ਪੰਜਾਬ

ਪੰਜਾਬ ਭਾਜਪਾ ਮਹਿਲਾ ਮੋਰਚੇ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਤੇਜ਼

ਪੰਜਾਬ ਭਾਜਪਾ ਮਹਿਲਾ ਮੋਰਚੇ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਤੇਜ਼
  • PublishedOctober 17, 2026

ਮਹਿਲਾ ਸੰਗਠਨ ਦੇ ਵਿਸਥਾਰ, ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਅਤੇ ਕੇਂਦਰ ਸਰਕਾਰ ਦੀਆਂ ਮਹਿਲਾਪੱਖੀ ਯੋਜਨਾਵਾਂ ਘਰ-ਘਰ ਪਹੁੰਚਾਉਣ ’ਤੇ ਦਿੱਤਾ ਜ਼ੋਰ

ਚੰਡੀਗੜ੍ਹ, 17 ਅਕਤੂਬਰ 2026 (ਦੀ ਪੰਜਾਬ ਵਾਇਰ )- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮਹਿਲਾ ਮੋਰਚੇ ਵੱਲੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰਨ ਅਤੇ ਮਹਿਲਾ ਮੋਰਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਮਹਿਲਾ ਮੋਰਚੇ ਦੀ ਇੱਕ ਅਹਿਮ ਬੈਠਕ ਸੂਬਾ ਪ੍ਰਧਾਨ ਜੈਇੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੰਗਠਨ ਦੇ ਵਿਸਥਾਰ, ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਬੈਠਕ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਭਾਜਪਾ ਪੰਜਾਬ ਦੀ ਸਹਿ-ਇੰਚਾਰਜ ਤੇ ਰਾਜ ਸਭਾ ਮੈਂਬਰ ਅਲਕਾ ਗੁੱਜਰ ਅਤੇ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਵੀ ਸ਼ਿਰਕਤ ਕੀਤੀ। ਬੈਠਕ ਦੌਰਾਨ ਮਹਿਲਾ ਮੋਰਚੇ ਦੀਆਂ ਭਵਿੱਖੀ ਗਤੀਵਿਧੀਆਂ ਦੀ ਰੂਪ-ਰੇਖਾ ਤਿਆਰ ਕਰਨ ਦੇ ਨਾਲ-ਨਾਲ ਸੰਗਠਨ ਨੂੰ ਜ਼ਿਲ੍ਹਾ, ਮੰਡਲ ਅਤੇ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਬਣਾਉਣ ਬਾਰੇ ਵੀ ਚਰਚਾ ਕੀਤੀ ਗਈ।

ਬੈਠਕ ਵਿੱਚ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵਾਂ ਨੂੰ ਸਮਝਣ ਲਈ ਮਹਿਲਾ ਮੋਰਚੇ ਦੀਆਂ ਗਤੀਵਿਧੀਆਂ ਦਾ ਘੇਰਾ ਵਧਾਇਆ ਜਾਵੇ । ਬੈਠਕ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਮਹਿਲਾਵਾਂ ਦੀ ਭਲਾਈ, ਸੁਰੱਖਿਆ, ਸਵੈ-ਨਿਰਭਰਤਾ ਅਤੇ ਸਸ਼ਕਤੀਕਰਨ ਨਾਲ ਸਬੰਧਤ ਨੀਤੀਆਂ ਤੇ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ’ਤੇ ਜ਼ੋਰ ਦਿੱਤਾ ਗਿਆ।

ਮਹਿਲਾ ਮੋਰਚੇ ਦੀਆਂ ਆਗੂਆਂ ਅਤੇ ਵਰਕਰਾਂ ਰਾਹੀਂ ਇਨ੍ਹਾਂ ਯੋਜਨਾਵਾਂ ਬਾਰੇ ਜਾਣਕਾਰੀ ਘਰ-ਘਰ ਪਹੁੰਚਾਉਣ ਅਤੇ ਮਹਿਲਾਵਾਂ ਨੂੰ ਇਨ੍ਹਾਂ ਦਾ ਲਾਭ ਲੈਣ ਲਈ ਜਾਗਰੂਕ ਕਰਨ ਦੀ ਯੋਜਨਾ ’ਤੇ ਵੀ ਵਿਚਾਰ ਕੀਤਾ ਗਿਆ।

ਇਸ ਮੌਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਿਲਾ ਮੋਰਚੇ ਦੀ ਭੂਮਿਕਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਲਿਜਾਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ । ਬੈਠਕ ਵਿੱਚ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ, ਮਹਿਲਾਵਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਨਾਲ ਜੁੜੇ ਮੁੱਦਿਆਂ ਨੂੰ ਉਚਿਤ ਮੰਚਾਂ ’ਤੇ ਉਠਾਉਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

Written By
The Punjab Wire