ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਿਕਾਸੀ ਪ੍ਰੋਜੈਕਟ ਦਾ ਕੰਮ ਸ਼ੁਰੂ, ਡੇਢ ਕਿਲੋਮੀਟਰ ਲੰਬੀਆਂ ਪਾਈਪਾਂ ਪਾਈਆਂ ਜਾਣਗੀਆਂ
ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੀ ਸਾਡੀ ਰਾਜਨੀਤੀ ਦਾ ਮੁੱਖ ਮਕਸਦ: ਰਮਨ ਬਹਿਲ
ਗੁਰਦਾਸਪੁਰ, 30 ਅਕਤੂਬਰ 2026 (ਮੰਨਨ ਸੈਣੀ )। ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਅੱਜ ਪਿੰਡ ਚੌੜ ਸਿੱਧਵਾਂ ਵਿਖੇ ਪਿਛਲੇ ਕਰੀਬ 50 ਸਾਲਾਂ ਤੋਂ ਚੱਲ ਰਹੀ ਗੰਦੇ ਪਾਣੀ ਦੀ ਨਿਕਾਸੀ ਦੀ ਗੰਭੀਰ ਸਮੱਸਿਆ ਦੇ ਹੱਲ ਲਈ ਵਿਸ਼ੇਸ਼ ਉਪਰਾਲਾ ਕਰਦਿਆਂ ਨਿਕਾਸੀ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਸਮੱਸਿਆ ਕਾਰਨ ਪਿੰਡ ਵਾਸੀਆਂ ਨੂੰ ਲੰਮੇ ਸਮੇਂ ਤੋਂ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਿੰਡ ਵਾਸੀਆਂ ਦੀ ਇਸ ਪੁਰਾਣੀ ਅਤੇ ਜਾਇਜ਼ ਮੰਗ ਨੂੰ ਪੂਰਾ ਕਰਨ ਲਈ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਮੁਕੰਮਲ ਕੀਤਾ ਜਾਵੇਗਾ।
ਇਸ ਪ੍ਰੋਜੈਕਟ ਤਹਿਤ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਕਰੀਬ ਡੇਢ ਕਿਲੋਮੀਟਰ ਲੰਬੀਆਂ ਪਾਈਪਾਂ ਪਾਈਆਂ ਜਾਣਗੀਆਂ। ਇਸ ਤੋਂ ਇਲਾਵਾ ਪਿੰਡ ਦੇ ਛੱਪੜ ਦੀ ਸਫ਼ਾਈ ਕਰਵਾਈ ਜਾਵੇਗੀ ਅਤੇ ਗੰਦੇ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਪਾਣੀ ਵਾਲੀ ਮੋਟਰ ਵੀ ਲਗਾਈ ਜਾਵੇਗੀ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਸਥਾਈ ਹੱਲ ਹੋਵੇਗਾ ਅਤੇ ਪਿੰਡ ਵਾਸੀਆਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਦਾ ਅਸਲ ਮਕਸਦ ਲੋਕਾਂ ਨੂੰ ਸੁੱਖ-ਸਹੂਲਤਾਂ ਪ੍ਰਦਾਨ ਕਰਨਾ, ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦਾ ਅਸਲ ਮਤਲਬ ਸਿਰਫ਼ ਵੱਡੇ ਐਲਾਨ ਕਰਨਾ ਨਹੀਂ, ਸਗੋਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਮੁਸ਼ਕਲਾਂ ਨੂੰ ਸਮਝ ਕੇ ਉਨ੍ਹਾਂ ਦਾ ਹੱਲ ਕਰਨਾ ਹੈ। ਪਿੰਡ ਚੌੜ ਸਿੱਧਵਾਂ ਦੀ 50 ਸਾਲ ਪੁਰਾਣੀ ਸਮੱਸਿਆ ਦਾ ਹੱਲ ਕਰਵਾਉਣ ਲਈ ਸ਼ੁਰੂ ਕੀਤਾ ਗਿਆ ਇਹ ਪ੍ਰੋਜੈਕਟ ਵੀ ਇਸੇ ਸੋਚ ਦਾ ਨਤੀਜਾ ਹੈ।
ਉਨ੍ਹਾਂ ਇਸ ਵਿਕਾਸ ਕਾਰਜ ਲਈ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੇ ਸਹਿਯੋਗ ਨਾਲ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ।
ਰਮਨ ਬਹਿਲ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਦੀ ਸੇਵਾ ਲਈ ਕੀਤੇ ਜਾ ਰਹੇ ਯਤਨਾਂ ਨੂੰ ਧਿਆਨ ਵਿੱਚ ਰੱਖਣ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਉਨ੍ਹਾਂ ਦਾ ਸਾਥ ਦੇਣ ਅਤੇ ਆਪਣਾ ਕੀਮਤੀ ਸਮਰਥਨ ਦੇ ਕੇ ਉਨ੍ਹਾਂ ਨੂੰ ਜਿਤਾ ਕੇ ਪੰਜਾਬ ਵਿਧਾਨ ਸਭਾ ਵਿੱਚ ਭੇਜਣ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਾਥ ਅਤੇ ਵਿਸ਼ਵਾਸ ਮਿਲਣ ’ਤੇ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ। ਫਿਰ ਤੁਸੀਂ ਖੁਦ ਵੇਖੋਗੇ ਕਿ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਕਿਵੇਂ ਨਵੀਆਂ ਬੁਲੰਦੀਆਂ ਨੂੰ ਛੂਹੇਗੀ।
ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਰਾਣਾ, ਬੀ.ਡੀ.ਪੀ.ਓ. ਦਿਲਬਾਗ ਸਿੰਘ, ਸਰਪੰਚ ਪਿੰਡ ਚੌੜ ਬਿਕਰਮ ਸਿੰਘ, ਸਰਪੰਚ ਪਿੰਡ ਸਿੱਧਵਾਂ ਮਨਜਿੰਦਰ ਸਿੰਘ, ਸਰਪੰਚ ਰਾਜੇਸ਼ ਭੰਗਵਾਂ, ਦਵਿੰਦਰ, ਸੋਨੂੰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।