ਲੋਕਾਂ ਲਈ ਵਰਦਾਨ ਸਾਬਤ ਹੋਈ ਸੀਐੱਮ ਦੀ ਯੋਗਸ਼ਾਲਾ

ਜ਼ਿਲ੍ਹੇ ਵਿੱਚ 118 ਯੋਗਾ ਕਲਾਸਾਂ ਰਾਹੀਂ 22 ਟਰੇਨਰ ਲੋਕਾਂ ਨੂੰ ਰੋਜ਼ਾਨਾਂ ਕਰਵਾ ਰਹੇ ਹਨ ਯੋਗਾ ਆਸਣ
ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜ਼ਰੂਰੀ ਹੈ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 10 ਜੂਨ 2025 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੀਐਮ ਦੀ ਯੋਗਸ਼ਾਲਾ ਚਲਾਈ ਜਾ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਭਾਗ ਲੈ ਕੇ ਯੋਗ ਨਾਲ ਜੁੜ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਕਈ ਰੋਗੀਆਂ ਵਾਸਤੇ ਇਹ ਯੋਗਸ਼ਾਲਾ ਇੱਕ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੀਐੱਮ. ਦੀ ਯੋਗਸ਼ਾਲਾ ਤਹਿਤ ਕੁੱਲ 118 ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਗਾ ਕਲਾਸਾਂ ਰਾਹੀਂ ਯੋਗਾ ਦੇ 22 ਟਰੇਨਰ ਲੋਕਾਂ ਨੂੰ ਰੋਜ਼ਾਨਾਂ ਯੋਗਾ ਕਰਵਾ ਰਹੇ ਹਨ ਜਿਸ ਦਾ ਫ਼ਾਇਦਾ ਇਹ ਹੋਇਆ ਹੈ ਕਿ ਯੋਗਾ ਕਲਾਸਾਂ ਲਗਾਉਣ ਵਾਲੇ ਕਈ ਵਿਅਕਤੀਆਂ ਦੇ ਰੋਗ ਠੀਕ ਹੋਏ ਹਨ। ਉਨ੍ਹਾਂ ਦੱਸਿਆ ਕਿ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜ਼ਰੂਰੀ ਹੈ ਅਤੇ ਇਸ ਦਾ ਲਾਭ ਹਰ ਕਿਸੇ ਨੂੰ ਉਠਾਉਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਵਾਸੀ ਆਪਣੇ ਮੁਹੱਲੇ ਵਿੱਚ ਸੀਐੱਮ. ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਮੋਬਾਈਲ 76694-00500 ਨੰਬਰ ਉੱਪਰ ਇੱਕ ਮਿਸ ਕਾਲ ਕਰ ਸਕਦੇ ਹਨ, ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਓਥੇ ਇੱਕ ਯੋਗਾ ਟਰੇਨਰ ਭੇਜਿਆ ਜਾਵੇਗਾ ਜੋ ਉਹ ਮੁਹੱਲੇ ਦੇ ਵਸਨੀਕਾਂ ਨੂੰ ਰੋਜ਼ਾਨਾਂ ਮੁਫ਼ਤ ਯੋਗਾ ਕਰਵਾਏਗਾ। ਉਨ੍ਹਾਂ ਕਿਹਾ ਕਿ ਯੋਗਾ ਕਲਾਸਾਂ ਸਬੰਧੀ ਵਧੇਰੇ ਜਾਣਕਾਰੀ ਲਈ ਸੀਐੱਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਦੇ ਮੋਬਾਈਲ ਨੰਬਰ 9978213512 ਉੱਪਰ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਕੋਆਰਡੀਨੇਟਰ ਸੀ.ਐੱਮ. ਯੋਗਸ਼ਾਲਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੀ.ਐੱਮ. ਦੀ ਯੋਗਸ਼ਾਲਾ ਨਾਲ ਜ਼ਿਲ੍ਹੇ ਦੇ ਕਰੀਬ 3000 ਦੇ ਕਰੀਬ ਵਿਅਕਤੀ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਰੋਜ਼ਾਨਾ ਯੋਗ ਕਰਨ ਨਾਲ ਲੋਕਾਂ ਨੂੰ ਕਾਫ਼ੀ ਲਾਭ ਮਿਲ ਰਿਹਾ ਹੈ ਅਤੇ ਬਿਮਾਰੀਆਂ ਤੋਂ ਨਿਜਾਤ ਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੋ ਵਿਅਕਤੀ ਰੋਜ਼ਾਨਾ ਯੋਗ ਕਰ ਰਹੇ ਹਨ, ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਯੋਗ ਕਰਨ ਨਾਲ ਉਨ੍ਹਾਂ ਨੂੰ ਸਰਵਾਈਕਲ, ਬੈਕਪੇਨ, ਜੋੜਾਂ ਦਾ ਦਰਦ, ਮਾਨਸਿਕ ਤਣਾਅ ਤੋਂ ਰਾਹਤ ਮਿਲੀ ਹੈ ਅਤੇ ਜਿਨ੍ਹਾਂ ਨੂੰ ਸ਼ੂਗਰ ਜਾਂ ਬੀ.ਪੀ. ਦੇ ਰੋਗ ਹਨ, ਉਨ੍ਹਾਂ ਦੀ ਰਿਪੋਰਟ ਵੀ ਨਾਰਮਲ ਆਉਣ ਲੱਗੀ ਹੈ। ਉਨ੍ਹਾਂ ਕਿਹਾ ਕਿ ਟ੍ਰੇਨਰਾਂ ਵੱਲੋਂ ਜਿੱਥੇ ਲੋਕਾਂ ਨੂੰ ਵੱਖ-ਵੱਖ ਯੋਗ ਆਸਣ ਕਰਵਾਏ ਜਾਂਦੇ ਹਨ, ਉੱਥੇ ਹੀ ਉਨ੍ਹਾਂ ਨੂੰ ਯੋਗ ਆਸਣ ਦੇ ਕੀ-ਕੀ ਫ਼ਾਇਦੇ ਹੁੰਦੇ ਹਨ, ਉਨ੍ਹਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਂਦੀ ਹੈ।