40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ, 8 ਅਕਤੂਬਰ 2026 (ਦੀ ਪੰਜਾਬ ਵਾਇਰ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਨਿੱਜੀ ਲੋੜ ਲਈ ਅਮਿਤ ਕੁਮਾਰ ਨਾਮਕ ਆਪਣੇ ਜਾਣ-ਪਛਾਣ ਵਾਲੇ ਵਿਅਕਤੀ, ਜੋ ਕਿ ਰੇਲਵੇ ਕਰਮਚਾਰੀ ਹੈ, ਨੂੰ ਕੁਝ ਪੈਸੇ ਦਿੱਤੇ ਸਨ। ਜਦੋਂ ਸ਼ਿਕਾਇਤਕਰਤਾ ਨੂੰ ਉਸਦੇ ਪੈਸੇ ਵਾਪਸ ਨਾ ਮਿਲੇ ਤਾਂ ਉਸਨੇ ਅਮਿਤ ਕੁਮਾਰ ਤੋਂ ਪੈਸੇ ਵਸੂਲਣ ਲਈ ਅਦਾਲਤ ਵਿੱਚ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ। ਜਿਸ ਸਬੰਧੀ ਫਿਰੋਜ਼ਪੁਰ ਅਦਾਲਤ ਨੇ ਰੇਲਵੇ ਵਿਭਾਗ ਨੂੰ ਹੁਕਮ ਜਾਰੀ ਕਰਕੇ ਕਿਹਾ ਸੀ ਕਿ ਅਮਿਤ ਕੁਮਾਰ ਦੀ ਤਨਖਾਹ ਦਾ ਇੱਕ-ਤਿਹਾਈ (1/3) ਹਿੱਸਾ ਕੱਟ ਕੇ ਸ਼ਿਕਾਇਤਕਰਤਾ ਹਰਦੀਪ ਸਿੰਘ ਨੂੰ ਅਦਾ ਕੀਤਾ ਜਾਵੇ। ਉਕਤ ਕਟੌਤੀ ਕਰਨ ਅਤੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਬਦਲੇ, ਮੁਲਜ਼ਮ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੇ ਸ਼ਿਕਾਇਤ ਕਰਤਾ 40,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ।
ਰਿਸ਼ਵਤ ਦੇਣ ਤੋਂ ਅਸਹਿਮਤ , ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਅਧਿਕਾਰੀ ਪੰਕਜ ਭਾਰਦਵਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ।
ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।