ਕਿਸਾਨ ਵੀਰਾਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ, ਫਸਲ ਦਾ ਦਾਣਾ-ਦਾਣਾ ਪੂਰੀ ਕੀਮਤ ’ਤੇ ਬਿਨਾਂ ਕਿਸੇ ਕਟੌਤੀ ਤੋਂ ਖਰੀਦਿਆ ਜਾਵੇਗਾ: ਰਮਨ ਬਹਿਲ
ਕਿਸਾਨ ਖੁਸ਼ਹਾਲ ਹੋਵੇਗਾ ਤਾਂ ਹੀ ਬਾਜ਼ਾਰਾਂ ਦੀਆਂ ਰੌਣਕਾਂ ਬਰਕਰਾਰ ਰਹਿਣਗੀਆਂ, ਕਿਸਾਨ ਅੰਨਦਾਤਾ ਹੈ: ਰਮਨ ਬਹਿਲ
ਗੁਰਦਾਸਪੁਰ, 6 ਅਕਤੂਬਰ 2026 (ਦੀ ਪੰਜਾਬ ਵਾਇਰ)। ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਅੱਜ ਐੱਸ.ਡੀ.ਐੱਮ. ਗੁਰਦਾਸਪੁਰ ਅਸ਼ੋਕ ਕੁਮਾਰ ਸਮੇਤ ਦਾਣਾ ਮੰਡੀ ਗੁਰਦਾਸਪੁਰ ਅਤੇ ਹਰਦੋਛੰਨੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਰਮਨ ਬਹਿਲ ਨੇ ਮੰਡੀ ਵਿੱਚ ਪਹੁੰਚੇ ਝੋਨੇ ਦੀ ਨਮੀ ਦੀ ਜਾਂਚ ਵੀ ਕਰਵਾਈ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਨਿਰਵਿਘਨ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਅੱਜ ਮੰਡੀਆਂ ਵਿੱਚ ਆਉਣ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨ ਵੀਰਾਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਨਾ ਹੋਵੇ ਅਤੇ ਉਨ੍ਹਾਂ ਦੀ ਮਿਹਨਤ ਨਾਲ ਪੈਦਾ ਕੀਤੀ ਫਸਲ ਦੀ ਪੂਰੀ ਕੀਮਤ ਉਨ੍ਹਾਂ ਨੂੰ ਬਿਨਾਂ ਕਿਸੇ ਕਟੌਤੀ ਦੇ ਮਿਲੇ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਫਸਲ ਦੀ ਪੂਰੀ ਕੀਮਤ ਨਾ ਮਿਲਣ ਸਬੰਧੀ ਜੋ ਸ਼ਿਕਾ ਜਾਂ ਰੋਸ ਪ੍ਰਗਟਾਇਆ ਜਾ ਰਿਹਾ ਸੀ, ਉਸ ਨੂੰ ਦੂਰ ਕਰਨਾ ਬਹੁਤ ਜ਼ਰੂਰੀ ਹੈ। ਕਿਸਾਨ ਦੇ ਮਨ ਵਿੱਚ ਆਪਣੀ ਫਸਲ ਨੂੰ ਲੈ ਕੇ ਕਿਸੇ ਕਿਸਮ ਦਾ ਡਰ ਜਾਂ ਭੈਅ ਨਹੀਂ ਹੋਣਾ ਚਾਹੀਦਾ।

ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਹੀ ਬਾਜ਼ਾਰਾਂ ਦੀਆਂ ਰੌਣਕਾਂ ਵੀ ਬਰਕਰਾਰ ਰਹਿਣਗੀਆਂ ਅਤੇ ਪੂਰੀ ਆਰਥਿਕਤਾ ਨੂੰ ਇਸ ਦਾ ਲਾਭ ਮਿਲੇਗਾ।
ਉਨ੍ਹਾਂ ਸਪੱਸ਼ਟ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਖਰੀਦ ਕੀਤੀ ਜਾਵੇਗੀ ਅਤੇ ਕਿਸਾਨਾਂ ਦੀ ਫਸਲ ਦੀ ਕੀਮਤ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਵਾਜਬ ਕਟੌਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸਰਕਾਰ ਵੱਲੋਂ ਨਿਰਧਾਰਿਤ ਨਿਯਮਾਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨੂੰ ਕਿਹਾ ਕਿ ਮੰਡੀ ਵਿੱਚ ਆਉਣ ਵਾਲੀ ਫਸਲ ਦੀ ਨਾਲੋਂ-ਨਾਲ ਖਰੀਦ ਕੀਤੀ ਜਾਵੇ ਅਤੇ ਨਿਰਧਾਰਿਤ ਮਾਪਦੰਡ ਪੂਰੇ ਕਰਨ ਵਾਲੇ ਝੋਨੇ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਵੀ ਨਾਲੋਂ-ਨਾਲ ਯਕੀਨੀ ਬਣਾਈ ਜਾਵੇ ਤਾਂ ਜੋ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਲਿਆਉਣ ਸਮੇਂ ਜਗ੍ਹਾ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਨਮੀ ਸਰਕਾਰ ਵੱਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੋਵੇ ਅਤੇ ਉਸ ਦੀ ਤੁਰੰਤ ਖਰੀਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਬੇਲੋੜਾ ਇੰਤਜ਼ਾਰ ਨਾ ਕਰਨਾ ਪਵੇ, ਇਸ ਲਈ ਪ੍ਰਸ਼ਾਸਨ ਅਤੇ ਖਰੀਦ ਏਜੰਸੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਅਸ਼ੋਕ ਕੁਮਾਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ, ਲਿਫਟਿੰਗ ਅਤੇ ਹੋਰ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਝੋਨੇ ਦੀ ਖਰੀਦ ਤੁਰੰਤ ਹੋ ਸਕੇ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗੁਰਦਾਸਪੁਰ ਗਗਨਦੀਪ ਸਿੰਘ ਬਮਰਾਹ, ਚੇਅਰਮੈਨ ਬਲਾਕ ਸੰਮਤੀ ਗੁਰਦਾਸਪੁਰ ਰਣਜੀਤ ਸਿੰਘ ਰਾਣਾ, ਖਰੀਦ ਏਜੰਸੀ ਮਾਰਕਫੈੱਡ ਅਤੇ ਪਨਗ੍ਰੇਨ ਦੇ ਨੁਮਾਇੰਦੇ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਰਣਜੀਤ ਸਿੰਘ ਹਮਰਾਜਪੁਰ ਅਤੇ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ ਵੀ ਹਾਜ਼ਰ ਸਨ।