ਪੰਜਾਬ

ਅਜੇ ਕਤਲ ਕਾਂਡ: ਸੁਨੀਲ ਜਾਖੜ ਨੇ ਅਸਲ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਅਤੇ ਨਿਰਪੱਖ ਜਾਂਚ ਦੀ ਕੀਤੀ ਮੰਗ*

ਅਜੇ ਕਤਲ ਕਾਂਡ: ਸੁਨੀਲ ਜਾਖੜ ਨੇ ਅਸਲ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਅਤੇ ਨਿਰਪੱਖ ਜਾਂਚ ਦੀ ਕੀਤੀ ਮੰਗ*
  • PublishedOctober 22, 2026

ਇਨਸਾਫ ਦੀ ਮੰਗ ਨੂੰ ਲੈ ਕੇ ਹਜੇ ਦੀ ਮਾਂ ਅਤੇ ਪਰਿਵਾਰ ਨੇ ਵਿਧਾਨ ਸਭਾ ਦੇ ਬਾਹਰ ਲਗਾਇਆ ਧਰਨਾ

ਚੰਡੀਗੜ੍ਹ, 22 ਅਕਤੂਬਰ 2026 (ਦੀ ਪੰਜਾਬ ਵਾਇਰ)- ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਇਨਸਾਫ਼ ਦੀ ਮੰਗ ਲੈ ਕੇ ਪਹੁੰਚੀ ਅਬੋਹਰ ਦੇ ਮ੍ਰਿਤਕ ਅਜੇ ਦੀ ਮਾਤਾ ਅਤੇ ਪਰਿਵਾਰਕ ਮੈਂਬਰਾਂ ਦੇ ਨਾਲ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਬੋਹਰ ਦੇ ਸੰਤ ਨਗਰ ਵਿਖੇ ਹੋਏ ਕਤਲ ਕਾਂਡ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਮ੍ਰਿਤਕ ਵੱਲੋਂ ਮਰਨ ਤੋਂ ਪਹਿਲਾਂ ਪੁਲਿਸ ਨੂੰ ਦਿੱਤੇ ਬਿਆਨਾਂ ਦੇ ਆਧਾਰ ’ਤੇ ਅਸਲ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ। ਅਜੇ ਕੁਮਾਰ ਦੀ ਮਾਤਾ ਅਤੇ ਪਰਿਵਾਰਿਕ ਮੈਂਬਰ ਅੱਜ ਵਿਧਾਨ ਸਭਾ ਦੇ ਬਾਹਰ ਇਨਸਾਫ ਲਈ ਧਰਨਾ ਦੇਣ ਪਹੁੰਚੇ ਸਨ ਬਾਅਦ ਵਿੱਚ ਉਹਨਾਂ ਨੂੰ ਪੁਲਿਸ ਨੇ ਗ੍ਰਫਤਾਰ ਕਰ ਲਿਆ। ਸੁਨੀਲ ਜਾਖੜ ਨੇ ਆਖਿਆ ਕਿ ਉਹ ਹਰ ਰੋਜ਼ ਇਸ ਪਰਿਵਾਰ ਨੂੰ ਇੱਥੇ ਵਿਧਾਨ ਸਭਾ ਦੇ ਬਾਹਰ ਲੈ ਕੇ ਆਉਣਗੇ ਤਾਂ ਜੋ ਬਹਿਰੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਈ ਜਾ ਸਕੇ।ਇਸ ਮੌਕੇ ਭਾਜਪਾ ਆਗੂ ਅਸ਼ਵਨੀ ਕੁਮਾਰ ਸ਼ਰਮਾ ਵੀ ਹਾਜ਼ਰ ਸਨ

ਜ਼ਿਕਰਯੋਗ ਹੈ ਕਿ 27 ਸਤੰਬਰ ਨੂੰ ਅਬੋਹਰ ਦੇ ਸੰਤ ਨਗਰ ਵਿਖੇ ਅਜੇ ਕੁਮਾਰ ਨਾਮਕ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਦਾ ਕਈ ਦਿਨ ਇਲਾਜ ਚੱਲਿਆ, ਪਰ ਆਖ਼ਰਕਾਰ 19 ਅਕਤੂਬਰ ਨੂੰ ਉਸ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਅਬੋਹਰ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ ਅਤੇ ਪਰਿਵਾਰ ਅਨੁਸਾਰ ਹਾਲੇ ਤੱਕ ਮ੍ਰਿਤਕ ਦਾ ਪੋਸਟਮਾਰਟਮ ਵੀ ਨਹੀਂ ਹੋਇਆ।

