ਪੰਜਾਬ ਸਰਕਾਰ ਨੇ ਧਾਰੀਵਾਲ ਦੇ ਐੱਸ.ਟੀ.ਪੀ. ਲਈ ਜਗ੍ਹਾ ਦੀ ਖ਼ਰੀਦ ਲਈ 82.58 ਲੱਖ ਰੁਪਏ ਮਨਜ਼ੂਰ ਕੀਤੇ
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ
ਗੁਰਦਾਸਪੁਰ, 27 ਮਈ 2025 (ਦੀ ਪੰਜਾਬ ਵਾਇਰ)। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਸ. ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਧਾਰੀਵਾਲ ਸ਼ਹਿਰ ਨੂੰ ਜਲਦੀ ਹੀ ਸੀਵਰੇਜ ਟਰੀਟਮੈਂਟ ਪਲਾਂਟ ਦਾ ਤੋਹਫ਼ਾ ਮਿਲਣ ਜਾ ਰਿਹਾ ਹੈ। ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ ਕਰਕੇ ਧਾਰੀਵਾਲ ਸ਼ਹਿਰ ਲਈ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦੀ ਮੰਗ ਕੀਤੀ ਸੀ, ਜਿਸ ਲਈ ਜਗ੍ਹਾ ਦੀ ਖ਼ਰੀਦ ਲਈ ਪੰਜਾਬ ਸਰਕਾਰ ਵੱਲੋਂ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਸੂਬਾ ਸਰਕਾਰ ਵੱਲੋਂ ਨਗਰ ਕੌਂਸਲ ਧਾਰੀਵਾਲ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਲਈ ਜਗ੍ਹਾ ਦੀ ਖ਼ਰੀਦ ਲਈ ਐੱਮ.ਡੀ.ਐੱਫ਼. ਸਕੀਮ ਅਧੀਨ ਫ਼ੰਡ ਜਾਰੀ ਕਰ ਦਿੱਤੇ ਹਨ, ਜਿਸ ਦਾ ਮਨਜ਼ੂਰੀ ਪੱਤਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੂੰ ਸੌਂਪ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐੱਮ.ਡੀ.ਐੱਫ. ਸਕੀਮ ਅਧੀਨ ਵਿਕਾਸ ਦੇ ਕੰਮਾਂ ਲਈ ਸਾਲ-2025-26 ਦੌਰਾਨ ਪਬਲਿਕ ਹਿਤ ਵਿੱਚ ਨਗਰ ਕੌਂਸਲ ਧਾਰੀਵਾਲ ਨੂੰ ਐੱਸ.ਟੀ.ਪੀ. ਲਗਾਉਣ ਲਈ ਜਗ੍ਹਾ ਦੀ ਖ਼ਰੀਦ ਕਰਨ ਸਬੰਧੀ 82,58,712 ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਜਲਦੀ ਹੀ ਧਾਰੀਵਾਲ ਸ਼ਹਿਰ ਲਈ ਐੱਸ.ਟੀ.ਪੀ. ਲਗਾਉਣ ਲਈ ਜਗ੍ਹਾ ਦੀ ਖ਼ਰੀਦ ਕੀਤੀ ਜਾਵੇਗੀ ਅਤੇ ਉਪਰੰਤ ਐੱਸ.ਟੀ.ਪੀ. ਦਾ ਪ੍ਰੋਜੈਕਟ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਧਾਰੀਵਾਲ ਸ਼ਹਿਰ ਵਿਖੇ ਐੱਸ.ਟੀ.ਪੀ. ਦੀ ਬਹੁਤ ਲੋੜ ਸੀ ਅਤੇ ਉਨ੍ਹਾਂ ਵੱਲੋਂ ਇਸ ਮੰਗ ਦੀ ਪੂਰਤੀ ਲਈ ਲਗਾਤਾਰ ਪੰਜਾਬ ਸਰਕਾਰ ਨਾਲ ਰਾਬਤਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਲੱਗਣ ਨਾਲ ਧਾਰੀਵਾਲ ਸ਼ਹਿਰ ਦੇ ਸੀਵਰੇਜ ਸਿਸਟਮ ਵਿੱਚ ਸੁਧਾਰ ਆਵੇਗਾ ਅਤੇ ਸੀਵਰੇਜ ਦੇ ਪਾਣੀ ਨੂੰ ਟਰੀਟ ਕਰਕੇ ਪਾਣੀ ਦੀ ਸਿੰਚਾਈ ਲਈ ਵਰਤੋਂ ਕੀਤੀ ਜਾ ਸਕੇਗੀ।
ਪੰਜਾਬ ਸਰਕਾਰ ਵੱਲੋਂ ਧਾਰੀਵਾਲ ਸ਼ਹਿਰ ਲਈ ਐੱਸ.ਟੀ.ਪੀ. ਲਈ ਜਗ੍ਹਾ ਦੀ ਖ਼ਰੀਦ ਲਈ 82,58,712 ਰੁਪਏ ਦੀ ਰਾਸ਼ੀ ਜਾਰੀ ਕਰਨ ‘ਤੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ ਹੈ।