Close

Recent Posts

ਗੁਰਦਾਸਪੁਰ ਪੰਜਾਬ

ਜੁਆਇੰਟ ਸੀ.ਈ.ਓ. ਪੰਜਾਬ ਸੰਜੀਵ ਸ਼ਰਮਾ ਗੁਰਦਾਸਪੁਰ ਪਹੁੰਚੇ, ਈਵੀਐਮਜ਼ ਤੇ ਵੀਵੀਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਕੀਤੀ

ਜੁਆਇੰਟ ਸੀ.ਈ.ਓ. ਪੰਜਾਬ ਸੰਜੀਵ ਸ਼ਰਮਾ ਗੁਰਦਾਸਪੁਰ ਪਹੁੰਚੇ, ਈਵੀਐਮਜ਼ ਤੇ ਵੀਵੀਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਕੀਤੀ
  • PublishedNovember 21, 2026

ਚੋਣਾਂ-2027 ਦੀ ਤਿਆਰੀ: ਗੁਰਦਾਸਪੁਰ ਵਿੱਚ ਈਵੀਐਮਜ਼ ਦੀ ਫਸਟ ਲੈਵਲ ਚੈਕਿੰਗ ਦਾ ਜਾਇਜ਼ਾ ਲੈਣ ਪਹੁੰਚੇ ਜੁਆਇੰਟ ਸੀ.ਈ.ਓ.

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਹੋ ਰਹੀ ਹੈ ਈਵੀਐਮਜ਼ ਦੀ ਚੈਕਿੰਗ: ਸੰਜੀਵ ਸ਼ਰਮਾ

ਗੁਰਦਾਸਪੁਰ, 21 ਨਵੰਬਰ 2026 (ਮੰਨਨ ਸੈਣੀ)। ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੈਟ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) 12 ਨਵੰਬਰ, 2026 ਤੋਂ ਸ਼ੁਰੂ ਹੋ ਚੁੱਕੀ ਹੈ।

ਇਸੇ ਸਿਲਸਿਲੇ ਵਿੱਚ ਅੱਜ ਜੁਆਇੰਟ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਸੰਜੀਵ ਸ਼ਰਮਾ ਗੁਰਦਾਸਪੁਰ ਪਹੁੰਚੇ ਅਤੇ ਈਵੀਐਮਜ਼ ਤੇ ਵੀਵੀਪੈਟ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ, ਤਹਿਸੀਲਦਾਰ ਚੋਣਾਂ ਗੁਰਦਾਸਪੁਰ ਮਨਜਿੰਦਰ ਸਿੰਘ ਬਾਜਵਾ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਅਧਿਕਾਰਤ ਨੁਮਾਇੰਦੇ ਹਾਜ਼ਰ ਸਨ।

ਸੰਜੀਵ ਸ਼ਰਮਾ ਨੇ ਫਸਟ ਲੈਵਲ ਚੈਕਿੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ ਤੈਅ ਕੀਤੀ ਇੱਕ ਲਾਜ਼ਮੀ ਪ੍ਰਕਿਰਿਆ ਹੈ, ਜਿਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਵਿੱਚ ਸਿਰਫ਼ ਪੂਰੀ ਤਰ੍ਹਾਂ ਕੰਮ ਕਰਦੀਆਂ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਹੀ ਵਰਤੀਆਂ ਜਾਣ।

ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਅਤੇ ਵੀਵੀਪੈਟ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਵੱਲੋਂ ਕੀਤੀ ਜਾਂਦੀ ਹੈ। ਇਹ ਸਾਰੀ ਕਾਰਵਾਈ ਸਬੰਧਤ ਜ਼ਿਲ੍ਹਾ ਚੋਣ ਅਫ਼ਸਰਾਂ ਦੀ ਦੇਖ-ਰੇਖ ਹੇਠ ਚੱਲ ਰਹੀ ਹੈ ਅਤੇ ਇਸ ਨੂੰ ਸੁਚਾਰੂ, ਪਾਰਦਰਸ਼ੀ ਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਜੁਆਇੰਟ ਸੀ.ਈ.ਓ. ਨੇ ਦੱਸਿਆ ਕਿ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਆਪਣੇ ਨੁਮਾਇੰਦੇ ਫਸਟ ਲੈਵਲ ਚੈਕਿੰਗ ਦੌਰਾਨ ਹਾਜ਼ਰ ਰੱਖਣ ਲਈ ਅਧਿਕਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗੀ, ਸਬੰਧਤ ਧਿਰਾਂ ਵਿੱਚ ਭਰੋਸਾ ਪੈਦਾ ਕਰੇਗੀ ਅਤੇ ਪੂਰੀ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਨਿਰਪੱਖ ਢੰਗ ਨਾਲ ਪੂਰੀ ਹੋਣੀ ਯਕੀਨੀ ਬਣਾਏਗੀ।

Written By
The Punjab Wire