ਹੰਗਾਮੀ ਹਾਲਾਤ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨ

ਕਿਹਾ, ਸੰਕਟ ਦੀ ਘੜੀ ‘ਚ ਸਮਰਪਣ, ਹਿੰਮਤ ਅਤੇ ਅਨੁਸ਼ਾਸਨ ਦਾ ਕੀਤਾ ਗਿਆ ਵਿਲੱਖਣ ਪ੍ਰਦਰਸ਼ਨ
ਗੁਰਦਾਸਪੁਰ, 06 ਜੂਨ 2025 (ਦੀ ਪੰਜਾਬ ਵਾਇਰ)– – ਦੇਸ਼ ਦੀ ਸਰਹੱਦ ‘ਤੇ ਪੈਦਾ ਹੋਏ ਤਣਾਅਪੂਰਨ ਹਾਲਾਤ ਅਤੇ ਜੰਗ ਵਰਗੇ ਮਾਹੌਲ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦੇਣ ਲਈ ਅੱਜ ਇਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ, ਜਿਨ੍ਹਾਂ ਨੇ ਬੇਹੱਦ ਸੰਕਟ ਦੀ ਘੜੀ ਵਿਚ ਮਿਸਾਲੀ ਸੇਵਾ ਭਾਵਨਾ ਅਤੇ ਦੇਸ਼ ਭਗਤੀ ਦਾ ਪ੍ਰਦਰਸ਼ਨ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਸਰਹੱਦ ‘ਤੇ ਤਣਾਅ ਵਧਿਆ ਅਤੇ ਸਥਿਤੀ ਗੰਭੀਰ ਹੋ ਗਈ, ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਿਨਾਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਜਿਸ ਤਰ੍ਹਾਂ ਦਾ ਸਬਰ, ਹਿੰਮਤ ਅਤੇ ਚੌਕਸੀ ਦਿਖਾਈ ਗਈ ਹੈ, ਉਹ ਸ਼ਲਾਘਾਯੋਗ ਹੈ ਅਤੇ ਇਹ ਸਮਰਪਿਤ ਅਧਿਕਾਰੀ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਬ-ਡਵੀਜ਼ਨ, ਕਲੱਸਟਰ, ਪਿੰਡ ਅਤੇ ਵਾਰਡ ਪੱਧਰ ਤੱਕ ਪ੍ਰਸ਼ਾਸਕੀ ਨੈੱਟਵਰਕ ਨੂੰ ਸਰਗਰਮ ਕੀਤਾ ਗਿਆ ਹੈ ਅਤੇ ਵਿਸ਼ੇਸ਼ ਆਫ਼ਤ ਪ੍ਰਬੰਧਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਤੁਰੰਤ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸਾਡੇ ਅਧਿਕਾਰੀ ਹਰ ਚੁਣੌਤੀ ਲਈ ਤਿਆਰ ਹਨ ਅਤੇ ਪੂਰੀ ਤਨਦੇਹੀ ਨਾਲ ਆਪਣੇ ਫ਼ਰਜ਼ ਨਿਭਾਉਂਦੇ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਉਤਸ਼ਾਹ, ਸਮਰਪਣ ਅਤੇ ਜਾਗਰੂਕਤਾ ਨਾਲ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ।
ਇਸ ਸਨਮਾਨ ਸਮਾਰੋਹ ਦੌਰਾਨ ਸਨਮਾਨਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯੋਗ ਅਗਵਾਈ ਅਤੇ ਸਕਾਰਾਤਮਿਕ ਊਰਜਾ ਸਦਕਾ ਪੂਰੇ ਜ਼ਿਲ੍ਹੇ ਵਿਚ ਸੰਕਟ ਦੀ ਸਥਿਤੀ ਨੂੰ ਸੰਗਠਿਤ ਢੰਗ ਨਾਲ ਸੰਭਾਲਿਆ ਜਾ ਸਕਿਆ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਹੋਰ ਵੀ ਵਧੀਆ ਕੰਮ ਕਰਨ ਲਈ ਪ੍ਰੇਰਿਤ ਕਰੇਗਾ ਅਤੇ ਇਹ ਪਲ ਹਮੇਸ਼ਾ ਉਨ੍ਹਾਂ ਦੀ ਜ਼ਿੰਦਗੀ ਦੀਆਂ ਯਾਦਾਂ ਵਿਚ ਉੱਕਰਿਆ ਰਹੇਗਾ।
ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਅਜਿਹੇ ਪ੍ਰੋਗਰਾਮ ਨਾ ਸਿਰਫ਼ ਮਨੋਬਲ ਵਧਾਉਂਦੇ ਹਨ ਬਲਕਿ ਪ੍ਰਸ਼ਾਸਨਿਕ ਸੇਵਾਵਾਂ ਦੀ ਮਹੱਤਤਾ ਨੂੰ ਵੀ ਰੇਖਾਂਕਿਤ ਕਰਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ ਦੀਨਾਨਗਰ ਜਸਪਿੰਦਰ ਸਿੰਘ, ਐੱਸ.ਡੀ.ਐੱਮ ਡੇਰਾ ਬਾਬਾ ਨਾਨਕ ਸ. ਗੁਰਮੰਦਰ ਸਿੰਘ, ਐੱਸ.ਡੀ.ਐੱਮ ਬਟਾਲਾ ਵਿਕਰਮਜੀਤ ਸਿੰਘ, ਐੱਸ.ਡੀ.ਐੱਮ ਕਲਾਨੌਰ ਜਯੋਤਸਨਾ ਸਿੰਘ, ਐੱਸ.ਡੀ.ਐੱਮ ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਸਹਾਇਕ ਕਮਿਸ਼ਨਰ (ਜ) ਆਦਿੱਤਯ ਗੁਪਤਾ, ਸਹਾਇਕ ਕਮਿਸ਼ਨਰ ਰੁਪਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ ਕੁਲਦੀਪ ਚੰਦ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।