ਗੁਰਬਚਨ ਬੱਬੇਹਾਲੀ ਦੀ ਅਗਵਾਈ ਤਲੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ, ਸੂਬਾਈ ਖੁਦਮੁਖਤਿਆਰੀ ਸਮੇਤ ਕਈ ਮੁੱਦੇ ਉਠਾਏ
ਗੁਰਦਾਸਪੁਰ, 19 ਜੁਲਾਈ 2025 (ਮੰਨਨ ਸੈਣੀ)। ਅੱਜ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਮੈਂਬਰਾਂ ਦਾ ਇੱਕ ਵਫ਼ਦ, ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਬਾਦਲ ਵਿਖੇ ਮਿਲਿਆ। ਇਸ ਮੁਲਾਕਾਤ ਦੌਰਾਨ ਸੂਬਿਆਂ ਦੀ ਖੁਦਮੁਖਤਿਆਰੀ, ਪਾਣੀਆਂ ਦੀ ਲੁੱਟ, ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨ, ਅਤੇ ਪੰਜਾਬ ਵਿੱਚ ਅੱਤਵਾਦੀ, ਦੇਸ਼ ਧ੍ਰੋਹੀ, ਗੈਂਗਸਟਰ ਆਦਿ ਦੇ ਨਾਮ ਹੇਠ ਹੋ ਰਹੇ ਕਤਲਾਂ ਵਰਗੇ ਅਹਿਮ ਮੁੱਦਿਆਂ ‘ਤੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਹੋਇਆ।
ਫੈਡਰੇਸ਼ਨ ਦੇ ਆਗੂਆਂ ਨੇ ਜ਼ੋਰ ਦਿੱਤਾ ਕਿ ਭਾਰਤ ਇੱਕ ਬਹੁ-ਕੌਮੀ, ਬਹੁ-ਭਾਸ਼ਾਈ ਅਤੇ ਬਹੁ-ਧਰਮੀ ਦੇਸ਼ ਹੈ, ਅਤੇ ਇੱਥੋਂ ਦੀ ਸਮਾਜਿਕ ਬਣਤਰ, ਜਲਵਾਯੂ ਅਤੇ ਹਾਲਾਤਾਂ ਦੇ ਅਨੁਕੂਲ ਫੈਸਲੇ ਲੈਣ ਲਈ ਸੂਬਿਆਂ ਨੂੰ ਖੁਦਮੁਖਤਿਆਰ ਹੋਣਾ ਚਾਹੀਦਾ ਹੈ। ਇਸ ਸਬੰਧੀ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਆਗੂਆਂ ਵੱਲੋਂ ਸੁਖਬੀਰ ਬਾਦਲ ਨੂੰ ਇੱਕ ਲਿਖਤੀ ਮੰਗ ਪੱਤਰ ਵੀ ਸੌਂਪਿਆ ਗਿਆ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਫੈਡਰੇਸ਼ਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਸਮਾਂ ਆਉਣ ‘ਤੇ ਇਨ੍ਹਾਂ ਸਾਰੀਆਂ ਮੰਗਾਂ ਨੂੰ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਵਿਚਾਰ ਚਰਚਾ ਨਾਲ ਰਾਜਾਂ ਲਈ ਵੱਧ ਅਧਿਕਾਰਾਂ ਦੀ ਵੱਡੀ ਮੁਹਿੰਮ ਨੂੰ ਬਲ ਮਿਲਿਆ ਹੈ।
ਇਸ ਵਫ਼ਦ ਵਿੱਚ ਮੇਜਰ ਸਿੰਘ (ਪ੍ਰਧਾਨ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ), ਸਰਦਾਰ ਜਗਵਿੰਦਰਜੀਤ ਸਿੰਘ ਸੰਧੂ (ਰਿਟਾਇਰਡ ਏ.ਡੀ.ਸੀ.), ਅਤੇ ਜਸਪਾਲ ਸਿੰਘ ਇਸਲਾਮਗੰਜ (ਮੁੱਖ ਬੁਲਾਰਾ) ਸ਼ਾਮਲ ਸਨ।