ਗੁਰਦਾਸਪੁਰ, 17 ਅਕਤੂਬਰ 2026 (ਮੰਨਨ ਸੈਣੀ)। ਗੁਰਦਾਸਪੁਰ ਡੀਸੀ ਦਫ਼ਤਰ ‘ਤੇ ਕਥਿਤ ਤੌਰ ‘ਤੇ ਗ੍ਰਨੇਡ ਨਾਲ ਹਮਲਾ ਕੀਤੇ ਜਾਣ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀਆਂ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਪੁਲਿਸ ਨੇ ਇਸ ਮਾਮਲੇ ਵਿੱਚ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਜਾਂ ਸ਼ੱਕੀ ਵਸਤੂ ਮਿਲਣ ਦੀ ਗੱਲ ਤੋਂ ਇਨਕਾਰ ਕੀਤਾ ਹੈ।
ਵਾਇਰਲ ਵੀਡੀਓ ਵਿੱਚ ਦਾਅਵਾ ਕੀਤਾ ਗਿਆ ਹੈ ਕਿ 16 ਅਕਤੂਬਰ ਨੂੰ ਦੇਰ ਰਾਤ 8:40 ਵਜੇ ਗੁਰਦਾਸਪੁਰ ਡੀਸੀ ਦਫ਼ਤਰ ‘ਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ। ਵੀਡੀਓ ਰਾਹੀਂ ਇਹ ਜ਼ਿੰਮੇਵਾਰੀ ਨਿਸ਼ਾਨ ਜੋੜੀਆ ਅਤੇ ਆਦੇਸ਼ ਜਾਮਾਰਾਏ ਦੇ ਕਹਿਣ ‘ਤੇ ਲਈ ਗਈ ਹੈ। ਇਸ ਦੇ ਨਾਲ ਹੀ ਚੇਤਾਵਨੀ ਦਿੰਦੇ ਹੋਏ ਪੁਲਿਸ ‘ਤੇ ਉਨ੍ਹਾਂ ਦੇ ਸਾਥੀਆਂ ਨੂੰ ਨਜਾਇਜ਼ ਤੌਰ ‘ਤੇ ਚੁੱਕ ਕੇ ਐਨਕਾਉਂਟਰ ਕਰਨ ਦੇ ਗੰਭੀਰ ਦੋਸ਼ ਵੀ ਲਗਾਏ ਗਏ ਹਨ।

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹਰਕਤ ਵਿੱਚ ਆਈ ਗੁਰਦਾਸਪੁਰ ਪੁਲਿਸ ਨੇ ਤੁਰੰਤ ਐਕਸ਼ਨ ਲੈਂਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਐਂਟੀ-ਸੈਬੋਟੇਜ ਟੀਮ, ਡੌਗ ਸਕੁਐਡ ਅਤੇ ਬੰਬ ਸਕੁਐਡ ਦੇ ਨਾਲ ਮਿਲ ਕੇ ਇੱਕ ਵਿਆਪਕ ਸਰਚ ਆਪ੍ਰੇਸ਼ਨ ਚਲਾਇਆ। ਸੁਰੱਖਿਆ ਏਜੰਸੀਆਂ ਨੇ ਦਫ਼ਤਰ ਦੇ ਕੋਨੇ-ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਪੀ ਹੈਡਕੁਆਰਟਰ ਮਨਿੰਦਰਪਾਲ ਸਿੰਘ ਨੇ ਸਪੱਸ਼ਟ ਕੀਤਾ ਕਿ ਸਰਚ ਆਪ੍ਰੇਸ਼ਨ ਦੌਰਾਨ ਜਾਂਚ ਵਿੱਚ ਅਜਿਹਾ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਦਫ਼ਤਰ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਵਾਇਰਲ ਵੀਡੀਓ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਪੁਲਿਸ ਵੀਡੀਓ ਦੀ ਪ੍ਰਮਾਣਿਕਤਾ ਅਤੇ ਦਾਅਵਿਆਂ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।