Close

Recent Posts

ਗੁਰਦਾਸਪੁਰ

ਝੋਨੇ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ
  • PublishedJuly 4, 2025

ਗੁਰਦਾਸਪੁਰ, 04 ਜੁਲਾਈ 2025 (ਦੀ ਪੰਜਾਬ ਵਾਇਰ )। ਝੋਨੇ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ। ਆਮ ਕਰਕੇ ਕਿਸਾਨਾਂ ਵੱਲੋਂ ਯੂਰੀਆ ਅਤੇ ਡੀ ਏ ਪੀ ਜਾਂ ਸੁਪਰ ਖਾਦ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਮਿੱਟੀ ਵਿਚ ਖ਼ੁਰਾਕੀ ਤੱਤਾਂ ਦਾ ਸੰਤੁਲਨ ਵਿਗੜ ਜਾਂਦਾ ਹੈ, ਨਤੀਜਤਨ ਫ਼ਸਲ ਦੀ ਪੈਦਾਵਾਰ ਪ੍ਰਭਾਵਿਤ ਹੁੰਦੀ ਹੈ। ਝੋਨੇ ਅਤੇ ਬਾਸਮਤੀ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਵੱਡੇ ਅਤੇ ਲਘੂ ਖ਼ੁਰਾਕ ਤੱਤਾਂ ਦੀ ਲੋੜੀਂਦੀ ਮਾਤਰਾ ਅਤੇ ਜ਼ਰੂਰਤ ਅਨੁਸਾਰ ਵਰਤੋਂ ਕਰਨੀ ਚਾਹੀਦੀ ਹੈ।

