Close

Recent Posts

ਪੰਜਾਬ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ
  • PublishedOctober 12, 2026

ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣੋ: ਕੈਬਨਿਟ ਮੰਤਰੀ

ਚੰਡੀਗੜ੍ਹ, 12 ਅਕਤੂਬਰ 2026 (ਦੀ ਪੰਜਾਬ ਵਾਇਰ)– ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਆਜ਼ਾਦੀ ਘੁਲਾਟੀਏ ਵਿਭਾਗ ਦੇ ਮੰਤਰੀ ਮੋਹਿੰਦਰ ਭਗਤ ਨੇ ਹਾਲ ਹੀ ਵਿੱਚ ਡੇਰਾਬੱਸੀ ਦੇ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਮੰਤਰੀ ਮੋਹਿੰਦਰ ਭਗਤ ਨੇ ਵਿਦਿਆਰਥੀਆਂ ਦੇ ਹੁਨਰ, ਆਤਮਵਿਸ਼ਵਾਸ ਅਤੇ ਰਚਨਾਤਮਕਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਸਖ਼ਤ ਮਿਹਨਤ ਕਰਨ ਅਤੇ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ, ਕਦਰਾਂ-ਕੀਮਤਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲੇ ਜ਼ਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ।

ਮੰਤਰੀ ਨੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਰਚਨਾਤਮਕਤਾ, ਆਤਮ-ਵਿਸ਼ਵਾਸ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਪ੍ਰਗਟਾਉਣ ਲਈ ਮੰਚ ਪ੍ਰਦਾਨ ਕਰਨ ਸਬੰਧੀ ਸਕੂਲ ਦੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।

‘ਤਰੰਗ: ਵੇਵਜ਼ ਆਫ਼ ਟੈਲੈਂਟ‘ ਵਿਸ਼ੇ ‘ਤੇ ਆਧਾਰਿਤ ਸਾਲਾਨਾ ਸਮਾਗਮ ਦੌਰਾਨ ਸੰਗੀਤ, ਨਾਚ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵਾਲੇ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤੇ ਗਏ। ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਗਾਇਨ ਨਾਲ ਹੋਈ, ਜਿਸ ਤੋਂ ਬਾਅਦ ਮਨਮੋਹਕ ਸੰਗੀਤਕ ਪੇਸ਼ਕਾਰੀਆਂ ਅਤੇ ਵੱਖ-ਵੱਖ ਸੂਬਿਆਂ ਦੇ ਰਵਾਇਤੀ ਨਾਚ ਪੇਸ਼ ਕੀਤੇ ਗਏ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਦੇਸ਼-ਭਗਤੀ, ਸੱਭਿਆਚਾਰਕ ਵਿਭਿੰਨਤਾ ਅਤੇ ਮਹੱਤਵਪੂਰਨ ਸਮਾਜਿਕ ਸੰਦੇਸ਼ ਦਿੱਤੇ ਗਏ।

ਇਸ ਮੌਕੇ, ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਨੇ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੰਸਥਾ ਵਿੱਚ ਭਰੋਸਾ ਪ੍ਰਗਟਾਉਣ ਅਤੇ ਲਗਾਤਾਰ ਸਹਿਯੋਗ ਦੇਣ ਲਈ ਮਾਪਿਆਂ ਦਾ ਵੀ ਧੰਨਵਾਦ ਕੀਤਾ।

ਸਕੂਲ ਪ੍ਰਬੰਧਨ ਨੇ ਆਪਣੇ ਬੁਨਿਆਦੀ ਢਾਂਚੇ ਦੇ ਵਿਕਾਸ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਅਕ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਨੂੰ ਡੇਰਾਬੱਸੀ ਵਿੱਚ ਇੱਕ ਮੋਹਰੀ ਵਿਦਿਅਕ ਸੰਸਥਾ ਵਜੋਂ ਸਥਾਪਤ ਕਰਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

Written By
The Punjab Wire