ਨਸ਼ਿਆਂ ਦੇ ਖ਼ਾਤਮੇ ਲਈ ਅਹਿਮ ਉਪਰਾਲੇ ਵਜੋਂ ਉੱਭਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ – ਡਾ. ਅਰਸ਼ਦੀਪ ਸਿੰਘ
ਪਿੰਡ ਸੱਖੋਵਾਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੀਟਿੰਗ ਕੀਤੀ
ਗੁਰਦਾਸਪੁਰ, 14 ਅਕਤੂਬਰ 2026 (ਮੰਨਨ ਸੈਣੀ) ਡਾ. ਅਰਸ਼ਦੀਪ ਸਿੰਘ, ਜ਼ਿਲ੍ਹਾ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਗੁਰਦਾਸਪੁਰ ਵਲੋਂ ਪਿੰਡ ਸੱਖੋਵਾਲ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਅਨਮੋਲ ਰੰਧਾਵਾ ਵਾਈਸ ਕੁਆਰਡੀਨੇਟਰ ਅਤੇ ਨਸ਼ਾ ਮੁਕਤੀ ਮੋਰਚਾ ਟੀਮ ਦੇ ਮੈਂਬਰ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਅਰਸ਼ਦੀਪ ਸਿੰਘ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਸਾਂਝੀ ਜ਼ਿੰਮੇਵਾਰੀ ਹੈ ਅਤੇ ਅਸੀਂ ਮਿਲ ਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਾਂਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਲਾਹਨਤ ਦੇ ਜੜ੍ਹੋਂ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਹਿਮ ਉਪਰਾਲੇ ਵਜੋਂ ਉੱਭਰੀ ਹੈ।
ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਮੁੜ ਵਸੇਬਾ ਉਪਾਵਾਂ ਸਮੇਤ ਬਹੁ-ਮੰਤਵੀ ਪਹੁੰਚ ਨੂੰ ਅਪਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਇਸ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜੋ ਨੌਜਵਾਨਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਿੱਚ ਮਹੱਤਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਚਲਾਈ ਗਈ 551 ਦਿਨਾਂ ਦੀ ਇਸ ਮੁਹਿੰਮ ਦੌਰਾਨ 76000 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਅਗਲੇ ਪੜਾਅ ਦੌਰਾਨ ਨਸ਼ਾ ਮੁਕਤੀ ਮੋਰਚਾ ਮੈਂਬਰਾਂ ਵਲੋਂ ਹਰੇਕ ਪਿੰਡ ਅਤੇ ਵਾਰਡ ਵਿੱਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਇਸ ਮੌਕੇ ਹੋਰਨਾਂ ਬੁਲਾਰਿਆਂ ਵੱਲੋਂ ਵੀ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਆਪਣੇ-ਆਪਣੇ ਪਿੰਡਾਂ ਤੇ ਵਾਰਡਾਂ ਵਿੱਚ ਸਰਗਰਮ ਰਹਿ ਕੇ ਲੋਕਾਂ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ ਗਿਆ।