ਵਿਧਾਇਕ ਪਾਹੜਾ ਨੇ 12 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਕੀਤਾ ਉਦਘਾਟਨ
ਗੁਰਦਾਸਪੁਰ,23 ਜੁਲਾਈ 2025 (ਮੰਨਨ ਸੈਣੀ)। ਗੁਰਦਾਸਪੁਰ ਹਲਕੇ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਾਲਜ ਰੋਡ ‘ਤੇ ਸਥਿਤ ਵਾਰਡ ਨੰਬਰ 23 ਦੇ ਕੋਲਡ ਸਟੋਰ ਤੋਂ ਗੁਰਦੁਆਰਾ ਸਾਹਿਬ ਤੱਕ ਜਾਣ ਵਾਲੀ 12 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਕੀਤਾ।
ਇਸ ਮੌਕੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਇਸ ਸੜਕ ਦੀ ਹਾਲਤ ਖ਼ਰਾਬ ਹੋਣ ਕਾਰਨ ਲੋਕਾਂ ਨੂੰ ਆਉਣ-ਜਾਣ ਵਿੱਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਖਾਸ ਕਰਕੇ ਮਾਨਸੂਨ ਦੇ ਮੌਸਮ ਵਿੱਚ ਹਾਲਤ ਹੋਰ ਵੀ ਬਦਤਰ ਹੋ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਇਸ ਸੜਕ ਨੂੰ ਬਣਾਉਣ ਦੀ ਮੰਗ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੀ, ਜਿਸ ਦਾ ਹੁਣ ਹੱਲ ਕਰ ਦਿੱਤਾ ਗਿਆ ਹੈ।
ਪਾਹੜਾ ਨੇ ਜ਼ੋਰ ਦੇ ਕੇ ਕਿਹਾ, “ਭਾਵੇਂ ਇਸ ਸਮੇਂ ਸਾਡੀ ਸਰਕਾਰ ਸੱਤਾ ਵਿੱਚ ਨਹੀਂ ਹੈ, ਫਿਰ ਵੀ ਮੈਂ ਇੱਕ ਵਿਧਾਇਕ ਹੋਣ ਦੇ ਨਾਤੇ ਆਪਣੇ ਹਲਕੇ ਦੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹਾਂ।” ਉਨ੍ਹਾਂ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਜਦੋਂ ਕਾਂਗਰਸ ਸੱਤਾ ਵਿੱਚ ਸੀ, ਉਸ ਸਮੇਂ ਹਲਕੇ ਵਿੱਚ ਵਿਕਾਸ ਪੱਖੋਂ “ਹਨੇਰੀ” ਲਿਆ ਦਿੱਤੀ ਗਈ ਸੀ ਅਤੇ ਹਰ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਸਨ, ਪਰ ਜਦੋਂ ਤੋਂ ਸਰਕਾਰ ਬਦਲੀ ਹੈ, ਉਦੋਂ ਤੋਂ ਹੀ ਵਿਕਾਸ ਕਾਰਜ ਠੱਪ ਪਏ ਹੋਏ ਹਨ।