ਵਿਧਾਨ ਸਭਾ ਸੈਸ਼ਨ ਸਿਰਫ਼ 8-10 ਮਿੰਟ ਚੱਲਣਾ, ਜਵਾਬਦੇਹੀ ਤੋਂ ਭੱਜ ਰਹੀ ਆਪ ਸਰਕਾਰ : ਕੇਵਲ ਸਿੰਘ ਢਿੱਲੋਂ
ਨਸ਼ਿਆਂ, ਗੈਂਗਸਟਰਵਾਦ, ਕਾਨੂੰਨ ਵਿਵਸਥਾ ਸਮੇਤ ਹਰ ਫਰੰਟ ‘ਤੇ ਫੇਲ ‘ਆਪ ਸਰਕਾਰ ਨੂੰ ਜਵਾਬ ਦੇਣਾ ਹੀ ਪਵੇਗਾ : ਢਿੱਲੋਂ
ਗ੍ਰਹਿ ਮੰਤਰੀ ਦੇ ਦਾਅਵੇ ਨੂੰ ਮਜ਼ਬੂਤ ਕਰਦਿਆਂ ਭਾਜਪਾ ਸਰਕਾਰ ਬਣਨ ਦਾ ਦਾਅਵਾ, ਭਾਜਪਾ 117 ਹਲਕਿਆਂ ਲਈ ਤਿਆਰ : ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 22 ਅਕਤੂਬਰ 2026 (ਦੀ ਪੰਜਾਬ ਵਾਇਰ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ‘ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਆਪਣੀ ਜਵਾਬਦੇਹੀ ਤੋਂ ਭੱਜ ਰਹੀ ਹੈ।ਇਸੇ ਕਾਰਨ ਹੀ ਅੱਜ ਵਿਧਾਨ ਸਭਾ ਦਾ ਸੈਸ਼ਨ ਸਿਰਫ਼ ਅੱਠ-ਦਸ ਮਿੰਟ ਚੱਲਿਆ, ਜਿਸ ਵਿੱਚ ਨ ਪੰਜਾਬ ਦੀ ਗੱਲ ਹੋਈ ਅਤੇ ਨਾ ਹੀ ਪੰਜਾਬ ਦੇ ਮੁੱਦਿਆਂ ‘ਤੇ ਕੋਈ ਚਰਚਾ ਹੋਈ। ਇਸ ਨਾਲ ਜਨਤਾ ਦੇ ਲੱਖਾਂ-ਕਰੋੜਾਂ ਰੁਪਏ ਦੀ ਬਰਬਾਦੀ ਹੋ ਰਹੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ, ਗੈਂਗਸਟਰਵਾਦ, ਫ਼ਿਰੌਤੀਆਂ ਅਤੇ ਵਿਗੜੀ ਕਾਨੂੰਨ ਵਿਵਸਥਾ ਦਾ ਜਵਾਬ ਸਰਕਾਰ ਨੂੰ ਦੇਣਾ ਹੀ ਪਵੇਗਾ। ਪਰਮਿੰਦਰ ਸਿੰਘ ਝੋਟੇ, ਬਿਕਰਮਜੀਤ ਸਿੰਘ ਤੇ ਗੁਲਜ਼ਾਰ ਸਿੰਘ ਦੀ ਮੌਤ ਦਾ ਪੰਜਾਬ ਦੇ ਲੋਕ ਆਪ ਸਰਕਾਰ ਤੋਂ ਜਵਾਬ ਮੰਗ ਰਹੇ ਹਨ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਾਜ਼ਮ ਹੜਤਾਲ ‘ਤੇ ਹਨ ਅਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਥਾਂ ਡਰਾਉਣ-ਧਮਕਾਉਣ ਵਿੱਚ ਲੱਗੀ ਹੋਈ ਹੈ, ਪਰ ਭਾਜਪਾ ਮੁਲਾਜ਼ਮਾਂ ਨਾਲ ਡੱਟ ਕੇ ਖੜੀ ਹੈ। ਉਹਨਾਂ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ, ਨਸ਼ਾ ਜਵਾਨੀ ਨੂੰ ਨਿਗਲ ਰਿਹਾ ਹੈ, ਨਸ਼ੇ ਵਿਰੁੱਧ ਉੱਠਦੀਆਂ ਆਵਾਜ਼ਾਂ ਦਬਾਈਆਂ ਜਾ ਰਹੀਆਂ ਹਨ, ਅਤੇ ਹਰ ਰੋਜ਼ ਗੋਲੀਆਂ ਚੱਲ ਰਹੀਆਂ ਤੇ ਕਤਲ ਹੋ ਰਹੇ ਹਨ। ਪਰ ਮੁੱਖ ਮੰਤਰੀ ਨੂੰ ਸੈਰਾਂ ਤੋਂ ਵਿਹਲ ਨਹੀਂ ਅਤੇ ਧਾੜਵੀਆਂ ਦੇ ਰੂਪ ‘ਚ ਆਏ ਦਿੱਲੀ ਵਾਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਨੂੰ ਲੁੱਟ ਰਹੇ ਹਨ।
ਸੂਬਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਭਾਜਪਾ ਦਾ ਫ਼ਿਕਰ ਛੱਡ ਕੇ ਪੰਜਾਬ ਦਾ ਖਿਆਲ ਕਰਨਾ ਚਾਹੀਦਾ ਹੈ। ‘ਆਪ’ ਨੇ ਪੰਜਾਬ ਦੇ ਜੋ ਹਾਲਾਤ ਬਣਾਏ ਹਨ, ਉਸ ਲਈ ਪੰਜਾਬ ਦੀ ਜਨਤਾ ਹੁਣ ਇਸ ਨਿਕੰਮੀ ਸਰਕਾਰ ਨੂੰ ਹੋਰ ਬਰਦਾਸ਼ਤ ਨਹੀਂ ਕਰੇਗੀ।
ਢਿੱਲੋਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋ ਦਿਨ ਪਹਿਲਾਂ ਪੰਜਾਬ ਆ ਕੇ 31 ਦਸੰਬਰ 2029 ਤੱਕ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ।
ਅੱਜ ਮੁੜ ਗ੍ਰਹਿ ਮੰਤਰੀ ਨੇ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਦੀ ਗੱਲ ਗੱਲ ਦੁਹਰਾਈ ਹੈ ਅਤੇ ਨਾਲ ਹੀ ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਹੈ, ਜਿਸਦਾ ਮਤਲਬ ਹੈ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਸਾਰੇ 117 ਹਲਕਿਆਂ ਲਈ ਤਿਆਰ ਹੈ ਅਤੇ ਪੂਰੀ ਤਿਆਰੀ ਨਾਲ ਆਪਣੇ ਦਮ ‘ਤੇ ਚੋਣ ਲੜੇਗੀ। ਪੰਜਾਬ ਦੇ ਲੋਕਾਂ ਦਾ ਪਾਰਟੀ ‘ਤੇ ਵਿਸ਼ਵਾਸ ਹੈ ਅਤੇ ਭਾਜਪਾ 2027 ਵਿੱਚ ਬਹੁਮਤ ਨਾਲ ਸਰਕਾਰ ਬਣਾਏਗੀ।