ਗੁਰਦਾਸਪੁਰ

ਵਿਧਾਨ ਸਭਾ ਹਲਕਾ ਦੀਨਾਨਗਰ ਵਿਖੇ ਮੁੜ ਸ਼ੁਰੂ ਹੋਈ ਨਸ਼ਾ ਮੁਕਤੀ ਯਾਤਰਾ

ਵਿਧਾਨ ਸਭਾ ਹਲਕਾ ਦੀਨਾਨਗਰ ਵਿਖੇ ਮੁੜ ਸ਼ੁਰੂ ਹੋਈ ਨਸ਼ਾ ਮੁਕਤੀ ਯਾਤਰਾ
  • PublishedJuly 15, 2025

ਹਲਕਾ ਦੀਨਾਨਗਰ ਦੇ ਪਿੰਡ ਬਿਆਨਪੁਰ, ਸਿੱਧਪੁਰ ਅਤੇ ਮਕੌੜਾ ਵਿਖੇ ਹੋਈਆਂ ਜਾਗਰੂਕਤਾ ਰੈਲੀਆਂ

ਦੀਨਾਨਗਰ/ਗੁਰਦਾਸਪੁਰ, 15 ਜੁਲਾਈ 2025 ( ਮੰਨਨ ਸੈਣੀ )। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ ਹੈ। ਨਸ਼ਾ ਮੁਕਤੀ ਯਾਤਰਾ ਅੱਜ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਬਿਆਨਪੁਰ, ਸਿੱਧਪੁਰ ਅਤੇ ਮਕੌੜਾ ਵਿਖੇ ਪਹੁੰਚੀ ਜਿੱਥੇ  ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਗਿਆ। ਇਸ ਮੌਕੇ ਹਾਜ਼ਰ ਇਕੱਠ ਨੂੰ ਸ਼ਮਸ਼ੇਰ ਸਿੰਘ ਦੀਨਾਨਗਰ ਵੱਲੋਂ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ।

ਇਸ ਮੌਕੇ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਉੱਘੇ ਜਨਤਕ ਆਗੂ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ ਹੈ ਜਿਸ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਆਪ ਮੁਹਾਰੇ ਅੱਗੇ ਆ ਕੇ ਇਸ ਯਾਤਰਾ ਦਾ ਹਿੱਸਾ ਬਣ ਰਹੇ ਹਨ ਅਤੇ ਪੰਜਾਬ ਵਿੱਚੋਂ ਨਸ਼ੇ ਦੀਆਂ ਜੜ੍ਹਾਂ ਪੁੱਟਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਵੀ ਕਰਨ ਲੱਗ ਪਏ ਹਨ, ਹੁਣ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਮੁਕੰਮਲ ਤੌਰ ਉੱਤੇ ਹੋ ਜਾਵੇਗਾ।

ਸ਼ਮਸ਼ੇਰ ਸਿੰਘ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ, ਜਿੱਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਢੁਕਵਾਂ ਇਲਾਜ ਕੀਤਾ ਜਾਂਦਾ ਹੈ।

ਸ਼ਮਸ਼ੇਰ ਸਿੰਘ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵੱਲੋਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਈ ਵੱਡੇ ਨਸ਼ਾ ਤਸਕਰ ਵੀ ਜੇਲ੍ਹਾਂ ਵਿੱਚ ਡੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਵਾਲੇ ਕਿਸੇ ਗ਼ਲਤ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Written By
The Punjab Wire