਸੂਬਿਆਂ ਨੂੰ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਦਾ ਨੁਕਸਾਨ ਕੀਤਾ। ਹੁਣ ਰਿਪੇਰੀਅਨ ਸੂਬੇ ਦੇ ਹੱਕਾਂ ਉਤੇ ਡਾਕਾ ਮਾਰਨ ਦੀ ਚਾਲ ਚੱਲੀ ਗਈ ਹੈ ਜਿਸ ਨੂੰ ਕਤਈ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਆਮ ਆਦਮੀ ਪਾਰਟੀ ਤੇ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਜ਼ਬਰਦਸ਼ਤ ਰੋਸ ਮੁਜ਼ਾਹਰੇ ਦੌਰਾਨ ਜਿੱਥੇ ਭਾਜਪਾ ਵਿਰੋਧੀ ਨਾਅਰੇ ਲਗਾਏ ਗਏ ਓਥੇ ਹਰਿਆਣੇ ਦੇ ਮੁੱਖ ਮੰਤਰੀ ਦਾ ਪੁਤਲਾ ਵੀ ਫੂਕਿਆ ਗਿਆ। ਇਸ ਰੋਸ ਧਰਨੇ ਦੌਰਾਨ ਸੀਨੀਅਰ ਆਪ ਆਗੂ ਕਬੀਰ ਬਹਿਲ, ਕੁਲਦੀਪ ਕੁਮਾਰ ਬਲਾਕ ਪ੍ਰਧਾਨ, ਰਘੁਬੀਰ ਸਿੰਘ ਟੋਨੀ ਬਲਾਕ ਪ੍ਰਧਾਨ ਤੇ ਵਪਾਰ ਮੰਡਲ ਦੇ ਚੇਅਰਮੈਨ, ਹਿਤੇਸ਼ ਮਹਾਜਨ ਬਲਾਕ ਪ੍ਰਧਾਨ, ਅਸ਼ੋਕ ਮਹਾਜਨ ਵਪਾਰ ਮੰਡਲ ਦੇ ਪ੍ਰਧਾਨ, ਰੁਪੇਸ਼ ਬਿੱਟੂ, ਰੁਪਿੰਦਰ ਰੋਬਿਨ, ਗਗਨ ਮਹਾਜਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਸਰਪੰਚ, ਪੰਚ, ਆਪ ਆਗੂ ਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਆਮ ਲੋਕ ਵੀ ਸ਼ਾਮਲ ਸਨ।

Written By
The Punjab Wire