Close

Recent Posts

ਦੇਸ਼ ਪੰਜਾਬ

ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ: ਅਰਵਿੰਦ ਕੇਜਰੀਵਾਲ

ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ: ਅਰਵਿੰਦ ਕੇਜਰੀਵਾਲ
  • PublishedMay 16, 2025

‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਸਾਨੀ ਨਹੀਂ

ਜੇ ਤਿੰਨ ਕਰੋੜ ਪੰਜਾਬੀ ਇਕਜੁੱਟ ਹੁੰਦੇ ਹਨ ਤਾਂ ਨਸ਼ੀਲੇ ਪਦਾਰਥਾਂ ਦੀ ਸਮੱਸਿਆ 24 ਘੰਟਿਆਂ ਵਿੱਚ ਖ਼ਤਮ ਹੋ ਜਾਵੇਗੀ

ਲਖਨਪਾਲ (ਜਲੰਧਰ), 16 ਮਈ 2025 (ਦੀ ਪੰਜਾਬ ਵਾਇਰ)। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਖ਼ਤਰੇ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਨਸ਼ਾ ਸਪਲਾਈ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਹੈ, ਜਿਸ ਲਈ ਪੰਜਾਬ ਪੁਲਿਸ ਨੂੰ ਥਾਪੜਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਇਹ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦਾ ਭਾਰਤ ਦੇ ਸਮਕਾਲੀ ਇਤਿਹਾਸ ਵਿੱਚ ਕੋਈ ਮੁਕਾਬਲਾ ਨਹੀਂ ਮਿਲਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ੇ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਨੇ ਢਾਹ ਦਿੱਤਾ ਹੈ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ, ਸਗੋਂ ਉਹ ਖ਼ੁਦ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਇਹ ਕਾਰੋਬਾਰ ਚਲਾਉਂਦੇ ਸਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖ਼ਤਰੇ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਇਹ ਆਪਣੇ ਨੌਜਵਾਨਾਂ ਨੂੰ ਇਸ ਖ਼ਤਰੇ ਦਾ ਸ਼ਿਕਾਰ ਨਹੀਂ ਹੋਣ ਦੇਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸੂਬੇ ਵਿੱਚ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਰ ਪਿੰਡ ਨੂੰ ਇਸ ਅਹਿਮ ਪ੍ਰੋਗਰਾਮ ਅਧੀਨ ਲਿਆਂਦਾ ਜਾਵੇਗਾ।

ਨਸ਼ਿਆਂ ਵਿਰੁੱਧ ਜੰਗ ਵਿੱਚ ਪੰਜਾਬੀਆਂ ਦੇ ਪੂਰਨ ਸਮਰਥਨ ਦੀ ਮੰਗ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇ ਤਿੰਨ ਕਰੋੜ ਪੰਜਾਬੀ ਨਸ਼ਿਆਂ ਦੇ ਖ਼ਤਰੇ ਵਿਰੁੱਧ ਇੱਕਜੁੱਟ ਹੋ ਕੇ ਉੱਠਣ ਤਾਂ ਨਸ਼ਿਆਂ ਦੀ ਸਮੱਸਿਆ 24 ਘੰਟਿਆਂ ਵਿੱਚ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਠੀ ਭਰ ਨਸ਼ਾ ਤਸਕਰ ਪੰਜਾਬੀਆਂ ਦੀ ਤਾਕਤ ਅੱਗੇ ਨਹੀਂ ਟਿਕ ਸਕਦੇ ਅਤੇ ਉਨ੍ਹਾਂ ਨੂੰ ਜ਼ਮੀਨ ਹੇਠ ਦਫ਼ਨ ਕਰ ਦਿੱਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਾ ਸਿਰਫ਼ ਨਸ਼ਿਆਂ ਦੀਆਂ ਸਪਲਾਈ ਲਾਈਨਾਂ ਤੋੜੀਆਂ ਜਾ ਰਹੀਆਂ ਹਨ, ਸਗੋਂ ਸੂਬਾ ਸਰਕਾਰ ਨਸ਼ਾ ਪੀੜਤਾਂ ਦੇ ਮੁੜ ਵਸੇਬੇ ‘ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਇਸ ਸਮੱਸਿਆ ਦਾ ਹੱਲ ਆਮ ਆਦਮੀ ਦੇ ਸਰਗਰਮ ਸਮਰਥਨ ਨਾਲ ਹੀ ਹੋ ਸਕਦਾ ਹੈ।

ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਦੋਹਰੀ ਨੀਤੀ ਅਪਣਾਉਂਦਿਆਂ ਜਿਥੇ ਇੱਕ ਪਾਸੇ ਨਸ਼ਾ ਤਸਕਰੀ ਨੂੰ ਰੋਕ ਰਹੀ ਹੈ ਅਤੇ ਦੂਜੇ ਪਾਸੇ ਇਸ ਖ਼ਤਰੇ ਨਾਲ ਨਜਿੱਠਣ ਲਈ ਨੌਜਵਾਨਾਂ ਦੀ ਸਾਕਾਰਾਤਮਕ ਊਰਜਾ ਨੂੰ ਉਸਾਰੂ ਰਸਤੇ ‘ਤੇ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਛੇਤੀ ਹੀ ਨਸ਼ਿਆਂ ਦੀ ਜਕੜ ਵਿੱਚੋਂ ਨਿਕਲ ਜਾਵੇਗਾ ਅਤੇ ਦੇਸ਼ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਦੁਨੀਆ ਭਰ ਵਿੱਚ ਤਾਰੇ ਵਾਂਗ ਚਮਕਦਾ ਰਹੇ ਅਤੇ ਹਰ ਖੇਤਰ ਵਿੱਚ ਦੁਨੀਆ ਦੀ ਅਗਵਾਈ ਕਰਦਾ ਰਹੇ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਉਹ ਪਿੰਡ, ਜੋ ਕਦੇ ਨਸ਼ਿਆਂ ਦੇ ਕੇਂਦਰ ਸਨ, ਹੁਣ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਕਾਰਨ ਨਸ਼ਾ ਮੁਕਤ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਸੂਬਾ ਸਰਕਾਰਾਂ ਵੱਲੋਂ ਨਸ਼ਾ ਤਸਕਰਾਂ ਨੂੰ ਬਚਾਇਆ ਜਾਂਦਾ ਸੀ, ਜਦ ਕਿ ਇਸ ਦੇ ਉਲਟ ਹੁਣ 10,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 8500 ਵੱਡੀਆਂ ਮੱਛੀਆਂ ਹਨ।

ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜ਼ਮੀਨੀ ਪੱਧਰ ‘ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਲਗਭਗ 13000 ਪਿੰਡਾਂ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਾਕਾਰਾਤਮਕ ਢੰਗ ਨਾਲ ਵਰਤਣ ਲਈ ਸਰਕਾਰ ਸੂਬੇ ਦੇ ਹਰ ਪਿੰਡ ਵਿੱਚ ਸਟੇਡੀਅਮ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਸੂਬੇ ਦੇ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਦੇ ਨੌਜਵਾਨਾਂ ਨੂੰ ਲਗਭਗ 54000 ਨੌਕਰੀਆਂ ਦਿੱਤੀਆਂ ਹਨ ਅਤੇ ਹੁਣ ਹਰ ਪਿੰਡ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਯੋਜਨਾਬੰਦੀ ਕੀਤੀ ਗਈ ਹੈ।

Written By
The Punjab Wire