Close

Recent Posts

ਗੁਰਦਾਸਪੁਰ

ਰਮਨ ਬਹਿਲ ਨੇ ਪਿੰਡ ਨਰਪੁਰ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 178 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਰਮਨ ਬਹਿਲ ਨੇ ਪਿੰਡ ਨਰਪੁਰ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 178 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ
  • PublishedNovember 3, 2026

ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣਾ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਦਾ ਪ੍ਰਤੀਕ: ਰਮਨ ਬਹਿਲ

ਗੁਰਦਾਸਪੁਰ, 3 ਨਵੰਬਰ 2026 (ਮੰਨਨ ਸੈਣੀ )। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਪਿੰਡ ਨਰਪੁਰ ਵਿਖੇ ਪ੍ਰਾਪਰਟੀ ਕਾਰਡ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਯੋਗ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਸਮਾਰੋਹ ਦੌਰਾਨ ਕੁੱਲ 178 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਪ੍ਰਦਾਨ ਕੀਤੇ ਗਏ।

ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਅਤੇ ਲੋਕ-ਹਿਤੈਸ਼ੀ ਪਹਿਲ ਹੈ, ਜਿਸ ਦਾ ਉਦੇਸ਼ ਲੰਮੇ ਸਮੇਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਕਾਨੂੰਨੀ ਪਛਾਣ ਮਿਲੇਗੀ ਅਤੇ ਉਨ੍ਹਾਂ ਦਾ ਸਾਲਾਂ ਪੁਰਾਣਾ ਸੁਪਨਾ ਸਾਕਾਰ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਅਤੇ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ।

ਰਮਨ ਬਹਿਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।

ਇਸ ਮੌਕੇ ਨਾਇਬ ਤਹਿਸੀਲਦਾਰ ਕਿਰਨਦੀਪ ਕੌਰ, ਸਰਪੰਚ ਬਲਰਾਜ ਸਿੰਘ ਨਰਪੁਰ, ਹਲਕਾ ਯੂਥ ਪ੍ਰਧਾਨ ਸੰਦੀਪ ਸਿੰਘ ਸ਼ੇਰਾ ਨਰਪੁਰ, ਸਰਪੰਚ ਅਜੇ ਸ਼ਰਮਾ ਹਰਧਾਨ ਅਤੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਗੋਲਡੀ ਵਰਸੋਲਾ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।

Written By
The Punjab Wire