Close

Recent Posts

ਗੁਰਦਾਸਪੁਰ

ਪੁਲਿਸ ਲਾਈਨ ਬਟਾਲਾ ਵਿਖੇ ਬਟਾਲਾ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟ੍ਰੇਡਰਜ਼ ਕਮਿਸ਼ਨ ਅਤੇ ਪੁਲਿਸ ਪ੍ਰਸ਼ਾਸਨ ਦੀ ਅਹਿਮ ਮੀਟਿੰਗ

ਪੁਲਿਸ ਲਾਈਨ ਬਟਾਲਾ ਵਿਖੇ ਬਟਾਲਾ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟ੍ਰੇਡਰਜ਼ ਕਮਿਸ਼ਨ ਅਤੇ ਪੁਲਿਸ ਪ੍ਰਸ਼ਾਸਨ ਦੀ ਅਹਿਮ ਮੀਟਿੰਗ
  • PublishedOctober 29, 2026

ਟ੍ਰੈਫਿਕ ਵਿਵਸਥਾ ਸੁਚਾਰੂ ਬਣਾਉਣ, ਨਾਜਾਇਜ਼ ਕਬਜ਼ਿਆਂ ’ਤੇ ਨਿਯਮਾਂ ਅਨੁਸਾਰ ਕਾਰਵਾਈ ਅਤੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ’ਤੇ ਦਿੱਤਾ ਜ਼ੋਰ

ਬਟਾਲਾ, 29 ਅਕਤੂਬਰ 2026 (ਮੰਨਨ ਸੈਣੀ) — ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ, ਹਲਕਾ ਬਟਾਲਾ ਦੇ ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਦੀ ਅਗਵਾਈ ਹੇਠ ਬਟਾਲਾ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਟ੍ਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਪੁਲਿਸ ਲਾਈਨ ਬਟਾਲਾ ਵਿਖੇ ਹੋਈ। ਮੀਟਿੰਗ ਵਿੱਚ ਡੀਐੱਸਪੀ ਹੈੱਡਕੁਆਰਟਰ  ਤੇਜਿੰਦਰ ਪਾਲ ਸਿੰਘ ਗੁਰਾਇਆ, ਡੀਐੱਸਪੀ ਸਿਟੀ ਸੁਖਇੰਦਰ ਸਿੰਘ ਕਾਹਲੋਂ, ਸਬੰਧਤ ਥਾਣਿਆਂ ਦੇ ਐੱਸਐੱਚਓ ਸਾਹਿਬਾਨ, ਪੁਲਿਸ ਚੌਕੀ ਇੰਚਾਰਜ ਅਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਟ੍ਰੇਡਰਜ਼ ਕਮਿਸ਼ਨ ਹਲਕਾ ਬਟਾਲਾ ਦੇ ਵੱਖ-ਵੱਖ ਬਲਾਕ ਪ੍ਰਧਾਨ ਅਤੇ ਅਹੁਦੇਦਾਰ ਵੀ ਮੌਜੂਦ ਰਹੇ।

ਮੀਟਿੰਗ ਦੌਰਾਨ ਚੇਅਰਮੈਨ ਕਿਰਪਾਲ ਸਿੰਘ ਉਧੋਵਾਲੀ ਨੇ ਬਟਾਲਾ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਸੜਕਾਂ ’ਤੇ ਵਧ ਰਹੀ ਟ੍ਰੈਫਿਕ ਸਮੱਸਿਆ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਟ੍ਰੈਫਿਕ ਜਾਮ ਕਾਰਨ ਆਮ ਲੋਕਾਂ ਦੇ ਨਾਲ-ਨਾਲ ਵਪਾਰੀ ਵਰਗ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਗਾਹਕਾਂ ਨੂੰ ਬਾਜ਼ਾਰਾਂ ਤੱਕ ਪਹੁੰਚਣ ਵਿੱਚ ਦਿੱਕਤ ਆਉਂਦੀ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਵੀ ਪ੍ਰਭਾਵਿਤ ਹੁੰਦੀਆਂ ਹਨ। ਇਸ ਲਈ ਟ੍ਰੈਫਿਕ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਯਕੀਨੀ ਬਣਾਉਣ, ਭੀੜ ਵਾਲੇ ਖੇਤਰਾਂ ਵਿੱਚ ਟ੍ਰੈਫਿਕ ਪੁਲਿਸ ਦੀ ਉਚਿਤ ਤਾਇਨਾਤੀ ਕਰਨ ਅਤੇ ਗ਼ਲਤ ਪਾਰਕਿੰਗ ਨੂੰ ਨਿਯਮਾਂ ਅਨੁਸਾਰ ਰੋਕਣ ਲਈ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਟ੍ਰੈਫਿਕ ਦੀ ਸਮੱਸਿਆ ਵਾਲੇ ਚੌਕਾਂ ਅਤੇ ਬਾਜ਼ਾਰਾਂ ਦਾ ਨਿਰੀਖਣ ਕਰਕੇ ਉੱਥੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਢੁੱਕਵੀਂ ਯੋਜਨਾ ਤਿਆਰ ਕੀਤੀ ਜਾਵੇ।

