Close

Recent Posts

ਗੁਰਦਾਸਪੁਰ ਪੰਜਾਬ ਰਾਜਨੀਤੀ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਵਿਕਾਸ ਦੇ ਮੁੱਦੇ ‘ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਵਿਕਾਸ ਦੇ ਮੁੱਦੇ ‘ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ
  • PublishedJuly 1, 2025

ਕਿਹਾ ਪੁਰਾਣੇ ਕਾਹਨੂੰਵਾਨ ਹਲਕੇ ਤੇ ਨਵੇਂ ਕਾਦੀਆਂ ਹਲਕੇ ਦਾ ਵਿਕਾਸ ਉਨ੍ਹਾਂ ਦੇ ਪਿਤਾ ਜਥੇਦਾਰ ਸੇਵਾ ਸਿੰਘ ਸੇਖਵਾਂ ਤੇ ਉਨ੍ਹਾਂ ਵੱਲੋਂ ਕੀਤਾ ਗਿਆ

ਧਾਰੀਵਾਲ/ਗੁਰਦਾਸਪੁਰ, 01 ਜੁਲਾਈ 2025 ( ਦੀ ਪੰਜਾਬ ਵਾਇਰ )। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਵਿਕਾਸ ਦੇ ਮੁੱਦੇ ‘ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਧਾਰੀਵਾਲ ਤੇ ਕਾਦੀਆਂ ਸ਼ਹਿਰਾਂ ਦੇ ਕੁਝ ਵਿਕਾਸ ਪ੍ਰੋਜੈਕਟਾਂ ਬਾਰੇ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ ਜਦਕਿ ਇਹ ਸਾਰੇ ਵਿਕਾਸ ਪ੍ਰੋਜੈਕਟ ਉਨ੍ਹਾਂ ਦੇ ਯਤਨਾਂ ਸਦਕਾ ਭਗਵੰਤ ਮਾਨ ਸਰਕਾਰ ਵੱਲੋਂ ਪਾਸ ਕੀਤੇ ਗਏ ਹਨ।

ਧਾਰੀਵਾਲ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪਿਛਲੇ ਦਿਨੀਂ ਪ੍ਰਤਾਪ ਸਿੰਘ ਬਾਜਵਾ ਵੱਲੋਂ ਜੋ ਅਖ਼ਬਾਰਾਂ ਦੇ ਵਿੱਚ ਇਹ ਬਿਆਨ ਦਿੱਤਾ ਗਿਆ ਸੀ ਕਿ ਕਾਦੀਆਂ ਨਗਰ ਕੌਂਸਲ ਤੇ ਧਾਰੀਵਾਲ ਨਗਰ ਕੌਂਸਲ ਲਈ ਉਨ੍ਹਾਂ ਵੱਲੋਂ ਲੱਖਾਂ ਰੁਪਏ ਦੇ ਫ਼ੰਡ ਜਾਰੀ ਕਰਵਾਏ ਗਏ ਹਨ, ਇਹ ਸਰਾਸਰ ਗ਼ਲਤ ਹੈ। ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਅੱਜ ਤੋਂ ਦੋ ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਕੋਲੋਂ ਇਹ ਫ਼ੰਡ ਜਾਰੀ ਕਰਵਾ ਦਿੱਤੇ ਸਨ।

ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪ੍ਰਤਾਪ ਬਾਜਵਾ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨਾਲ ਵਿਕਾਸ ਕਾਰਜਾਂ ਸਬੰਧੀ ਜਨਤਕ ਬਹਿਸ ਕਰ ਸਕਦੇ ਹਨ ਅਤੇ ਉਹ ਇਸ ਲਈ ਉਨ੍ਹਾਂ ਨੂੰ ਖੁੱਲ੍ਹੀ ਚੁਣੌਤੀ ਵੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੁਰਾਣੇ ਹਲਕੇ ਕਾਹਨੂੰਵਾਨ ਅਤੇ ਨਵੇਂ ਬਣੇ ਹਲਕੇ ਕਾਦੀਆਂ ਵਿੱਚ ਵਿਕਾਸ ਉਨ੍ਹਾਂ ਦੇ ਪਿਤਾ ਸਵਰਗੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਰਵਾਏ ਸਨ ਜਾਂ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੀ ਪਤਨੀ ਬੀਬੀ ਚਰਨਜੀਤ ਕੌਰ ਅਤੇ ਉਨ੍ਹਾਂ ਦੇ ਭਰਾ ਫ਼ਤਿਹ ਜੰਗ ਸਿੰਘ ਬਾਜਵਾ ਵੀ ਇੱਥੋਂ ਵਿਧਾਇਕ ਰਹੇ ਹਨ ਪਰ ਉਨ੍ਹਾਂ ਵੱਲੋਂ ਵੀ ਹਲਕੇ ਦਾ ਕੋਈ ਵਿਕਾਸ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰਤਾਪ ਬਾਜਵਾ ਨੇ ਹਲਕੇ ਦਾ ਕਿਹੜਾ ਵਿਕਾਸ ਕਰਵਾਇਆ ਹੈ ਉਹ ਇਸ ਲਈ ਜਨਤਕ ਬਹਿਸ ਕਰ ਸਕਦੇ ਹਨ।

ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਛੋਟਾ ਘੱਲੂਘਾਰਾ ਦੇ ਮਹਾਨ ਸ਼ਹੀਦਾਂ ਦੀ ਯਾਦਗਾਰ ਵਿੱਚ ਕਾਹਨੂੰਵਾਨ ਛੰਬ ਵਿਖੇ ਸ਼ਹੀਦੀ ਸਮਾਰਕ ਬਣਵਾਈ, ਕਾਦੀਆਂ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਦਿਆਂ ਗੰਦੇ ਨਾਲੇ ਦੀ ਸਮੱਸਿਆ ਨੂੰ ਹੱਲ ਕੀਤਾ, ਸੈਨਿਕ ਸਕੂਲ ਮਨਜ਼ੂਰ ਕਰਵਾਇਆ, ਬਟਾਲਾ ਵਿਖੇ ਸ਼ਿਵ ਬਟਾਲਵੀ ਆਡੀਟੋਰੀਅਮ ਦੀ ਸਾਰ ਵੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਹੀ ਲਈ। ਉਨ੍ਹਾਂ ਕਿਹਾ ਕਿ ਹੋਰ ਤਾਂ ਕੀ ਕਾਦੀਆਂ ਸ਼ਹਿਰ ਵਿੱਚ ਜਿੱਥੇ ਪ੍ਰਤਾਪ ਸਿੰਘ ਬਾਜਵਾ ਦੀ ਰਿਹਾਇਸ਼ ਹੈ ਉਹ ਗਲੀ ਵੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਇੰਟਰਲਾਕ ਟਾਈਲਾਂ ਲਗਾ ਕੇ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਧਾਰੀਵਾਲ ਦੇ ਸੀਵਰੇਜ ਲਈ ਵੀ ਗਰਾਂਟ ਆ ਗਈ ਹੈ ਅਤੇ ਜਲਦੀ ਹੀ ਸੀਵਰੇਜ ਦੇ ਪ੍ਰੋਜੈਕਟ ਦਾ ਕੰਮ ਸ਼ੁਰੂ ਹੋ ਜਾਵੇਗਾ। ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਕਾਸ ਲਈ ਵਚਨਬੱਧ ਹਨ ਅਤੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵਿਕਾਸ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ।

Written By
The Punjab Wire