Close

Recent Posts

ਗੁਰਦਾਸਪੁਰ

ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਸਾਹਿਤਕ ਮੁਕਾਬਲਿਆਂ ਦੀ ਧੂਮ

ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਸਾਹਿਤਕ ਮੁਕਾਬਲਿਆਂ ਦੀ ਧੂਮ
  • PublishedOctober 29, 2026

ਗੁਰਦਾਸਪੁਰ, 29 ਅਕਤੂਬਰ 2026 (ਮੰਨਨ ਸੈਣੀ)– ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵੱਲੋਂ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਦੇ ਸਹਿਯੋਗ ਨਾਲ ਕਾਲਜ ਦੇ ਆਡੀਟੋਰੀਅਮ ਵਿੱਚ ਵਿਦਿਆਰਥੀਆਂ ਦੇ ਸਾਹਿਤ ਸਿਰਜਣ ਮੁਕਾਬਲੇ ਕਰਵਾਏ ਗਏ। ਸਮਾਗਮ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ, ਪ੍ਰਾਈਵੇਟ ਅਤੇ ਅਰਧ-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕਰਦਿਆਂ ਆਪਣੀ ਸਾਹਿਤਕ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ।

ਮੁਕਾਬਲਿਆਂ ਤਹਿਤ ਕਵਿਤਾ ਗਾਇਨ, ਕਵਿਤਾ ਰਚਨਾ, ਲੇਖ ਰਚਨਾ ਅਤੇ ਕਹਾਣੀ ਰਚਨਾ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਸਮਰਪਣ ਸੁਸਾਇਟੀ ਦੇ ਸਕੱਤਰ ਪਰਮਿੰਦਰ ਸੈਣੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲਿਆਂ ਤੋਂ ਬਾਅਦ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੇ ਕਾਵਿ-ਸੰਗ੍ਰਹਿ ‘ਤੂੰ ਇੰਤਜ਼ਾਰ ਨਾ ਕਰ’ ’ਤੇ ਪੁਸਤਕ-ਸਮੀਖਿਆ ਸੈਸ਼ਨ ਕਰਵਾਇਆ ਗਿਆ। ਪੁਸਤਕ ਦੀ ਸਮੀਖਿਆ ਕਰਦਿਆਂ ਡਾ. ਸੰਦੀਪ ਕੌਰ ਨੇ ਕਿਹਾ ਕਿ ਇਸ ਕਾਵਿ-ਸੰਗ੍ਰਹਿ ਵਿੱਚ ਕਵੀ ਨੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਰੋਕਾਰਾਂ ਦੇ ਨਾਲ-ਨਾਲ ਮਨੁੱਖੀ ਸੰਵੇਦਨਾਵਾਂ ਅਤੇ ਭਾਵਨਾਵਾਂ ਨੂੰ ਵੀ ਆਪਣੀ ਕਵਿਤਾ ਦਾ ਵਿਸ਼ਾ ਬਣਾਇਆ ਹੈ। ਉਨ੍ਹਾਂ ਦੀਆਂ ਕਵਿਤਾਵਾਂ ਸਮਾਜ ਦੀਆਂ ਕੌੜੀਆਂ ਹਕੀਕਤਾਂ ਨੂੰ ਬੇਬਾਕੀ ਨਾਲ ਬਿਆਨ ਕਰਦੀਆਂ ਹਨ ਅਤੇ ਪਾਠਕਾਂ ਨੂੰ ਸਮਾਜਿਕ ਵਿਵਸਥਾ ਬਾਰੇ ਸੋਚਣ ਤੇ ਸਵਾਲ ਉਠਾਉਣ ਲਈ ਪ੍ਰੇਰਿਤ ਕਰਦੀਆਂ ਹਨ।

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਕਿਹਾ ਕਿ ਸਾਹਿਤ ਮਨੁੱਖੀ ਸੋਚ ਨੂੰ ਨਵੀਂ ਦਿਸ਼ਾ ਦੇਣ ਅਤੇ ਸਮਾਜ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਨ ਅਤੇ ਲਿਖਣ ਦੀਆਂ ਰੁਚੀਆਂ ਵਿਕਸਿਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਹਿਤ ਨਾਲ ਜੁੜ ਕੇ ਨੌਜਵਾਨ ਆਪਣੀ ਸੋਚ ਨੂੰ ਵਧੇਰੇ ਵਿਸ਼ਾਲ, ਤਰਕਸ਼ੀਲ ਅਤੇ ਸੰਵੇਦਨਸ਼ੀਲ ਬਣਾ ਸਕਦੇ ਹਨ। ਉਨ੍ਹਾਂ ਅਨੁਸਾਰ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਆਪਣੇ ਵਿਚਾਰਾਂ ਨੂੰ ਸਿਰਜਣਾਤਮਕ ਢੰਗ ਨਾਲ ਪ੍ਰਗਟਾਉਣ ਲਈ ਢੁਕਵਾਂ ਮੰਚ ਪ੍ਰਦਾਨ ਕਰਦੇ ਹਨ।

ਮੁਕਾਬਲਿਆਂ ਵਿੱਚ ਜੱਜ ਦੀ ਭੂਮਿਕਾ ਪ੍ਰੋਫੈਸਰ ਜੋਗਾ ਸਿੰਘ, ਡਾ. ਬਲਜੀਤ ਕੌਰ, ਡਾ. ਗਗਨਦੀਪ ਸਿੰਘ ਅਤੇ ਡਾ. ਸੰਦੀਪ ਕੌਰ ਨੇ ਨਿਭਾਈ। ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ।

ਸਮਾਗਮ ਦੇ ਅੰਤ ਵਿੱਚ ਭਾਸ਼ਾ ਵਿਭਾਗ ਦੇ ਖੋਜ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਸਮੂਹ ਮਹਿਮਾਨਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।

Written By
The Punjab Wire