ਪੰਜਾਬ

ਸ਼ਿਵਰਾਜ ਸਿੰਘ ਚੌਹਾਨ ਵਲੋਂ ਪੰਜਾਬੀਆਂ ਨੂੰ ਨਸ਼ਿਆਂ ਖਿਲਾਫ਼ ਫੈਸਲਾਕੁੰਨ ਲੜਾਈ ਦਾ ਸੱਦਾ

ਸ਼ਿਵਰਾਜ ਸਿੰਘ ਚੌਹਾਨ ਵਲੋਂ ਪੰਜਾਬੀਆਂ ਨੂੰ ਨਸ਼ਿਆਂ ਖਿਲਾਫ਼ ਫੈਸਲਾਕੁੰਨ ਲੜਾਈ ਦਾ ਸੱਦਾ
  • PublishedSeptember 19, 2026

 21 ਸਤੰਬਰ ਨੂੰ ਤਲਵੰਡੀ ਸਾਬੋ ਤੋਂ ਚੌਥੀ ਨਸ਼ਾ ਮੁਕਤ ਪੰਜਾਬ ਯਾਤਰਾ ਕਰਨਗੇ ਰਵਾਨਾ

ਚੰਡੀਗੜ੍ਹ: 19 ਸਤੰਬਰ 2026 (ਦੀ ਪੰਜਾਬ ਵਾਇਰ)– ‘‘ਪੰਜਾਬ ਇਸ ਸਮੇਂ ਨਸ਼ਿਆਂ ਦੇ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਨਸ਼ਿਆਂ ਨੇ ਬਹੁਤ ਸਾਰੇ ਪਰਿਵਾਰਾਂ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਅਨੇਕਾਂ ਨੌਜਵਾਨਾਂ ਦੀ ਜ਼ਿੰਦਗੀ ਤਬਾਹ ਤੇ ਬਰਬਾਦ ਕਰ ਦਿੱਤੀ ਹੈ’’, ਇਹ ਸ਼ਬਦ ਭਾਰਤ ਦੇ ਕੇਂਦਰੀ ਖੇਤੀ ਮੰਤਰੀ ਸ਼ਿਵ ਰਾਜ ਸਿੰਘ ਚੌਹਾਨ ਦੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਆਪਣੇ ਇੱਕ ਵੀਡੀਓ ਸੰਦੇਸ਼ ਰਾਹੀਂ ਉਨ੍ਹਾਂ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ ਹੈ।

ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ‘ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ’ ਦੇ ਸੰਕਲਪ ਹੇਠ ਨਸ਼ਾ ਮੁਕਤ ਪੰਜਾਬ ਯਾਤਰਾ ਕੱਢ ਰਹੀ ਹੈ। ਜਿਸ ਦੀ ਸ਼ੁਰੂਆਤ 18 ਸਤੰਬਰ ਨੂੰ ਪਠਾਨਕੋਟ ਦੇ ਮਾਧੋਪੁਰ ਤੋਂ ਹੋ ਚੁੱਕੀ ਹੈ। ਇਸ ਤਹਿਤ 4 ਥਾਵਾਂ ਤੋਂ ਯਾਤਰਾਵਾਂ ਚੱਲਣੀਆਂ ਹਨ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਰਦਾਸ ਕਰਨ ਉਪਰੰਤ ਸ਼ਿਵਰਾਜ ਸਿੰਘ ਚੌਹਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੌਥੀ ਯਾਤਰਾ ਨੂੰ ਰਵਾਨਾ ਕਰਨਾ ਹੈ।

ਪੰਜਾਬ ਦੌਰੇ ਤੋਂ ਪਹਿਲਾਂ ਨਸ਼ਿਆਂ ਦੇ ਸੰਕਟ ਪ੍ਰਤੀ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼ਿਵ ਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਇਸ ਲਈ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਲੋਕ ਨਸ਼ਿਆਂ ਵਿਰੁੱਧ ਇੱਕ ਨਿਰਣਾਇਕ ਲੜਾਈ ਲੜਨ। ਇਸੇ ਉਦੇਸ਼ ਨਾਲ 18 ਸਤੰਬਰ ਤੋਂ 30 ਸਤੰਬਰ ਤੱਕ ਭਾਰਤੀ ਜਨਤਾ ਪਾਰਟੀ ਦੀ ‘ਨਸ਼ਾ ਮੁਕਤ ਪੰਜਾਬ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਇਸੇ ਯਾਤਰਾ ਦੌਰਾਨ 21 ਸਤੰਬਰ ਨੂੰ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਪਹੁੰਚ ਰਹੇ ਹਨ। ਉਨ੍ਹਾਂ ਦੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ, ਪੰਜਾਬ ਦੀਆਂ ਭੈਣਾਂ ਅਤੇ ਭਰਾਵੋ, ਬਜ਼ੁਰਗੋ, ਪੁੱਤਰੋ ਅਤੇ ਧੀਓ—ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਸ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਵੋ। ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਲੜੋ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।

Written By
The Punjab Wire