ਪੰਜਾਬ

ਡਿਊਟੀ ’ਚ ਕੁਤਾਹੀ ਵਰਤਣ ’ਤੇ ਤਿੰਨ ਪੰਚਾਇਤ ਸਕੱਤਰ ਮੁਅੱਤਲ

ਡਿਊਟੀ ’ਚ ਕੁਤਾਹੀ ਵਰਤਣ ’ਤੇ ਤਿੰਨ ਪੰਚਾਇਤ ਸਕੱਤਰ ਮੁਅੱਤਲ
  • PublishedJuly 10, 2025

ਡਿਪਟੀ ਕਮਿਸ਼ਨਰ ਦੀ ਸਿਫਾਰਸ਼ ’ਤੇ ਹੋਈ ਕਾਰਵਾਈ

ਜਲੰਧਰ, 10 ਜੁਲਾਈ 2025 (ਦੀ ਪੰਜਾਬ ਵਾਇਰ)। ਡਿਊਟੀ ਵਿੱਚ ਕੁਤਾਹੀ ਵਰਤਣ ’ਤੇ ਜ਼ਿਲ੍ਹਾ ਜਲੰਧਰ ਦੇ ਤਿੰਨ ਪੰਚਾਇਤ ਸਕੱਤਰਾਂ ਨੂੰ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮੁਅੱਤਲੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ ਗਈ ਸਿਫਾਰਸ਼ ਦੇ ਆਧਾਰ ’ਤੇ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪ੍ਰਾਪਤ ਹੁਕਮਾਂ ਅਨੁਸਾਰ ਪੰਚਾਇਤ ਸਕੱਤਰ ਪ੍ਰਸ਼ੋਤਮ ਲਾਲ ਤੇ ਦਿਲਬਾਗ ਸਹੋਤਾ (ਪੰਚਾਇਤ ਸੰਮਤੀ ਜਲੰਧਰ ਪੱਛਮੀ) ਅਤੇ ਪਰਵਿੰਦਰ ਸਿੰਘ ਪੰਚਾਇਤ ਸਕੱਤਰ, ਪੰਚਾਇਤ ਸੰਮਤੀ ਫਿਲੌਰ ਨੂੰ ਅਹੁਦੇ ਤੋਂ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਇਨ੍ਹਾਂ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਜਲੰਧਰ ਹੋਵੇਗਾ।

ਪੰਜਾਬ ਸਰਕਾਰ ਵੱਲੋਂ ਸਾਫ-ਸੁਥਰਾ ਅਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਚੰਗਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਸਪਸ਼ਟ ਕਿਹਾ ਕਿ ਡਿਊਟੀ ਵਿੱਚ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਜੇਕਰ ਭਵਿੱਖ ਵਿੱਚ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਇਆ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Written By
The Punjab Wire