ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕੈਮਿਸਟ ਦਾ ਐਸੋਸੀਏਸ਼ਨ ਸਾਥ ਨਹੀਂ ਦੇਵੇਗੀ: ਸਿਟੀ ਪ੍ਰਧਾਨ ਦਰਸ਼ਨ ਸ਼ਰਮਾ
ਗੁਰਦਾਸਪੁਰ, 22 ਅਕਤੂਬਰ 2026 ( ਮੰਨਨ ਸੈਣੀ)। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਨੂੰ ਹੋਰ ਅਸਰਦਾਰ ਬਣਾਉਣ ਲਈ ਗੁਰਦਾਸਪੁਰ ਦੇ ਸਾਰੇ ਕੈਮਿਸਟਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕੈਮਿਸਟ ਐਸੋਸੀਏਸ਼ਨ ਦੇ ਸਿਟੀ ਪ੍ਰਧਾਨ ਦਰਸ਼ਨ ਸ਼ਰਮਾ ਨੇ ਕੀਤੀ, ਜਦਕਿ ਜ਼ਿਲ੍ਹਾ ਪ੍ਰਧਾਨ ਸਤੀਸ਼ ਕਪੂਰ ਅਤੇ ਚੇਅਰਮੈਨ ਦਿਨੇਸ਼ ਮਹਾਜਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਿਟੀ ਦੇ ਕਾਰਜਕਾਰੀ ਪ੍ਰਧਾਨ ਰਜਵੰਤ ਬਾਵਾ ਵੀ ਹਾਜ਼ਰ ਸਨ।
ਇਸ ਮੌਕੇ ਸਿਟੀ ਪ੍ਰਧਾਨ ਦਰਸ਼ਨ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਕੈਮਿਸਟਾਂ ਦੀ ਭੂਮਿਕਾ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਸਾਰੇ ਕੈਮਿਸਟਾਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਸਨ ਅਤੇ ਸਰਕਾਰ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।

ਉਨ੍ਹਾਂ ਸਾਰੇ ਦਵਾਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਦਵਾਈਆਂ ਦੀ ਖ਼ਰੀਦ ਅਤੇ ਵਿਕਰੀ ਤੈਅ ਕਾਨੂੰਨੀ ਨਿਯਮਾਂ ਅਨੁਸਾਰ ਬਿੱਲਾਂ ਰਾਹੀਂ ਹੀ ਕੀਤੀ ਜਾਵੇ ਅਤੇ ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਪੂਰੀ ਸਾਵਧਾਨੀ ਵਰਤੀ ਜਾਵੇ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸਾਰੇ ਕੈਮਿਸਟਾਂ ਨੂੰ ਡਰੱਗ ਐਕਟ ਅਤੇ ਹੋਰ ਸਬੰਧਤ ਨਿਯਮਾਂ ਦੀ ਪਾਲਣਾ ਕਰਨ ਲਈ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦਵਾਈਆਂ ਦੀ ਦੁਰਵਰਤੋਂ ਹੋਣ ਦਾ ਖ਼ਦਸ਼ਾ ਹੈ, ਉਹ ਡਾਕਟਰ ਦੀ ਜਾਇਜ਼ ਪਰਚੀ ਤੋਂ ਬਿਨਾਂ ਨਹੀਂ ਦਿੱਤੀਆਂ ਜਾਣੀਆਂ ਚਾਹੀਦੀਆਂ।
ਦਰਸ਼ਨ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਦੁਕਾਨਦਾਰ ਨਿਯਮਾਂ ਦੀ ਉਲੰਘਣਾ ਕਰਦਾ ਹੈ ਜਾਂ ਗ਼ੈਰ-ਕਾਨੂੰਨੀ ਸਰਗਰਮੀਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਐਸੋਸੀਏਸ਼ਨ ਉਸ ਦਾ ਸਾਥ ਨਹੀਂ ਦੇਵੇਗੀ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਸਾਰੇ ਕੈਮਿਸਟਾਂ ਨੂੰ ਆਪਣਾ ਕਾਰੋਬਾਰ ਇਮਾਨਦਾਰੀ ਨਾਲ ਅਤੇ ਕਾਨੂੰਨ ਮੁਤਾਬਕ ਚਲਾਉਣਾ ਚਾਹੀਦਾ ਹੈ।
ਮੀਟਿੰਗ ਦੌਰਾਨ ਮੁੱਖ ਮਹਿਮਾਨਾਂ ਨੇ ਵੀ ਕੈਮਿਸਟਾਂ ਨੂੰ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਵਧ-ਚੜ੍ਹ ਕੇ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਸਾਰੇ ਕੈਮਿਸਟਾਂ ਨੂੰ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਰਲ-ਮਿਲ ਕੇ ਯਤਨ ਕਰਨ ਦਾ ਸੱਦਾ ਦਿੱਤਾ।
ਕਾਰਜਕਾਰੀ ਪ੍ਰਧਾਨ ਰਜਵੰਤ ਬਾਵਾ ਨੇ ਮੀਟਿੰਗ ਵਿੱਚ ਹਾਜ਼ਰ ਸਾਰੇ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰੋਬਾਰ ਪੂਰੀ ਇਮਾਨਦਾਰੀ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਚਲਾਉਣ, ਤਾਂ ਜੋ ਨਸ਼ਿਆਂ ਦੀ ਰੋਕਥਾਮ ਵਿੱਚ ਸਾਂਝਾ ਯੋਗਦਾਨ ਪਾਇਆ ਜਾ ਸਕੇ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜਿਕ ਜ਼ਿੰਮੇਵਾਰੀ ਨਿਭਾਈ ਜਾ ਸਕੇ।
ਇਸ ਮੌਕੇ ਗੁਰਦਾਸਪੁਰ ਸਿਟੀ ਦੇ ਸਾਰੇ ਕੈਮਿਸਟ ਹਾਜ਼ਰ ਸਨ।