ਰਮਨ ਬਹਿਲ ਵੱਲੋਂ ਹਲਕਾ ਗੁਰਦਾਸਪੁਰ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ 32.30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਲਾਸ ਰੂਮਾਂ ਅਤੇ ਆਧੁਨਿਕ ਇੰਟੀਗ੍ਰੇਟਿਡ ਮੈਥਸ ਨਾਲ ਸਾਇੰਸ ਲੈਬ ਦਾ ਉਦਘਾਟਨ
ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣਾ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਪਹਿਲ : ਰਮਨ ਬਹਿਲ
ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਸ਼. ਭਗਵੰਤ ਸਿੰਘ ਮਾਨ ਹਰ ਪਹਿਲਕਦਮੀ ਵਿੱਚ ਮੋਹਰੀ : ਭਾਰਤ ਭੂਸ਼ਨ ਸ਼ਰਮਾ
ਗੁਰਦਾਸਪੁਰ, 7 ਨਵੰਬਰ 2026 (ਮੰਨਨ ਸੈਣੀ)– ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਅਤੇ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਭਾਰਤ ਭੂਸ਼ਨ ਸ਼ਰਮਾ ਦੇ ਯਤਨਾਂ ਸਦਕਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ਕੁੱਲ 32 ਲੱਖ 30 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਨਵੇਂ ਕਲਾਸ ਰੂਮਾਂ ਅਤੇ ਇੱਕ ਆਧੁਨਿਕ ਇੰਟੀਗ੍ਰੇਟਿਡ ਮੈਥਸ ਨਾਲ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਨੂੰ ਬਿਹਤਰ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਦੇਣਾ ਸਮੇਂ ਦੀ ਲੋੜ ਹੈ। ਸਕੂਲਾਂ ਵਿੱਚ ਨਵੇਂ ਕਲਾਸ ਰੂਮਾਂ ਅਤੇ ਆਧੁਨਿਕ ਲੈਬਾਂ ਦੀ ਉਸਾਰੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਮਾਹੌਲ ਮਿਲੇਗਾ। ਉਨ੍ਹਾਂ ਕਿਹਾ ਕਿ ਹਲਕਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਉਹ ਲਗਾਤਾਰ ਯਤਨ ਕਰ ਰਹੇ ਹਨ।
ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਭਾਰਤ ਭੂਸ਼ਨ ਸ਼ਰਮਾ ਨੇ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਮਾਨਯੋਗ ਮੁੱਖ ਮੰਤਰੀ ਪੰਜਾਬ ਸ਼. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਹਰ ਪਹਿਲਕਦਮੀ ਵਿੱਚ ਸਰਕਾਰ ਮੋਹਰੀ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਇਹ ਉਪਰਾਲੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਸਾਬਤ ਹੋਣਗੇ।
ਪਿੰਡ ਸਲੀਮਪੁਰ ਅਰਾਈਆਂ ਦੇ ਸਰਕਾਰੀ ਮਿਡਲ ਸਕੂਲ ਵਿੱਚ 9.55 ਲੱਖ ਨਾਲ ਬਣੇ ਵਾਧੂ ਕਲਾਸ ਰੂਮ ਦਾ ਉਦਘਾਟਨ :