ਇਸ ਮੌਕੇ ਅਜੇ ਦੀ ਮਾਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਲ 2015 ਵਿੱਚ ਵਾਪਰੇ ਭੀਮ ਕਤਲ ਕਾਂਡ ਦੌਰਾਨ ਅਜੇ ਦੇ ਭਰਾ ਵੱਲੋਂ ਗਵਾਹੀ ਦਿੱਤੀ ਗਈ ਸੀ, ਜਿਸ ਦੇ ਆਧਾਰ ’ਤੇ ਸ਼ਿਵ ਲਾਲ ਡੋਡਾ ਅਤੇ ਉਸ ਦੇ ਭਤੀਜੇ ਨੂੰ 20 ਸਾਲ ਦੀ ਸਜ਼ਾ ਹੋਈ ਸੀ। ਪਰਿਵਾਰ ਨੇ ਦੋਸ਼ ਲਾਇਆ ਕਿ ਸ਼ਿਵ ਲਾਲ ਡੋਡਾ ਦੇ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਦਾ ਕਤਲ ਹੋ ਗਿਆ ਹੈ।

ਸੁਨੀਲ ਜਾਖੜ ਨੇ ਇਸ ਘਟਨਾ ਪਿੱਛੇ ਡੂੰਘੀ ਸਾਜ਼ਿਸ਼ ਹੋਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਗੁੰਡਾ ਅਨਸਰਾਂ ਨੂੰ ਸਰਪ੍ਰਸਤੀ ਦੇ ਰਹੇ ਹਨ । ਉਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਗੰਭੀਰ ਅਪਰਾਧ ਵਿੱਚ ਸਜ਼ਾ ਹੋ ਚੁੱਕੀ ਹੋਵੇ ਅਤੇ ਉਹ ਜ਼ਮਾਨਤ ’ਤੇ ਬਾਹਰ ਹੋਵੇ, ਤਾਂ ਉਸ ਨੂੰ ਗੰਨਮੈਨ ਮੁਹੱਈਆ ਕਰਵਾਉਣ ਦੇ ਮਾਮਲੇ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਅਜਿਹੇ ਵਿਅਕਤੀਆਂ ਨੂੰ ਸਰਕਾਰੀ ਸੁਰੱਖਿਆ ਦੇਣ ਦਾ ਆਧਾਰ ਕੀ ਹੈ।

ਉਨ੍ਹਾਂ ਕਿਹਾ ਕਿ ਅਜੇ ਨੇ ਮਰਨ ਤੋਂ ਪਹਿਲਾਂ ਪੁਲਿਸ ਨੂੰ ਸਪਸ਼ਟ ਬਿਆਨ ਦਿੱਤੇ ਸਨ, ਪਰ ਉਨ੍ਹਾਂ ਦੇ ਦਾਅਵੇ ਅਨੁਸਾਰ ਪੁਲਿਸ ਵੱਲੋਂ ਹਾਲੇ ਤੱਕ ਉਨ੍ਹਾਂ ਬਿਆਨਾਂ ਦੇ ਆਧਾਰ ’ਤੇ ਪਰਚਾ ਦਰਜ ਨਹੀਂ ਕੀਤਾ ਗਿਆ। ਜਾਖੜ ਨੇ ਮੰਗ ਕੀਤੀ ਕਿ ਮ੍ਰਿਤਕ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਜਿਹੜੇ ਵੀ ਵਿਅਕਤੀ ਇਸ ਕਤਲ ਵਿੱਚ ਸ਼ਾਮਲ ਪਾਏ ਜਾਣ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਸੂਬੇ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਉਠਾਉਂਦਿਆਂ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਨਸ਼ਿਆਂ ਅਤੇ ਗੁੰਡਾ ਅਨਸਰਾਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਅਜੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਸਲ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ।

Written By
The Punjab Wire