ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ, ਕਿਸਾਨ ਬੇਲਰ ਤੇ ਹੋਰ ਮਸ਼ੀਨਰੀ ਨਾਲ ਕਰਨ ਪਰਾਲੀ ਦਾ ਪ੍ਰਬੰਧਨ
ਗੁਰਦਾਸਪੁਰ, 23 ਅਕਤੂਬਰ 2026 (ਮੰਨਨ ਸੈਣੀ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਪਾਰਲੀ ਨਾ ਸਾੜਨ ਸਬੰਧੀ ਜ਼ਿਲ੍ਹੇ ਵਿੱਚ ਤੇਜ਼ੀ ਨਾਲ ਮੁਹਿੰਮ ਜਾਰੀ ਹੈ। ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਖ਼ਤ ਰਵੱਈਆ ਅਪਣਾਉਂਦਿਆਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਪਰਾਲੀ ਸਾੜਨ ਵਾਲਿਆਂ ਵਿਰੁੱਧ ਨਿਗਰਾਨੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੀਆਂ ਹਨ ਅਤੇ ਹੌਟਸਪੌਟ ਪਿੰਡਾਂ ਵਿਸ਼ੇਸ਼ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੌਟਸਪੌਟ ਪਿੰਡ ਕਾਹਨੂੰਵਾਨ ਵਿਖੇ ਡਰੋਨ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਬੇਲਰ ਅਤੇ ਹੋਰ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ।
ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਵਾਤਾਵਰਨ ਦੀ ਸੁਰੱਖਿਆ ਅਤੇ ਪਰਾਲੀ ਸਾੜਨ ਨੂੰ ਰੋਕਣ ਸਬੰਧੀ ਕਾਨੂੰਨੀ ਪ੍ਰਬੰਧਾਂ ਅਤੇ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਇਸੇ ਤਰ੍ਹਾਂ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ, ਭਾਵ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ, ਵੱਲੋਂ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ, ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਨਿਪਟਾਰਾ ਕਰਨ ਅਤੇ ਹਵਾ ਪ੍ਰਦੂਸ਼ਣ ਘਟਾਉਣ ਲਈ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ’ਤੇ ਜ਼ੋਰ ਦਿੱਤਾ ਗਿਆ ਹੈ।
ਇਸ ਮੌਕੇ ਏਡੀਓ ਭਵਜੀਤ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ ਅਤੇ ਇਸ ਦਾ ਮਾੜਾ ਅਸਰ ਮਨੁੱਖੀ ਸਿਹਤ, ਪਸ਼ੂ-ਪੰਛੀਆਂ ਅਤੇ ਵਾਤਾਵਰਨ ’ਤੇ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਨਾਲ ਮਿੱਟੀ ਦੇ ਲਾਭਦਾਇਕ ਸੂਖਮ ਜੀਵਾਂ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨ ਪਰਾਲੀ ਨੂੰ ਖੇਤ ਵਿੱਚ ਵਾਹੁਣ, ਮਲਚਿੰਗ ਕਰਨ ਜਾਂ ਬੇਲਰ ਰਾਹੀਂ ਗੱਠਾਂ ਬਣਾਉਣ ਵਰਗੇ ਉਪਲਬਧ ਅਤੇ ਢੁਕਵੇਂ ਤਰੀਕੇ ਅਪਣਾਉਣ।