ਪਿੰਡ ਸਲੀਮਪੁਰ ਅਰਾਈਆਂ ਦੇ ਸਰਕਾਰੀ ਮਿਡਲ ਸਕੂਲ ਵਿੱਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵਾਧੂ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਇਸ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹੋਰ ਵਧੀਆ ਅਤੇ ਸੁਚੱਜਾ ਮਾਹੌਲ ਮਿਲੇਗਾ। ਇਸ ਮੌਕੇ ਸਕੂਲ ਇੰਚਾਰਜ ਬੂਟਾ ਰਾਮ ਅਤੇ ਪਿੰਡ ਦੇ ਸਰਪੰਚ ਕੁਲਵੰਤ ਰਾਜ ਹਾਜ਼ਰ ਸਨ।
ਪਿੰਡ ਮੰਗਲ ਹੁਸੈਨ ਦੇ ਸਰਕਾਰੀ ਮਿਡਲ ਸਕੂਲ ਵਿੱਚ 9.55 ਲੱਖ ਦੀ ਲਾਗਤ ਨਾਲ ਤਿਆਰ ਆਧੁਨਿਕ ਕਲਾਸ ਰੂਮ ਦਾ ਉਦਘਾਟਨ :
ਇਸੇ ਤਰ੍ਹਾਂ ਪਿੰਡ ਮੰਗਲ ਹੁਸੈਨ ਦੇ ਸਰਕਾਰੀ ਮਿਡਲ ਸਕੂਲ ਵਿੱਚ ਵੀ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਇਸ ਨਾਲ ਸਕੂਲ ਵਿੱਚ ਵਿਦਿਆਰਥੀਆਂ ਲਈ ਸਿੱਖਿਆ ਦੀਆਂ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। ਇਸ ਮੌਕੇ ਸਕੂਲ ਇੰਚਾਰਜ ਰਾਜ ਕੁਮਾਰ ਬਹਿਲ, ਪਿੰਡ ਦੇ ਸਰਪੰਚ ਸਾਬ ਮਸੀਹ ਅਤੇ ਪਿੰਡ ਸਲੀਮਪੁਰ ਅਫ਼ਗਾਨਾ ਦੇ ਸਰਪੰਚ ਸੁਨੀਲ ਮਸੀਹ ਵੀ ਮੌਜੂਦ ਸਨ।
ਪਿੰਡ ਜੌੜਾ ਛਿੱਤਰਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 13.20 ਲੱਖ ਨਾਲ ਬਣੀ ਆਧੁਨਿਕ ਇੰਟੀਗ੍ਰੇਟਿਡ ਮੈਥਸ ਨਾਲ ਸਾਇੰਸ ਲੈਬ :
ਇਸ ਤੋਂ ਇਲਾਵਾ ਪਿੰਡ ਜੌੜਾ ਛਿੱਤੜਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 13 ਲੱਖ 20 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਇੰਟੀਗ੍ਰੇਟਿਡ ਮੈਥਸ ਨਾਲ ਸਾਇੰਸ ਲੈਬ ਦਾ ਵੀ ਉਦਘਾਟਨ ਕੀਤਾ ਗਿਆ। ਮੈਡਮ ਸੁਨੀਤਾ ਸ਼ਰਮਾ ਦੀ ਦੇਖ-ਰੇਖ ਹੇਠ ਤਿਆਰ ਕੀਤੀ ਗਈ ਇਸ ਲੈਬ ਰਾਹੀਂ ਵਿਦਿਆਰਥੀਆਂ ਨੂੰ ਗਣਿਤ ਅਤੇ ਵਿਗਿਆਨ ਦੇ ਵਿਸ਼ਿਆਂ ਨੂੰ ਪ੍ਰਯੋਗਿਕ ਢੰਗ ਨਾਲ ਸਮਝਣ ਅਤੇ ਸਿੱਖਣ ਦਾ ਮੌਕਾ ਮਿਲੇਗਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੁਰਿੰਦਰ ਕੁਮਾਰ, ਸਰਪੰਚ ਨਿਸ਼ਾਨ ਸਿੰਘ, ਸਰਪੰਚ ਰੋਸ਼ਨ ਲਾਲ ਪੂਰੋਵਾਲ ਰਾਜਪੂਤਾਂ ਅਤੇ ਸਰਪੰਚ ਬਲਜੀਤ ਸਿੰਘ ਬੋਪਾਰਾਏ ਹਾਜ਼ਰ ਸਨ।
ਇਨ੍ਹਾਂ ਤਿੰਨਾਂ ਸਮਾਗਮਾਂ ਦੌਰਾਨ ਹਲਕਾ ਸਿੱਖਿਆ ਕੋਆਰਡੀਨੇਟਰ ਅਸ਼ਵਨੀ ਸ਼ਰਮਾ, ਸਰਪੰਚ ਰਾਜੇਸ਼ ਭੰਗਵਾਂ ਅਤੇ ਰਿਟਾਇਰਡ ਪ੍ਰਿੰਸੀਪਲ ਬਲਬੀਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਸਬੰਧਤ ਸਕੂਲਾਂ ਦੇ ਸਮੂਹ ਸਟਾਫ਼ ਮੈਂਬਰਾਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਵੀ ਸ਼ਿਰਕਤ ਕੀਤੀ।