ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਚੱਕ ਸ਼ਰੀਫ਼ ਤੇ ਗੁਨੋਪੁਰ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਕੀਤੀ ਸ਼ਮੂਲੀਅਤ
ਵੱਡੀ ਗਿਣਤੀ ਵਿੱਚ ਨਸ਼ਾ ਮੁਕਤੀ ਯਾਤਰਾ ਨਾਲ ਜੁੜ ਰਹੇ ਨੇ ਲੋਕ : ਚੇਅਰਮੈਨ ਸੇਖਵਾਂ
ਗੁਰਦਾਸਪੁਰ, 19 ਮਈ 2025 (ਦੀ ਪੰਜਾ ਵਾਇਰ)– ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ, ਨਸ਼ਿਆਂ ਦੇ ਖ਼ਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਤੇ ਲੋਕ ਆਪ ਮੁਹਾਰੇ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜ ਰਹੇ ਹਨ।
ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਜ ਸ਼ਾਮ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਚੱਕ ਸ਼ਰੀਫ਼ ਅਤੇ ਗੁਨੋਪੁਰ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੁੰਦਿਆਂ ਕੀਤਾ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ. ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਫ਼ੈਸਲਾਕੁਨ ਲੜਾਈ ਅਰੰਭੀ ਗਈ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਸਪਸ਼ਟ ਕਹਿ ਦਿੱਤਾ ਹੈ ਕਿ ਉਹ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕਿਸੇ ਵੀ ਸੂਰਤ ਵਿੱਚ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਚੇਅਰਮੈਨ ਸ. ਸੇਖਵਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਜਿਸ ਵਿੱਚ ਹਰੇਕ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਲੋਕ ਲਹਿਰ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਤਾਂ ਹੀ ਸਫਲ ਸਾਬਤ ਹੋ ਸਕਦੇ ਹਨ ਜੇਕਰ ਹਰੇਕ ਨਾਗਰਿਕ ਆਪਣਾ ਸਹਿਯੋਗ ਦੇਵੇ, ਕਿਉਂਕਿ ਇਸ ਲਾਹਨਤ ਦਾ ਖ਼ਾਤਮਾ ਆਪਸੀ ਸਹਿਯੋਗ ਨਾਲ ਹੀ ਕੀਤਾ ਜਾ ਸਕਦਾ ਹੈ।
ਸ. ਸੇਖਵਾਂ ਨੇ ਕਿਹਾ ਕਿ ਇਹਨਾਂ ਮੀਟਿੰਗਾਂ ਵਿੱਚ ਵੱਡੀ ਗਿਣਤੀ ਵਿੱਚ ਪੁੱਜ ਰਹੇ ਲੋਕਾਂ ਸਰਕਾਰ ਦੁਆਰਾ ਨਸ਼ਿਆਂ ਦੇ ਖ਼ਾਤਮੇ ਨੂੰ ਯਕੀਨੀ ਬਣਾਉਣ ਦੇ ਮਿਥੇ ਟੀਚੇ ਨੂੰ ਪ੍ਰਾਪਤ ਕਰਨ ਦੇ ਉੱਦਮਾਂ ਉੱਤੇ ਸਫਲਤਾ ਦੀ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਹਰੇਕ ਵਿਅਕਤੀ ਆਪਣਾ ਵਡਮੁੱਲਾ ਯੋਗਦਾਨ ਪਾ ਸਕਦਾ ਹੈ। ਇਸ ਮੌਕੇ ਸ. ਸੇਖਵਾਂ ਨੇ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ। ਇਸ ਮੌਕੇ ਪਿੰਡਾਂ ਦੇ ਪੰਚ, ਸਰਪੰਚ ਅਤੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ। ਇਸ ਮੌਕੇ ਹਰਜੀਤ ਸਿੰਘ ਟਿੱਕਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।