Close

Recent Posts

ਗੁਰਦਾਸਪੁਰ ਪੰਜਾਬ

ਪੰਜਾਬ ਪੁਲਿਸ ਨੇ 100 ਦਿਨਾਂ ਦੌਰਾਨ ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਫਰੀਜ਼, 13.03 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਪੰਜਾਬ ਪੁਲਿਸ ਨੇ 100 ਦਿਨਾਂ ਦੌਰਾਨ ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਫਰੀਜ਼, 13.03 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ – ਵਿਧਾਇਕ ਗੁਰਦੀਪ ਸਿੰਘ ਰੰਧਾਵਾ
  • PublishedJune 10, 2025

100 ਦਿਨਾਂ ਵਿੱਚ 16 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 627 ਕਿੱਲੋਗਰਾਮ ਹੈਰੋਇਨ, 252 ਕਿੱਲੋਗਰਾਮ ਅਫ਼ੀਮ ਅਤੇ 26.51 ਲੱਖ ਨਸ਼ੀਲੀਆਂ ਗੋਲੀਆਂ ਜ਼ਬਤ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 10 ਜੂਨ 2025 (ਦੀ ਪੰਜਾਬ ਵਾਇਰ ) । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ ਸਫਲਤਾ ਮਿਲ ਰਹੀ ਹੈ ਅਤੇ ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਿਛਲੇ 100 ਦਿਨਾਂ ਦੌਰਾਨ 157 ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਹੈ ਅਤੇ 13.03 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਇਹ ਪ੍ਰਗਟਾਵਾ ਕਰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਪੰਜਾਬ ਪੁਲਿਸ ਵੱਲੋਂ 1 ਮਾਰਚ, 2025 ਨੂੰ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ 48 ਵੱਡੇ ਹਵਾਲਾ ਸੰਚਾਲਕਾਂ ਦੀ ਗ੍ਰਿਫ਼ਤਾਰੀ ਨਾਲ ਹਵਾਲਾ ਨੈੱਟਵਰਕ ਨੂੰ ਕਰਾਰਾ ਝਟਕਾ ਦਿੱਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ 13.03 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਹਾਸਲ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕਰਨ ਅਤੇ ਡਰੱਗ ਮਨੀ ਜ਼ਬਤ ਕਰਨ ਨਾਲ ਨਸ਼ਾ ਤਸਕਰਾਂ ਦੇ ਆਰਥਿਕ ਢਾਂਚੇ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਨਾਲ ਉਨ੍ਹਾਂ ਦੇ ਫੰਡਿੰਗ ਚੈਨਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਹੋਏ ਹਨ ਅਤੇ ਉਨ੍ਹਾਂ ਦੀ ਕਾਰਜਸ਼ੀਲਤਾ ਘੱਟ ਗਈ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 100 ਦਿਨਾਂ ਦੇ ਵੇਰਵੇ ਸਾਂਝੇ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 9693 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 16,533 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 627 ਕਿੱਲੋਗਰਾਮ ਹੈਰੋਇਨ, 252 ਕਿੱਲੋਗਰਾਮ ਅਫ਼ੀਮ, 15 ਟਨ ਭੁੱਕੀ, 9 ਕਿੱਲੋਗਰਾਮ ਚਰਸ, 264 ਕਿੱਲੋਗਰਾਮ ਗਾਂਜਾ, 2.7 ਕਿੱਲੋਗਰਾਮ ਆਈਸੀਈ, 2.6 ਕਿੱਲੋਗਰਾਮ ਕੋਕੀਨ ਅਤੇ 26.51 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ।

ਇਸ ਦੌਰਾਨ, ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਹੈ ਅਤੇ ਰਾਜ ਸਰਕਾਰ ਵੱਲੋਂ ‘ਡੀ-ਐਡਿਕਸ਼ਨ’ਤਹਿਤ ਨਸ਼ੇ ਦੀ ਆਦਤ ਦੇ ਸ਼ਿਕਾਰ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਕੇਂਦਰ ਵਿੱਚ ਇਲਾਜ ਲਈ ਭਰਤੀ ਵੀ ਕੀਤਾ ਜਾ ਰਿਹਾ ਹੈ।

Written By
The Punjab Wire