ਸੰਵਿਧਾਨ, “ਵੋਟ ਚੋਰੀ” ਤੇ ਨਸ਼ੇ ਦੇ ਮੁੱਦੇ ‘ਤੇ ਬੋਲੇ ਕ੍ਰਿਸ਼ਨ ਪਾਲ ਗੁਰਜਰ, ਕਿਹਾ, ਪੰਜਾਬ ਵਿੱਚ ਸਿਆਸੀ ਤਬਦੀਲੀ ਜ਼ਰੂਰੀ
ਗੁਰਦਾਸਪੁਰ, 3 ਨਵੰਬਰ 2026 (ਮੰਨਨ ਸੈਣੀ)। ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਭਾਰਤੀ ਜਨਤਾ ਪਾਰਟੀ ਵੱਲੋਂ ਮੰਗਲਵਾਰ ਨੂੰ ਗੁਰਦਾਸਪੁਰ ਵਿੱਚ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਪੈਦਲ ਯਾਤਰਾ ਕੱਢੀ ਗਈ। ਜ਼ਿਲ੍ਹਾ ਭਾਜਪਾ ਪ੍ਰਧਾਨ ਬਘੇਲ ਸਿੰਘ ਬਾਹੀਆ ਦੀ ਪ੍ਰਧਾਨਗੀ ਹੇਠ ਹੋਈ ਇਸ ਯਾਤਰਾ ਵਿੱਚ ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਖ਼ਾਸ ਤੌਰ ‘ਤੇ ਸ਼ਾਮਲ ਹੋਏ। ਯਾਤਰਾ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਲੋਕਤੰਤਰ ਦੀ ਰਾਖੀ, ਦੇਸ਼ ਦੀ ਤਰੱਕੀ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦਾ ਸੁਨੇਹਾ ਦਿੱਤਾ।
ਯਾਤਰਾ ਦੌਰਾਨ ਗੁਰਜਰ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਕੰਮ-ਕਾਜ ਦੇ ਢੰਗ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਸਮੇਤ ਵਿਰੋਧੀ ਧਿਰ ਦੀਆਂ ਕਈ ਪਾਰਟੀਆਂ ਦੇਸ਼ ਵਿੱਚ ਅਰਾਜਕਤਾ ਦਾ ਮਾਹੌਲ ਬਣਾ ਕੇ ਵਿਕਾਸ ਦੀ ਰਫ਼ਤਾਰ ਵਿੱਚ ਅੜਿੱਕਾ ਪਾਉਣਾ ਚਾਹੁੰਦੀਆਂ ਹਨ। ਉਨ੍ਹਾਂ ਦਾ ਦੋਸ਼ ਸੀ ਕਿ ਵਿਰੋਧੀ ਧਿਰ ਨੂੰ ਦੇਸ਼ ਦੀ ਲਗਾਤਾਰ ਹੋ ਰਹੀ ਤਰੱਕੀ ਪਸੰਦ ਨਹੀਂ ਆ ਰਹੀ, ਇਸੇ ਲਈ ਉਹ ਵੱਖ-ਵੱਖ ਮੁੱਦਿਆਂ ‘ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਸੰਵਿਧਾਨ ਦੇ ਮੁੱਦੇ ‘ਤੇ ਕਾਂਗਰਸ ਨੂੰ ਘੇਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਦਿਲ ਵਿੱਚ ਸੰਵਿਧਾਨ ਲਈ ਸਤਿਕਾਰ ਨਹੀਂ ਹੈ ਅਤੇ ਸੰਵਿਧਾਨ ਦੀ ਕਾਪੀ ਸਿਰਫ਼ ਉਸ ਦੇ ਹੱਥ ਵਿੱਚ ਹੀ ਦਿਖਾਈ ਦਿੰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੇ ਰਾਜ ਦੌਰਾਨ ਸੰਵਿਧਾਨ ਦੀ ਭਾਵਨਾ ਦੇ ਉਲਟ ਕਈ ਫ਼ੈਸਲੇ ਲਏ ਗਏ ਅਤੇ ਸੁਪਰੀਮ ਕੋਰਟ ਦੇ ਫ਼ੈਸਲਿਆਂ ਦੀ ਅਣਦੇਖੀ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਜਪਾ ਸੰਵਿਧਾਨ ਅਤੇ ਲੋਕਤੰਤਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।
ਕਾਂਗਰਸ ਵੱਲੋਂ ਉਠਾਏ ਜਾ ਰਹੇ “ਵੋਟ ਚੋਰੀ” ਦੇ ਮੁੱਦੇ ‘ਤੇ ਗੁਰਜਰ ਨੇ ਕਿਹਾ ਕਿ ਚੋਣ ਪ੍ਰਕਿਰਿਆ ‘ਤੇ ਸਵਾਲ ਚੁੱਕਣ ਤੋਂ ਪਹਿਲਾਂ ਪਾਰਟੀ ਨੂੰ ਆਪਣਾ ਪੁਰਾਣਾ ਰਾਜ ਚੇਤੇ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਉੱਤਰ ਪ੍ਰਦੇਸ਼ ਤੇ ਬਿਹਾਰ ਵਰਗੇ ਸੂਬਿਆਂ ਵਿੱਚ ਚੋਣਾਂ ਦੌਰਾਨ ਬੂਥਾਂ ਅਤੇ ਬੈਲਟ ਬਾਕਸਾਂ ‘ਤੇ ਕਬਜ਼ੇ ਹੁੰਦੇ ਸਨ। ਕਈ ਥਾਵਾਂ ‘ਤੇ ਵੋਟਰਾਂ ਨੂੰ ਡਰਾਉਣ-ਧਮਕਾਉਣ ਤੇ ਹਿੰਸਾ ਦੀਆਂ ਘਟਨਾਵਾਂ ਵੀ ਸਾਹਮਣੇ ਆਉਂਦੀਆਂ ਸਨ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਵਧੇਰੇ ਪਾਰਦਰਸ਼ੀ ਤੇ ਸੁਚੱਜੀ ਹੋਈ ਹੈ ਅਤੇ ਅੱਜ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਚੋਣਾਂ ਸੁਚਾਰੂ ਢੰਗ ਨਾਲ ਸਿਰੇ ਚੜ੍ਹ ਰਹੀਆਂ ਹਨ।
ਪੰਜਾਬ ਦੀ ਮੌਜੂਦਾ ਹਾਲਤ ‘ਤੇ ਚਿੰਤਾ ਪ੍ਰਗਟਾਉਂਦਿਆਂ ਕੇਂਦਰੀ ਮੰਤਰੀ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ, ਦੋਵਾਂ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਨਸ਼ੇ ਦੀ ਸਮੱਸਿਆ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਸ ਸਮੱਸਿਆ ‘ਤੇ ਅਸਰਦਾਰ ਕਾਬੂ ਪਾਉਣ ਵਿੱਚ ਕਾਮਯਾਬ ਨਹੀਂ ਹੋਈ।
ਗੁਰਜਰ ਨੇ ਕਿਹਾ ਕਿ ਪੰਜਾਬ ਨੂੰ ਮੁੜ ਖ਼ੁਸ਼ਹਾਲ, ਸੁਰੱਖਿਅਤ ਅਤੇ ਵਿਕਾਸਸ਼ੀਲ ਸੂਬਾ ਬਣਾਉਣ ਲਈ ਸਿਆਸੀ ਤਬਦੀਲੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮਕਸਦ ਸੂਬੇ ਵਿੱਚ ਵਿਕਾਸ, ਸੁਰੱਖਿਆ ਅਤੇ ਚੰਗੇ ਪ੍ਰਸ਼ਾਸਨ ਨੂੰ ਪਹਿਲ ਦੇਣਾ ਹੈ।