ਮੀਟਿੰਗ ਦੌਰਾਨ ਮੁੱਖ ਸੜਕਾਂ ਅਤੇ ਬਾਜ਼ਾਰਾਂ ਵਿੱਚ ਰੇਹੜੀਆਂ ਲਗਾਉਣ, ਦੁਕਾਨਾਂ ਦੇ ਬਾਹਰ ਸਾਮਾਨ ਰੱਖਣ ਅਤੇ ਹੋਰ ਰੁਕਾਵਟਾਂ ਕਾਰਨ ਪੈਦਾ ਹੋਣ ਵਾਲੀਆਂ ਟ੍ਰੈਫਿਕ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ ਗਈ। ਕਿਰਪਾਲ ਸਿੰਘ ਉਧੋਵਾਲੀ ਨੇ ਕਿਹਾ ਕਿ ਸੜਕਾਂ ’ਤੇ ਆਵਾਜਾਈ ਲਈ ਲੋੜੀਂਦੀ ਜਗ੍ਹਾ ਬਣਾਈ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਸੜਕਾਂ ਅਤੇ ਬਾਜ਼ਾਰਾਂ ਵਿੱਚ ਬੇਤਰਤੀਬੀ ਨਾਲ ਪਾਰਕਿੰਗ ਕੀਤੀ ਜਾਵੇ ਜਾਂ ਰਸਤੇ ਵਿੱਚ ਰੁਕਾਵਟਾਂ ਪੈਦਾ ਕੀਤੀਆਂ ਜਾਣ, ਤਾਂ ਇਸ ਦਾ ਨੁਕਸਾਨ ਆਮ ਲੋਕਾਂ ਅਤੇ ਵਪਾਰੀਆਂ ਦੋਵਾਂ ਨੂੰ ਹੁੰਦਾ ਹੈ। ਉਨ੍ਹਾਂ ਨੇ ਟ੍ਰੈਫਿਕ ਵਾਲੇ ਖੇਤਰਾਂ ਵਿੱਚ ਯੈਲੋ ਲਾਈਨਾਂ ਨਿਰਧਾਰਤ ਕਰਨ ਅਤੇ ਉਨ੍ਹਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਅਤੇ ਪੁਲਿਸ ਪ੍ਰਸ਼ਾਸਨ ਦੇ ਆਪਸੀ ਤਾਲਮੇਲ ਨਾਲ ਅਜਿਹੇ ਪ੍ਰਬੰਧ ਕੀਤੇ ਜਾਣ, ਜਿਨ੍ਹਾਂ ਨਾਲ ਦੁਕਾਨਦਾਰਾਂ, ਰੇਹੜੀ ਚਾਲਕਾਂ ਅਤੇ ਵਾਹਨ ਚਾਲਕਾਂ ਨੂੰ ਨਿਯਮਾਂ ਬਾਰੇ ਸਪੱਸ਼ਟ ਜਾਣਕਾਰੀ ਮਿਲੇ ਅਤੇ ਸੜਕਾਂ ’ਤੇ ਆਵਾਜਾਈ ਲਈ ਰਸਤਾ ਖੁੱਲ੍ਹਾ ਰਹੇ।

