ਪੰਜਾਬ ਵਿੱਚ ਨਸ਼ੇ ਦਾ ਕਹਿਰ ਜਾਰੀ, ‘ਆਪ’ ਸਰਕਾਰ ਨਸ਼ਾ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ: ਕੇਵਲ ਸਿੰਘ ਢਿੱਲੋਂ
ਆਪ’ ਸਰਕਾਰ ਕਾਰਵਾਈ ਕਰਨ ਦੀ ਬਜਾਏ ਸਿਰਫ਼ ਬਿਆਨਬਾਜ਼ੀ ਅਤੇ ਇਸ਼ਤਿਹਾਰਬਾਜ਼ੀ ਤੱਕ ਸੀਮਤ: ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ: 3 ਅਕਤੂਬਰ 2026 (ਦੀ ਪੰਜਾਬ ਵਾਇਰ)– ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਸ ’ਤੇ ਕਾਬੂ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇਹ ਗੱਲ ਭਾਜਪਾ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿੱਚ ਸਾਹਮਣੇ ਆ ਰਹੀਆਂ ਨਸ਼ੇ ਨਾਲ ਸਬੰਧਤ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਹੀ।
ਉਨ੍ਹਾਂ ਕਿਹਾ ਕਿ ਸੁਨਾਮ ਵਿਧਾਨ ਸਭਾ ਹਲਕੇ ਵਿੱਚ ਇੱਕੋ ਪਰਿਵਾਰ ਦੇ ਦੋ ਨੌਜਵਾਨ ਪੁੱਤਰਾਂ ਦਾ ਨਸ਼ੇ ਦੀ ਲਪੇਟ ਵਿੱਚ ਆ ਕੇ ਮੌਤ ਦਾ ਸ਼ਿਕਾਰ ਹੋਣਾ ਬੇਹੱਦ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਇੱਕ ਪਰਿਵਾਰ ਦੇ ਦੋ ਨੌਜਵਾਨਾਂ ਦਾ ਚਿੱਟੇ ਦੀ ਭੇਟ ਚੜ੍ਹ ਜਾਣਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਪੰਜਾਬ ਵਿੱਚ ਨਸ਼ਾ ਅਜੇ ਵੀ ਇੱਕ ਵੱਡੀ ਅਤੇ ਗੰਭੀਰ ਸਮੱਸਿਆ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬਠਿੰਡਾ ਸ਼ਹਿਰ ਵਿੱਚ ਇੱਕ ਨੌਜਵਾਨ ਲੜਕੀ ਦਾ ਨਸ਼ੇ ਦੀ ਹਾਲਤ ਵਿੱਚ ਨਜ਼ਰ ਆਉਣਾ ਹੋਰ ਵੀ ਚਿੰਤਾਜਨਕ ਹੈ। ਪੰਜਾਬ ਦੇ ਨੌਜਵਾਨਾਂ ਤੋਂ ਬਾਅਦ ਹੁਣ ਲੜਕੀਆਂ ਦਾ ਵੀ ਨਸ਼ੇ ਦੀ ਲਪੇਟ ਵਿੱਚ ਆਉਣਾ ਸੂਬੇ ਲਈ ਵੱਡੇ ਖਤਰੇ ਦੀ ਘੰਟੀ ਹੈ। ਸਰਕਾਰ ਇਸ ਗੰਭੀਰ ਸਥਿਤੀ ਨੂੰ ਸਿਰਫ਼ ਸਿਆਸੀ ਬਿਆਨਬਾਜ਼ੀ ਦਾ ਮੁੱਦਾ ਬਣਾਉਣ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰੇ। ਢਿੱਲੋਂ ਨੇ ਸਵਾਲ ਕਰਦਿਆਂ ਕਿਹਾ ਕਿ ਸਰਕਾਰ ਸਪਲਾਈ ਲਾਈਨ ਨੂੰ ਤੋੜਨ ਅਤੇ ਵੱਡੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਫੋਕੀ ਬਿਆਨਬਾਜ਼ੀ ਅਤੇ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਨੂੰ ਦਿੱਤਾ ਗਿਆ ‘ਬਦਲਾਅ’ ਦਾ ਨਾਅਰਾ ਪੰਜਾਬ ਦੇ ਲੋਕਾਂ ਨੂੰ ਇੰਨਾ ਮਹਿੰਗਾ ਪਵੇਗਾ, ਇਹ ਕਿਸੇ ਨੇ ਸੋਚਿਆ ਵੀ ਨਹੀਂ ।
ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਮਕਸਦ ਨਾਲ ਭਾਜਪਾ ਵੱਲੋਂ ਪੰਜਾਬ ਵਿੱਚ 13 ਦਿਨਾਂ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੀ ਕੱਢੀ ਗਈ, ਜਿਸ ਰਾਹੀਂ ਲੋਕਾਂ ਨੂੰ ਨਸ਼ੇ ਦੇ ਖ਼ਿਲਾਫ਼ ਲਾਮਬੰਦ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਕਲਪ ਲਿਆ ਗਿਆ।
ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਵੀ ਪੰਜਾਬ ਵਿੱਚੋਂ ਨਸ਼ੇ ਦਾ ਖਾਤਮਾ ਕਰਨ ਲਈ ਨਿਰਧਾਰਤ ਸਮਾਂ-ਸੀਮਾ ਅੰਦਰ ਠੋਸ ਕਾਰਵਾਈ ਕਰਨ ਦਾ ਸੰਕਲਪ ਲਿਆ ਹੈ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ‘ਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਐਲਾਨ ਵੀ ਕੀਤਾ ਹੈ । ਪੰਜਾਬ ਦੇ ਲੋਕਾਂ ਨੂੰ ਹੁਣ ਸਮਝ ਆ ਚੁੱਕੀ ਹੈ ਕਿ ਨਸ਼ੇ ਵਰਗੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਨਾਅਰੇ, ਇਸ਼ਤਿਹਾਰ ਅਤੇ ਸਿਆਸੀ ਬਿਆਨ ਕਾਫ਼ੀ ਨਹੀਂ ਹਨ। ਇਸ ਲਈ ਸਖ਼ਤ ਕਾਨੂੰਨੀ ਕਾਰਵਾਈ, ਨਸ਼ਾ ਤਸਕਰਾਂ ਖ਼ਿਲਾਫ਼ ਪ੍ਰਭਾਵਸ਼ਾਲੀ ਮੁਹਿੰਮ, ਨੌਜਵਾਨਾਂ ਲਈ ਪੁਨਰਵਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਨਸ਼ੇ ਦੇ ਖ਼ਿਲਾਫ਼ ਇਸ ਲੜਾਈ ਵਿੱਚ ਭਾਜਪਾ ’ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।