Close

Recent Posts

Punjab

ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ

ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ
  • PublishedMay 16, 2025

ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 95.47% ਰਹੀ, ਕੁੜੀਆਂ ਨੇ ਮੋਹਰੀ ਸਥਾਨ ਮੱਲੇ

ਚੰਡੀਗੜ੍ਹ, 16 ਮਈ 2025 (ਦੀ ਪੰਜਾਬ ਵਾਇਰ)– ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।

ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਿਖ਼ਰਲੇ ਸਥਾਨ ਹਾਸਲੇ ਕਰਨ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਅਕਸ਼ਨੂਰ ਕੌਰ ਨੇ 650/650 ਅੰਕਾਂ ਨਾਲ ਸੂਬੇ  ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਛੱਤਿਆਣਾ (ਸ੍ਰੀ ਮੁਕਤਸਰ ਸਾਹਿਬ) ਦੀ ਰਤਿੰਦਰਦੀਪ ਕੌਰ ਅਤੇ ਰਾਮ ਸਰੂਪ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਚੌਂਦਾ (ਮਲੇਰਕੋਟਲਾ) ਦੀ ਅਰਸ਼ਦੀਪ ਕੌਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕੁੜੀਆਂ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਖੁਸ਼ੀ ਅਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਉਨ੍ਹਾਂ ਦੇ ਪੜ੍ਹਾਈ ਪ੍ਰਤੀ ਸਮਰਪਣ ਅਤੇ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਨੇ ਆਪਣੇ ਸਾਥੀ ਵਿਦਿਆਰਥੀਆਂ ਲਈ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ। ਜ਼ਿਕਰਯੋਗ ਹੈ ਕਿ ਕੁੜੀਆਂ ਨੇ ਦਸਵੀਂ ਦੇ ਨਤੀਜਿਆਂ ਵਿੱਚ ਕੁੱਲ 96.85% ਦੀ ਪਾਸ ਪ੍ਰਤੀਸ਼ਤਤਾ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੜਕਿਆਂ (94.50%) ਨੂੰ ਪਛਾੜ ਦਿੱਤਾ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁੱਲ 2,77,746 ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2,65,548 ਵਿਦਿਆਰਥੀ ਪਾਸ ਹੋਏ (95.61%) ਹਨ। ਸਰਕਾਰੀ ਸਕੂਲਾਂ ਵਿੱਚ 95.47% ਪਾਸ ਪ੍ਰਤੀਸ਼ਤਤਾ ਨਾਲ 1,76,605 ਵਿਦਿਆਰਥੀ ਪ੍ਰੀਖਿਆ ਵਿੱਚ ਸਫ਼ਲ ਰਹੇ।

ਸਿੱਖਿਆ ਮੰਤਰੀ ਨੇ ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਵਿਦਿਆਰਥੀਆਂ ਦੇ ਸਮਰਪਣ, ਜਨੂੰਨ ਅਤੇ ਸਖ਼ਤ ਮਿਹਨਤ ਨੂੰ ਦਿੱਤਾ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਵੱਲੋਂ ਦਿੱਤੇ ਗਏ ਸਮਰਥਨ ਦੀ ਸ਼ਲਾਘਾ ਵੀ ਕੀਤੀ।

Written By
The Punjab Wire