Close

Recent Posts

ਗੁਰਦਾਸਪੁਰ

ਰਮਨ ਬਹਿਲ ਵੱਲੋਂ ਹਲਕਾ ਗੁਰਦਾਸਪੁਰ ਦੇ ਤਿੰਨ ਪਿੰਡਾਂ ਵਿੱਚ ਲਗਭਗ 54 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ

ਰਮਨ ਬਹਿਲ ਵੱਲੋਂ ਹਲਕਾ ਗੁਰਦਾਸਪੁਰ ਦੇ ਤਿੰਨ ਪਿੰਡਾਂ ਵਿੱਚ ਲਗਭਗ 54 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ
  • PublishedNovember 11, 2026

ਖੇਡ ਮੈਦਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ : ਰਮਨ ਬਹਿਲ

ਗੁਰਦਾਸਪੁਰ, 11 ਨਵੰਬਰ 2026 (ਮੰਨਨ ਸੈਣੀ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਤਿੰਨ ਪਿੰਡਾਂ ਭੁੱਲਾ, ਜੋੜਾ ਛੱਤਰਾ ਅਤੇ ਗਜ਼ਨੀਪੁਰ ਵਿੱਚ ਲਗਭਗ 54 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਖੇਡ ਮੈਦਾਨਾਂ ਦਾ ਉਦਘਾਟਨ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਵੱਲੋਂ ਆਪਣੇ ਕਰ-ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਇਹ ਖੇਡ ਮੈਦਾਨ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੇ।

ਇਸ ਮੌਕੇ ਰਮਨ ਬਹਿਲ ਨੇ ਦੱਸਿਆ ਕਿ ਪਿੰਡ ਭੁੱਲਾ ਵਿੱਚ ਤਕਰੀਬਨ 22 ਲੱਖ ਰੁਪਏ, ਪਿੰਡ ਜੋੜਾ ਛੱਤਰਾ ਵਿੱਚ 14 ਲੱਖ 50 ਹਜ਼ਾਰ ਰੁਪਏ ਅਤੇ ਪਿੰਡ ਗਜ਼ਨੀਪੁਰ ਵਿੱਚ ਲਗਭਗ 18 ਲੱਖ ਰੁਪਏ ਦੀ ਲਾਗਤ ਨਾਲ ਇਹ ਆਧੁਨਿਕ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਇਨ੍ਹਾਂ ਮੈਦਾਨਾਂ ਵਿੱਚ ਵਾਲੀਬਾਲ ਅਤੇ ਫੁੱਟਬਾਲ ਵਰਗੀਆਂ ਖੇਡਾਂ ਲਈ ਵਿਸ਼ੇਸ਼ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਛੋਟੇ ਬੱਚਿਆਂ ਲਈ ਵੱਖਰਾ ਪਲੇਅ ਗਰਾਊਂਡ ਵੀ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਖੇਡ ਮੈਦਾਨਾਂ ਵਿੱਚ ਸੈਰ ਕਰਨ ਲਈ ਮਿੱਟੀ ਦਾ ਟਰੈਕ, ਚੇਨ ਲਿੰਕ ਫੈਂਸਿੰਗ, ਸਬਮਰਸੀਬਲ ਪੰਪ, ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ, ਰੌਸ਼ਨੀ ਲਈ ਲਾਈਟਾਂ ਅਤੇ ਬਾਥਰੂਮ ਆਦਿ ਦੀ ਵਿਵਸਥਾ ਵੀ ਕੀਤੀ ਗਈ ਹੈ। ਇਹ ਮੈਦਾਨ ਪਿੰਡਾਂ ਦੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਲਈ ਖੇਡਾਂ ਅਤੇ ਸਰੀਰਕ ਤੰਦਰੁਸਤੀ ਦਾ ਵਧੀਆ ਕੇਂਦਰ ਸਾਬਤ ਹੋਣਗੇ।

ਰਮਨ ਬਹਿਲ ਵੱਲੋਂ ਬੱਚਿਆਂ ਅਤੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੀ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਉਨ੍ਹਾਂ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਇਸੇ ਤਰ੍ਹਾਂ ਦੇ ਹੋਰ 29 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਕੰਮ ਮੁਕੰਮਲ ਹੋਣ ਉਪਰੰਤ ਜਲਦ ਹੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਹੈ, ਤਾਂ ਜੋ ਪਿੰਡਾਂ ਦੀ ਨਵੀਂ ਪੀੜ੍ਹੀ ਨੂੰ ਆਪਣੇ ਹੀ ਪਿੰਡਾਂ ਵਿੱਚ ਵਧੀਆ ਖੇਡ ਸਹੂਲਤਾਂ ਮਿਲ ਸਕਣ।

ਰਮਨ ਬਹਿਲ ਨੇ ਪੰਜਾਬ ਸਰਕਾਰ ਅਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਪਿੰਡ ਪੱਧਰ ’ਤੇ ਖਿਡਾਰੀਆਂ ਨੂੰ ਬਿਹਤਰ ਮੌਕੇ ਮਿਲ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਗੁਰਦਾਸਪੁਰ ਦੇ ਵਿਕਾਸ ਅਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।

ਇਸ ਮੌਕੇ ਸਗੰਠਨ ਪ੍ਧਾਨ ਭਾਰਤ ਭੂਸ਼ਣ ਸ਼ਰਮਾ, ਬਲਾਕ ਸੰਮਤੀ ਦੇ ਚੇਅਰਮੈਨ ਸ੍ਰੀ ਰਣਜੀਤ ਸਿੰਘ ਰਾਣਾ, ਸਪੋਰਟਸ ਕਮੇਟੀ ਦੇ ਚੇਅਰਮੈਨ ਸਵਿੰਦਰ ਸਿੰਘ ਲੰਬੜ, ਪਿੰਡ ਭੁੱਲਾ ਦੇ ਸਰਪੰਚ ਸ੍ਰੀ ਜਤਿੰਦਰ ਕੁਮਾਰ, ਪਿੰਡ ਜੋੜਾ ਛੱਤਰਾ ਦੇ ਸਰਪੰਚ ਸ੍ਰੀ ਨਿਸ਼ਾਨ ਸਿੰਘ, ਪਿੰਡ ਗਜ਼ਨੀਪੁਰ ਦੇ ਸਰਪੰਚ ਸ੍ਰੀ ਦਵਿੰਦਰ ਸਿੰਘ, ਬੀ.ਡੀ.ਪੀ.ਓ. ਗੁਰਦਾਸਪੁਰ ਸ੍ਰੀ ਦਿਲਬਾਗ ਸਿੰਘ, ਹਲਕਾ ਯੂਥ ਪ੍ਰਧਾਨ ਸ੍ਰੀ ਸੰਦੀਪ ਸਿੰਘ ਸ਼ੇਰਾ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਅਤੇ ਸਮੂਹ ਗ੍ਰਾਮ ਪੰਚਾਇਤ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਖਿਡਾਰੀ ਹਾਜ਼ਰ ਸਨ।

Written By
The Punjab Wire