ਡੀਏ 42 ਤੋਂ ਵਧਾ ਕੇ 50 ਫੀਸਦੀ ਕੀਤਾ, 1 ਸਤੰਬਰ 2026 ਤੋਂ ਹੋਵੇਗਾ ਲਾਗੂ; ਸਤੰਬਰ ਦੀ ਤਨਖਾਹ ਨਾਲ ਮਿਲੇਗਾ ਵਧਿਆ ਹੋਇਆ ਭੱਤਾ
ਚੰਡੀਗੜ੍ਹ, 23 ਸਤੰਬਰ 2026 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (Dearness Allowance) ਵਿੱਚ 8 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਵਿੱਤ ਵਿਭਾਗ ਵੱਲੋਂ ਇਸ ਸਬੰਧੀ ਅੱਜ 23 ਸਤੰਬਰ 2026 ਨੂੰ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਵਿੱਤ ਵਿਭਾਗ ਦੇ Finance Personnel-1 Branch ਵੱਲੋਂ ਜਾਰੀ ਪੱਤਰ ਅਨੁਸਾਰ ਸਰਕਾਰੀ ਮੁਲਾਜ਼ਮਾਂ ਨੂੰ ਹੁਣ 50 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ (DA) ਮਿਲੇਗਾ। ਇਸ ਤੋਂ ਪਹਿਲਾਂ ਇਹ ਦਰ 42 ਫੀਸਦੀ ਸੀ। ਇਸ ਤਰ੍ਹਾਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਕੁੱਲ 8 ਪ੍ਰਤੀਸ਼ਤ ਅੰਕਾਂ ਦਾ ਵਾਧਾ ਹੋਇਆ ਹੈ।
1 ਸਤੰਬਰ ਤੋਂ ਲਾਗੂ, ਸਤੰਬਰ ਦੀ ਤਨਖਾਹ ਨਾਲ ਭੁਗਤਾਨ
ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਵਧਿਆ ਹੋਇਆ ਮਹਿੰਗਾਈ ਭੱਤਾ 1 ਸਤੰਬਰ 2026 ਤੋਂ ਲਾਗੂ ਹੋਵੇਗਾ ਅਤੇ ਇਸ ਦਾ ਭੁਗਤਾਨ ਸਤੰਬਰ 2026 ਦੀ ਤਨਖਾਹ ਨਾਲ ਕੀਤਾ ਜਾਵੇਗਾ। ਇਸ ਨਾਲ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਸਤੰਬਰ ਮਹੀਨੇ ਤੋਂ ਵਧੀ ਹੋਈ ਤਨਖਾਹ ਦਾ ਲਾਭ ਮਿਲੇਗਾ।
ਵਿੱਤ ਵਿਭਾਗ ਵੱਲੋਂ ਇਹ ਹੁਕਮ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਅਤੇ ਸੈਸ਼ਨ ਜੱਜਾਂ, ਪੰਜਾਬ ਵਿਧਾਨ ਸਭਾ ਦੇ ਸਕੱਤਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਅਤੇ ਲੋੜੀਂਦੀ ਕਾਰਵਾਈ ਲਈ ਭੇਜੇ ਗਏ ਹਨ।