ਚੇਅਰਮੈਨ ਕਿਰਪਾਲ ਸਿੰਘ ਉਦੋਵਾਲੀ ਨੇ ਵਪਾਰੀਆਂ ਦੀਆਂ ਪੁਲਿਸ ਨਾਲ ਸਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਜਦੋਂ ਵੀ ਕੋਈ ਵਪਾਰੀ ਆਪਣੀ ਸਮੱਸਿਆ ਲੈ ਕੇ ਥਾਣੇ ਜਾਂ ਪੁਲਿਸ ਚੌਕੀ ਵਿੱਚ ਪਹੁੰਚਦਾ ਹੈ, ਤਾਂ ਉਸ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾਣਾ ਚਾਹੀਦਾ ਹੈ ਅਤੇ ਕਾਨੂੰਨ ਅਨੁਸਾਰ ਸਮੇਂ ਸਿਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਸਬੰਧਤ ਅਧਿਕਾਰੀਆਂ ਤੱਕ ਜਲਦੀ ਪਹੁੰਚਾਉਣ ਲਈ ਇੱਕ ਪ੍ਰਭਾਵਸ਼ਾਲੀ ਸੰਪਰਕ ਪ੍ਰਣਾਲੀ ਬਣਾਉਣ ਬਾਰੇ ਵੀ ਵਿਚਾਰ ਕੀਤਾ ਜਾਵੇ, ਤਾਂ ਜੋ ਛੋਟੀਆਂ-ਵੱਡੀਆਂ ਸ਼ਿਕਾਇਤਾਂ ਨੂੰ ਨਿਯਮਾਂ ਅਨੁਸਾਰ ਢੁੱਕਵੇਂ ਪੱਧਰ ’ਤੇ ਹੱਲ ਕੀਤਾ ਜਾ ਸਕੇ। ਮੀਟਿੰਗ ਵਿੱਚ ਟ੍ਰੇਡਰਜ਼ ਕਮਿਸ਼ਨ ਦੇ ਬਲਾਕ ਪ੍ਰਧਾਨ ਰਾਹੁਲ ਅਰੋੜਾ, ਸੌਰਵ ਭਾਟੀਆ, ਜਤਿੰਦਰ ਸਿੰਘ ਬਟਾਲਵੀ, ਦਲਜਿੰਦਰ ਸੋਨੀ, ਜਸਵਿੰਦਰ ਸਿੰਘ, ਜਤਿੰਦਰ ਸਿੰਘ ਰਾਜਪੂਤ, ਸ. ਪ੍ਰਕਾਸ਼ ਸਿੰਘ ਲਾਡੀ ਅਤੇ ਸ. ਗੁਰਸਿਮਰਨ ਸਿੰਘ ਸਮੇਤ ਹੋਰ ਅਹੁਦੇਦਾਰ ਮੌਜੂਦ ਸਨ।

ਇਸ ਮੌਕੇ ਬਲਾਕ ਪ੍ਰਧਾਨਾਂ ਨੇ ਆਪਣੇ-ਆਪਣੇ ਖੇਤਰਾਂ ਵਿੱਚ ਵਪਾਰੀਆਂ ਅਤੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਪੁਲਿਸ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਟ੍ਰੈਫਿਕ ਦੀਆਂ ਰੁਕਾਵਟਾਂ, ਬਾਜ਼ਾਰਾਂ ਵਿੱਚ ਆਵਾਜਾਈ ਦੀਆਂ ਸਮੱਸਿਆਵਾਂ, ਸੁਰੱਖਿਆ ਪ੍ਰਬੰਧਾਂ ਅਤੇ ਵਪਾਰੀਆਂ ਦੀਆਂ ਸ਼ਿਕਾਇਤਾਂ ਨਾਲ ਸਬੰਧਿਤ ਮਸਲੇ ਉਠਾਏ। ਇਸ ਮੌਕੇ ਕਿਰਪਾਲ ਸਿੰਘ ਉਦੋਵਾਲੀ ਨੇ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਨਸ਼ਿਆਂ ਤੇ ਗੈਂਗਸਟਰਵਾਦ ਵਿਰੁੱਧ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਵਪਾਰੀ ਵਰਗ ਵੀ ਇਸ ਸਬੰਧੀ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਲੋਕਾਂ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਗੈਰ-ਕਾਨੂੰਨੀ ਕੰਮ ਬਾਰੇ ਜਾਣਕਾਰੀ ਮਿਲਣ ’ਤੇ ਕਾਨੂੰਨੀ ਤਰੀਕੇ ਨਾਲ ਪੁਲਿਸ ਨੂੰ ਸੂਚਿਤ ਕਰਨਾ ਚਾਹੀਦਾ ਹੈ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

Written By
The Punjab Wire