ਐਸ.ਡੀ.ਐਮ. ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ, ਅਨੁਸ਼ਾਸਨ ਅਤੇ ਨਸ਼ਾ-ਮੁਕਤ ਜੀਵਨ ਦਾ ਸੰਦੇਸ਼
ਸਮਾਜਿਕ ਬੁਰਾਈ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਖੁਦ ਜਾਗਰੂਕ ਹੋਣ ਦੇ ਨਾਲ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ ਦੀ ਅਹਿਮ ਲੋੜ
ਦੀਨਾਨਗਰ, 15 ਅਕਤੂਬਰ 2026 (ਮੰਨਨ ਸੈਣੀ)– ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦੀਨਾਨਗਰ (ਲੜਕੇ) ਵਿਖੇ ਕਲਾਸ 12ਵੀਂ ਦੇ ਵਿਦਿਆਰਥੀਆਂ ਲਈ ਇੱਕ ਪ੍ਰੇਰਣਾਦਾਇਕ ਅਤੇ ਇੰਟਰੈਕਸ਼ਨ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਦੀਨਾਨਗਰ ਗਗਨਦੀਪ ਸਿੰਘ, ਪੀ.ਸੀ.ਐਸ. ਨੇ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਨੂੰ ਆਪਣੇ ਭਵਿੱਖ ਪ੍ਰਤੀ ਗੰਭੀਰ ਹੋਣ, ਉੱਚੇ ਟੀਚੇ ਨਿਰਧਾਰਤ ਕਰਨ ਅਤੇ ਮਿਹਨਤ ਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਇੰਟਰੈਕਸ਼ਨ ਦੌਰਾਨ ਵਿਦਿਆਰਥੀਆਂ ਵੱਲੋਂ ਆਪਣੇ ਕਰੀਅਰ, ਸਿੱਖਿਆ, ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਭਵਿੱਖ ਨਾਲ ਸਬੰਧਤ ਵੱਖ-ਵੱਖ ਸਵਾਲ ਪੁੱਛੇ ਗਏ। ਗਗਨਦੀਪ ਸਿੰਘ, ਵੱਲੋਂ ਵਿਦਿਆਰਥੀਆਂ ਦੇ ਸਵਾਲਾਂ ਦੇ ਬੜੇ ਹੀ ਪ੍ਰਭਾਵਸ਼ਾਲੀ, ਸਹਿਜ ਅਤੇ ਵਿਹਾਰਕ ਢੰਗ ਨਾਲ ਜਵਾਬ ਦਿੱਤੇ ਗਏ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਸਮਾਜਿਕ ਬੁਰਾਈ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਖੁਦ ਜਾਗਰੂਕ ਹੋਣ ਦੇ ਨਾਲ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ ਦੀ ਅਹਿਮ ਲੋੜ ਹੈ।
ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨਸ਼ਾ-ਮੁਕਤ ਅਤੇ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਟੀਚੇ ਨਿਰਧਾਰਤ ਕਰਕੇ ਉਨ੍ਹਾਂ ਵਿਅਕਤੀਆਂ ਦੀ ਜ਼ਿੰਦਗੀ ਤੋਂ ਸੇਧ ਲੈਣੀ ਚਾਹੀਦੀ ਹੈ, ਜਿਨ੍ਹਾਂ ਨੇ ਆਪਣੀ ਮਿਹਨਤ, ਲਗਨ ਅਤੇ ਸੰਘਰਸ਼ ਸਦਕਾ ਜੀਵਨ ਵਿੱਚ ਵਿਸ਼ੇਸ਼ ਮੁਕਾਮ ਹਾਸਲ ਕੀਤਾ ਹੈ।
ਇਸ ਤੋਂ ਪਹਿਲਾਂ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਜਸਕਰਨਜੀਤ ਸਿੰਘ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਵੱਲੋਂ ਦੋਵਾਂ ਸਨਮਾਨਿਤ ਮਹਿਮਾਨਾਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਇਸ ਮੌਕੇ ਬਲਾਕ ਗਾਈਡੈਂਸ ਕੌਂਸਲਰ ਅਸ਼ਵਨੀ ਕੁਮਾਰ ਅਤੇ ਸਾਬਕਾ ਲੈਕਚਰਾਰ ਵਿਜੇ ਕੁਮਾਰ ਵੀ ਹਾਜ਼ਰ ਸਨ।