ਚੇਅਰਮੈਨ ਰਮਨ ਬਹਿਲ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਜਾਰੀ

ਪਿੰਡ ਪੀਰਾਂਬਾਗ, ਸਲੀਮਪੁਰ ਅਰਾਈਆਂ ਅਤੇ ਕੋਟਲੀ ਸ਼ਾਹਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੀਤੀਆਂ ਜਾਗਰੂਕਤਾ ਰੈਲੀਆਂ
ਗੁਰਦਾਸਪੁਰ, 04 ਜੂਨ 2025 (ਦੀ ਪੰਜਾਬ ਵਾਇਰ)– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਅਧੀਨ ਆਉਂਦੇ ਪਿੰਡਾਂ ਪੀਰਾਂਬਾਗ, ਸਲੀਮਪੁਰ ਅਰਾਈਆਂ ਅਤੇ ਕੋਟਲੀ ਸ਼ਾਹਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ, ਜਿਨ੍ਹਾਂ ਦੀ ਅਗਵਾਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤੀ ਗਈ।
ਇਸ ਮੌਕੇ ਪਿੰਡਾਂ ਵਿੱਚ ਹੋਈਆਂ ਜਨਤਕ ਸਭਾਵਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਖ਼ੁਸ਼ਹਾਲ ਅਤੇ ਉੱਜਵਲ ਭਵਿੱਖ ਵੱਲ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸ ਦੇ ਲਈ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ‘ਤੇ ਉਨ੍ਹਾਂ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਪਿੰਡ ਪੱਧਰ ‘ਤੇ ਬਣੀਆਂ ਵਿਲੇਜ ਡਿਫੈਂਸ ਕਮੇਟੀਆਂ ਨੇ ਵੀ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਨੌਜਵਾਨਾਂ ਦੇ ਪੁਨਰਵਾਸ ਅਤੇ ਸਲਾਹ ਸੇਵਾਵਾਂ ਦੀ ਜਾਣਕਾਰੀ ਦਿੱਤੀ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਨਸ਼ਾ ਵੇਚਣ ਅਤੇ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀ ਤਰਜੀਹ ਹੈ ਕਿ ਹਰ ਪਿੰਡ ਅਤੇ ਹਰ ਗਲੀ ਨੂੰ ਨਸ਼ਾ ਮੁਕਤ ਕੀਤਾ ਜਾਵੇ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਰਕਾਰ ਵੱਲੋਂ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਪੂਰਨ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਪਿੰਡਾਂ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਆਪਣਾ ਸਾਥ ਦੇਣ ਦੀ ਸਹੁੰ ਵੀ ਚੁਕਾਈ।
ਇਸ ਮੌਕੇ ਉਨ੍ਹਾਂ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ, ਰਾਕੇਸ਼ ਸ਼ਰਮਾ, ਸਰਪੰਚ ਗੁਰਨਾਮ ਸਿੰਘ ਪੂਰੋਵਾਲ ਜੱਟਾਂ, ਸਰਪੰਚ ਮਦਨ ਲਾਲ ਪੀਰਾਂਬਾਗ, ਸਰਪੰਚ ਕੁਲਵੰਤ ਰਾਜ ਸਲੀਮਪੁਰ ਆਰੀਆਂ, ਸਰਪੰਚ ਗੁਰਮੁੱਖ ਸਿੰਘ ਕੋਟਲੀ ਸ਼ਾਹਪੁਰ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।