ਝੋਨੇ ਦੀ ਫ਼ਸਲ ਵਿਚ ਲਘੂ ਖ਼ੁਰਾਕ ਤੱਤਾਂ ਦੀ ਮਹੱਤਤਾ ਬਾਰੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਧੇਰੇ ਪੈਦਾਵਾਰ ਦੇਣ ਵਾਲੀਆਂ ਕਿਸਮਾਂ ਦੀ ਲਵਾਈ ਕਰਨ, ਲਘੂ ਤੱਤਾਂ ਵਾਲੀਆਂ ਅਤੇ ਜੈਵਿਕ ਖਾਦਾਂ ਦੀ ਘੱਟ ਵਰਤੋਂ, ਮਿੱਟੀ ਵਿੱਚ ਲਘੂ ਤੱਤਾਂ ਦੀ ਘਾਟ ਦਾ ਮੁੱਖ ਕਾਰਨ ਹਨ, ਜਿਸ ਦੀ ਪੂਰਤੀ ਕਰਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ, ਲਘੂ ਤੱਤਾਂ ਦੀ ਘਾਟ ਦੀ ਪਹਿਚਾਣ ਅਤੇ ਪੂਰਤੀ ਬਾਰੇ ਕਿਸਾਨਾਂ ਨੂੰ ਸਮੇਂ ਸਿਰ ਜਾਗਰੂਕ ਕਰਨਾ ਲਾਜ਼ਮੀ ਹੈ। ਝੋਨੇ ਦੀ ਫ਼ਸਲ ਵਿਚ ਮੁੱਖ ਤੌਰ ਤੇ ਜ਼ਿੰਕ ਅਤੇ ਲੋਹੇ ਦੀ ਘਾਟ ਦੇਖਣ ਨੂੰ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿੰਕ ਖ਼ੁਰਾਕ ਤੱਤਾਂ ਝੋਨੇ ਦੀ ਫ਼ਸਲ ਦੇ ਵਾਧੇ ਅਤੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਜੋ ਵੱਖ-ਵੱਖ ਐਂਜ਼ਾਈਮਾਂ ਦਾ ਹਿੱਸਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਨੀਰੀ ਲਾਉਣ ਤੋਂ 2-3 ਹਫ਼ਤਿਆਂ ਬਾਅਦ ਜ਼ਿੰਕ ਦੀ ਕਮੀ ਦੇ ਲੱਛਣ ਦਿਖਾਈ ਦਿੰਦੇ ਹਨ ਜਿਸ ਨਾਲ ਬੂਟੇ ਮਧਰੇ ਰਹਿ ਜਾਂਦੇ ਹਨ ਅਤੇ ਬੂਟਾ ਜੜ੍ਹ ਬਹੁਤ ਘੱਟ ਮਾਰਦਾ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਬੂਟਿਆਂ ਦੇ ਪੱਤੇ ਜੰਗਾਲੇ ਜਿਹੇ ਅਤੇ ਭੂਰੇ ਹੋ ਜਾਂਦੇ ਹਨ। ਪੱਤੇ ਦੀ ਵਿਚਕਾਰਲੀ ਨਾੜ ਦਾ ਰੰਗ ਬਦਲ ਜਾਂਦਾ ਹੈ ਅਤੇ ਬਾਅਦ ਵਿੱਚ ਪੱਤੇ ਸੁੱਕ ਜਾਂਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿੰਕ ਦੀ ਘਾਟ ਪੂਰੀ ਕਰਨ ਲਈ ਕੱਦੂ ਕਰਨ ਸਮੇਂ 25 ਕਿੱਲੋ ਜ਼ਿੰਕ ਸਲਫ਼ੇਟ ਹੈਪਟਾਹਾਈਡਰੇਟ (21 ਫ਼ੀਸਦੀ) ਜਾਂ 16 ਕਿੱਲੋ ਜ਼ਿੰਕ ਸਲਫ਼ੇਟ ਮੋਨੋਹਾਈਡ੍ਰੇਟ (33 ਫ਼ੀਸਦੀ) ਪ੍ਰਤੀ ਏਕੜ ਦੇ ਹਿਸਾਬ ਨਾਲ ਖਿਲਾਰ ਦੇਣਾ ਚਾਹੀਦਾ ਹੈ। ਜੇਕਰ ਬੀਜੀ ਫ਼ਸਲ ਵਿੱਚ ਘਾਟ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਉਸ ਵੇਲੇ ਹੀ 10 ਕਿੱਲੋ ਜ਼ਿੰਕ ਸਲਫ਼ੇਟ ਹੈਪਟਾਹਾਈਡ੍ਰੇਟ ਜਾਂ 6.5 ਕਿੱਲੋ ਜ਼ਿੰਕ ਸਲਫ਼ੇਟ ਮੋਨੋਹਾਈਡ੍ਰੇਟ ਪ੍ਰਤੀ ਏਕੜ ਖੇਤ ਦੇ ਘਾਟ ਵਾਲੇ ਥਾਵਾਂ ਵਿੱਚ ਛੱਟੇ ਨਾਲ ਪਾ ਦਿਓ। ਉਨ੍ਹਾਂ ਦੱਸਿਆ ਕਿ ਜ਼ਿੰਕ ਤੋਂ ਇਲਾਵਾ ਝੋਨੇ ਦੀ ਫ਼ਸਲ ਵਿਚ ਲੋਹੇ ਦੀ ਘਾਟ ਵੀ ਆ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਲੋਹਾ ਪੌਦਿਆਂ ਵਿੱਚ ਕਲੋਰੋਫਿੱਲ ਦੇ ਸੰਸ਼ਲੇਸ਼ਣ ਲਈ ਜ਼ਰੂਰੀ ਭੂਮਿਕਾ ਨਿਭਾਉਂਦਾ ਹੈ, ਜਿਸ ਨਾਲ ਪ੍ਰਕਾਸ਼ ਸੰਸ਼ਲੇਸ਼ਣ ਸੰਭਵ ਹੁੰਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਆਦਾ ਰੇਤਲੀਆਂ ਜ਼ਮੀਨਾਂ ਵਿੱਚ ਜਿੱਥੇ ਪਾਣੀ ਦੀ ਘਾਟ ਹੋਵੇ, ਪਨੀਰੀ ਲਾਉਣ ਤੋਂ ਲਗਭਗ ਤਿੰਨ ਹਫ਼ਤਿਆਂ ਬਾਅਦ ਬੂਟੇ ਦੇ ਨਵੇਂ ਨਿਕਲ ਰਹੇ ਪੱਤੇ ਪੀਲੇ ਪੈ ਜਾਂਦੇ ਹਨ। ਇਸ ਨਾਲ ਬੂਟੇ ਮਰ ਜਾਂਦੇ ਹਨ ਅਤੇ ਕਈ ਵਾਰੀ ਸਾਰੀ ਦੀ ਸਾਰੀ ਫ਼ਸਲ ਹੀ ਤਬਾਹ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੀਲ਼ੇਪਨ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤੇ ਛੇਤੀ-ਛੇਤੀ ਫ਼ਸਲ ਨੂੰ ਪਾਣੀ ਦਿਓ। ਇੱਕ ਹਫ਼ਤੇ ਦੀ ਵਿੱਥ ਰੱਖ ਕੇ ਇੱਕ ਪ੍ਰਤੀਸ਼ਤ ਲੋਹੇ ਦਾ ਛਿੜਕਾਅ ਪੱਤਿਆਂ ਉੱਪਰ ਕਰੋ। ਇਸ ਲਈ ਇੱਕ ਕਿੱਲੋ ਫੈਰਸ ਸਲਫ਼ੇਟ ਨੂੰ 100 ਲੀਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਅਜਿਹੇ 2-3 ਛਿੜਕਾਅ ਕਰਨ ਨਾਲ ਲੋਹੇ ਦੀ ਘਾਟ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਲੋਹੇ ਦੀ ਵਰਤੋਂ ਸਿਰਫ਼ ਛਿੜਕਾਅ ਕਰਕੇ ਹੀ ਕੀਤੀ ਜਾਵੇ ਨਾਂ ਕਿ ਛੱਟਾ ਦੇ ਕੇ।

Written By
The Punjab Wire