ਚੇਅਰਮੈਨ ਰਾਜੀਵ ਸ਼ਰਮਾ ਵਲੋਂ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਅਤੇ ਧਾਰਮਿਕ-ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਸ਼ਾਨਦਾਰ ਉਪਰਾਲਾ
ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਬਣੇਗਾ ਸੁੰਦਰ ਪਾਰਕ, 14.50 ਲੱਖ ਰੁਪਏ ਦਾ ਟੈਂਡਰ ਜਾਰੀ
ਗੁਰਦਾਸਪੁਰ, 25 ਸਤੰਬਰ 2026 (ਮੰਨਨ ਸੈਣੀ)। ਗੁਰਦਾਸਪੁਰ ਸ਼ਹਿਰ ਦੇ ਵਿਕਾਸ ਅਤੇ ਧਾਰਮਿਕ-ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੰਪਰੂਵਮੈਂਟ ਟਰੱਸਟ ਵੱਲੋਂ ਇੱਕ ਹੋਰ ਕਦਮ ਚੁੱਕਿਆ ਗਿਆ ਹੈ।
ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਬੱਸ ਅੱਡੇ ਦੇ ਪਿਛਲੇ ਪਾਸੇ ਸਥਿਤ ਪਾਰਕ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਵਿਕਸਤ ਕਰਨ ਲਈ 14.50 ਲੱਖ ਰੁਪਏ ਦੀ ਲਾਗਤ ਵਾਲਾ ਟੈਂਡਰ ਜਾਰੀ ਕੀਤਾ ਗਿਆ ਹੈ।
ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸ੍ਰੀ ਗੁਰੂ ਨਾਭਾ ਦਾਸ ਜੀ ਸੇਵਾ ਕਲੱਬ ਵੱਲੋਂ ਮੰਗ ਰੱਖੀ ਗਈ ਸੀ ਕਿ ਗੁਰਦਾਸਪੁਰ ਵਿੱਚ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਚੌਕ ਜਾਂ ਪਾਰਕ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਉਸ ਸਮੇਂ ਸੰਸਥਾ ਦੇ ਮੈਂਬਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਮੰਗ ਨੂੰ ਜਲਦ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਬੱਸ ਅੱਡੇ ਦੇ ਪਿਛਲੇ ਪਾਸੇ ਸਥਿਤ ਪਾਰਕ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਵਿਕਸਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਲਈ ਹੁਣ ਟੈਂਡਰ ਵੀ ਜਾਰੀ ਕਰ ਦਿੱਤਾ ਗਿਆ ਹੈ। ਪਾਰਕ ਵਿੱਚ ਸ੍ਰੀ ਗੁਰੂ ਨਾਭਾ ਦਾਸ ਜੀ ਦੀ ਮੂਰਤੀ ਵੀ ਸਥਾਪਿਤ ਕੀਤੀ ਜਾਵੇਗੀ ਅਤੇ ਵਿਕਾਸ ਕਾਰਜ ਪੂਰੇ ਹੋਣ ਉਪਰੰਤ ਪਾਰਕ ਸੰਸਥਾ ਦੇ ਹਵਾਲੇ ਕੀਤਾ ਜਾਵੇਗਾ।
ਇਸ ਮੌਕੇ ਸ੍ਰੀ ਗੁਰੂ ਨਾਭਾ ਦਾਸ ਸੇਵਾ ਸੰਸਥਾ ਦੇ ਪੰਜਾਬ ਪ੍ਰਧਾਨ ਬਬਲੂ ਸ਼ੇਰੀਆ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਝ ਹੀ ਦਿਨਾਂ ਵਿੱਚ ਸੰਸਥਾ ਦੀ ਮੰਗ ਨੂੰ ਪੂਰਾ ਕਰਨ ਲਈ ਕਾਰਵਾਈ ਸ਼ੁਰੂ ਕਰਨਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਨਾਮ ’ਤੇ ਬਣਨ ਵਾਲਾ ਇਹ ਪਾਰਕ ਸ਼ਹਿਰ ਵਾਸੀਆਂ ਲਈ ਇੱਕ ਸੁੰਦਰ ਸਥਾਨ ਵਜੋਂ ਵਿਕਸਤ ਹੋਵੇਗਾ।