ਗੁਰਦਾਸਪੁਰ

ਨਸ਼ਾ ਪੰਜਾਬ ਦਾ ਦੁਸ਼ਮਣ, ਹਰ ਪੰਜਾਬੀ ਬਣੇਗਾ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਧਾ : ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਨਸ਼ਾ ਪੰਜਾਬ ਦਾ ਦੁਸ਼ਮਣ, ਹਰ ਪੰਜਾਬੀ ਬਣੇਗਾ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਧਾ : ਚੇਅਰਮੈਨ ਜਗਰੂਪ ਸਿੰਘ ਸੇਖਵਾਂ
  • PublishedMay 21, 2025

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਹਲਕਾ ਕਾਦੀਆਂ ਵਿੱਚ ਨਸ਼ਾ ਮੁਕਤੀ ਯਾਤਰਾ ਜਾਰੀ

ਗੁਰਦਾਸਪੁਰ, 21 ਮਈ 2025 (ਦੀ ਪੰਜਾਬ ਵਾਇਰ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧਮੁਹਿੰਮ ਵਿੱਚ ਆਪਣਾ ਪੂਰਾ ਸਹਿਯੋਗ ਕਰਨ ਤਾਂ ਜੋ ਅਸੀਂ ਆਪਣੇ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰ ਸਕੀਏ। ਉਨ੍ਹਾਂ ਕਿਹਾ ਕਿ ਨਸ਼ਾ ਪੰਜਾਬ ਦਾ ਦੁਸ਼ਮਣ ਹੈ ਅਤੇ ਨਸ਼ਿਆਂ ਵਿਰੁੱਧ ਇਸ ਯੁੱਧ ਵਿੱਚ ਹਰ ਪੰਜਾਬੀ ਯੋਧੇ ਦੀ ਭੂਮਿਕਾ ਨਿਭਾਵੇਗਾ।

ਇਹ ਪ੍ਰਗਟਾਵਾ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਭੈਣੀ ਮੀਆਂ ਖਾਂ ਅਤੇ ਮੇਹੜੇ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦਿਆਂ ਜਨਤਕ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਚੱਲ ਰਹੀ ਇਹ ਇਤਿਹਾਸਕ ਮੁਹਿੰਮ ਨਸ਼ੇ ਦੇ ਖ਼ਾਤਮੇ ਦੀ ਦਿਸ਼ਾ ਵਿਚ ਇਕ ਨਿਰਣਾਇਕ ਕਦਮ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ੇ ਦੇ ਗੰਭੀਰ ਮਸਲੇ ਨੂੰ ਰਾਜਨੀਤਿਕ ਲਾਭ ਲਈ ਨਜ਼ਰਅੰਦਾਜ਼ ਕੀਤਾ, ਜਿਸ ਵਿਚ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਹਨੇਰਾ ਹੋਇਆ ਸੀ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧਹੁਣ ਇਕ ਸਰਕਾਰੀ ਪ੍ਰੋਗਰਾਮ ਨਹੀਂ ਬਲਕਿ ਲੋਕ ਲਹਿਰ ਵਾਲਾ ਅੰਦੋਲਨ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਅਤੇ ਸਮਾਜ ਲਈ ਯੁੱਧ ਲੜੇ ਹਨ ਪਰੰਤੂ ਹੁਣ ਇਹ ਯੁੱਧ ਸਮਾਜ ਦੇ ਸਭ ਤੋਂ ਵੱਡੇ ਦੁਸ਼ਮਣ ਨਸ਼ੇਖ਼ਿਲਾਫ਼ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਨਾਲ ਹੀ ਨਸ਼ਾ ਛੱਡਣ ਵਾਲਿਆਂ ਲਈ ਮੁੜ ਵਸੇਬਾ ਕੇਂਦਰਾਂ ਵਿਚ ਸੁਵਿਧਾਵਾਂ ਵਧਾਈਆਂ ਜਾ ਰਹੀਆਂ ਹਨ ਤਾਂ ਜੋ ਉਹ ਸਨਮਾਨਜਨਕ ਜੀਵਨ ਦੁਬਾਰਾ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਨਸ਼ਾ ਮੁਕਤ ਪੰਜਾਬ ਹੈ ਅਤੇ ਇਸ ਲਈ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜਨ ਸਭਾਵਾਂ ਵਿੱਚ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਹਾਜ਼ਰੀਨ ਨੂੰ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿੱਚ ਸਾਥ ਦੇਣ ਦੀ ਸਹੁੰ ਵੀ ਚੁਕਾਈ ਗਈ। 

ਇਸ ਮੌਕੇ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ੍ਰੀਮਤੀ ਜ਼ੀਨਤ ਖੈਹਿਰਾ, ਬੀ.ਡੀ.ਪੀ.ਓ. ਸੁਖਜੀਤ ਸਿੰਘ ਬਾਜਵਾ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਹੋਰ ਮੁਹਤਬਰ ਵੀ ਹਾਜ਼ਰ ਸਨ।

Written By
The Punjab Wire