ਗੁਰਦਾਸਪੁਰ ਜ਼ਿਲ੍ਹੇ ਵਿੱਚ 250 ਪਿੰਡ ਪੱਧਰੀ ਅਤੇ 40 ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ
3 ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕਰ ਰਹੀਆਂ ਹਨ ਜਾਗਰੂਕ
ਇਸ ਸਾਲ ਕਿਸਾਨਾਂ ਵੱਲੋਂ ਸਬਸਿਡੀ ’ਤੇ 1600 ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਕੀਤੀ
ਗੁਰਦਾਸਪੁਰ, 9 ਅਕਤੂਬਰ 2026 (ਮੰਨਨ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਜ਼ਿਲ੍ਹਾ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਸ਼ਹਿਬਾਜ਼ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਆਈ.ਈ.ਸੀ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੀ.ਐਚ.ਸੀ ਕਾਹਨੂੰਵਾਨ ਵਿਖੇ ਪਰਾਲੀ ਪ੍ਰਬੰਧਨ ਤਹਿਤ ਸਮੂਹ ਬਲਾਕ ਦੀ ਆਸ਼ਾ ਵਰਕਰਾਂ ਨਾਲ ਕੈਂਪ ਲਗਾਇਆ ਗਿਆ, ਜਿਸ ਵਿੱਚ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤੇ ਮਨੁੱਖੀ ਜੀਵਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਆਪਣੇ ਕੰਮਾਂ ਦੇ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਲਈ ਪ੍ਰਚਾਰ ਕਰਨ ਲਈ ਕਿਹਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਪਿੰਡਾਂ ਵਿੱਚ 250 ਜਾਗਰੂਕਤਾ ਕੈਂਪ, ਬਲਾਕ ਪੱਧਰ ‘ਤੇ 40 ਅਤੇ ਜ਼ਿਲ੍ਹਾ ਪੱਧਰ ‘ਤੇ ਬਟਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ 3 ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਤਕਨੀਕਾਂ ਅਪਣਾਉਣ ਲਈ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਅਤੇ ਸਰਪੰਚਾਂ ਨਾਲ ਕੈਂਪ ਲਗਾਉਣ ਤੋਂ ਇਲਾਵਾ ਸਕੂਲਾਂ ਵਿੱਚ ਵੀ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਧਾਰਮਿਕ ਅਸਥਾਨਾਂ ਰਾਹੀਂ ਜਾਗਰੂਕਤਾ ਘੋਸ਼ਣਾਵਾਂ ਕਰਵਾਕੇ ਲੋਕਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ ਕਿਸਾਨ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ) ਮਸ਼ੀਨਰੀ ਨੂੰ ਅਪਣਾਉਣ ਵੱਲ ਵੀ ਉਤਸ਼ਾਹਿਤ ਹੋ ਰਹੇ ਹਨ। ਇਸ ਸਾਲ ਕਿਸਾਨਾਂ ਵੱਲੋਂ ਸਬਸਿਡੀ ਅਧੀਨ 1600 ਸੀ.ਆਰ.ਐਮ ਮਸ਼ੀਨਾਂ ਖਰੀਦੀਆਂ ਗਈਆਂ ਹਨ, ਜਿਸ ’ਤੇ ਲਗਭਗ 35 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਇਹ ਮਸ਼ੀਨਰੀ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ ਅਤੇ ਇਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।
ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਉਣ ਸਗੋਂ ਇਸ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ। ਉਹਨਾਂ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਪਤਾ ਹੀ ਹੈ ਕਿ ਪਰਾਲੀ ਦੇ ਧੂੰਏ ਨਾਲ ਪੈਦਾ ਹੋਣ ਵਾਲੀਆਂ ਜਹਰੀਲੀ ਗੈਸਾਂ ਸਾਡੀ ਜ਼ਿੰਦਗੀ ਤੇ ਕਿੰਨਾ ਅਸਰ ਪਾਉਂਦੀਆਂ ਹਨ। ਸੋ ਜੇਕਰ ਅਸੀਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਜਾਈ ਕਰਦੇ ਹਾਂ ਤਾਂ ਉਸ ਨਾਲ ਸਾਡੇ ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਅਤੇ ਸਾਡਾ ਵਾਤਾਵਰਨ ਵੀ ਪ੍ਰਦੂਸ਼ਿਤ ਨਹੀਂ ਹੁੰਦਾ।