ਘੁਰਾਲਾ ਦੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ‘ਤੇ ਵੀ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ: ਵਿਧਾਇਕ ਪਾਹੜਾ
ਗੁਰਦਾਸਪੁਰ, 23 ਜੁਲਾਈ 2025 (ਮੰਨਨ ਸੈਣੀ)। ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਤਹਿਤ ਗੁਰਦਾਸਪੁਰ ਦੇ ਪਿੰਡ ਘੁਰਾਲਾ ਵਿੱਚ ਕਰੀਬ 80 ਏਕੜ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ, ਜਿਸ ਨਾਲ ਪਿੰਡ ਦੀ ਹੋਂਦ ਹੀ ਖ਼ਤਰੇ ਵਿੱਚ ਪੈ ਜਾਵੇਗੀ। ਇਸ ਲਈ ਹੁਣ ਕਿਸੇ ਵੀ ਕੀਮਤ ‘ਤੇ ਪਿੰਡ ਦੀ ਇੱਕ ਇੰਚ ਜ਼ਮੀਨ ‘ਤੇ ਵੀ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਇਹ ਦਾਅਵਾ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕੀਤਾ।
ਪਾਹੜਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਾਈਪਾਸ ਨਿਕਲਣ ਅਤੇ ਬਾਅਦ ਵਿੱਚ ਇੰਪਰੂਵਮੈਂਟ ਟਰੱਸਟ ਦੀ ਸਕੀਮ ਨੰਬਰ ਸੱਤ ਬਣਨ ਨਾਲ ਪਿੰਡ ਦੀ ਕਈ ਏਕੜ ਜ਼ਮੀਨ ਐਕਵਾਇਰ ਹੋ ਗਈ ਸੀ। ਇੱਥੋਂ ਤੱਕ ਕਿ ਜ਼ਮੀਨ ਦੇ ਪੈਸੇ ਲੈਣ ਲਈ ਵੀ ਲੋਕਾਂ ਨੂੰ ਲੰਬੀ ਲੜਾਈ ਲੜਨੀ ਪਈ ਸੀ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਸਮੇਂ ਉਨ੍ਹਾਂ ਨੇ ਕਿਸਾਨਾਂ ਦੇ ਕਰੋੜਾਂ ਰੁਪਏ ਦਾ ਭੁਗਤਾਨ ਵੀ ਕਰਵਾਇਆ ਸੀ। ਹੁਣ ਸਰਕਾਰ ਇੱਕ ਵਾਰ ਫਿਰ ਪਿੰਡ ਘੁਰਾਲਾ ਦੀ 80 ਏਕੜ ਜ਼ਮੀਨ ਐਕਵਾਇਰ ਕਰਨਾ ਚਾਹੁੰਦੀ ਹੈ, ਜਿਸ ਤੋਂ ਬਾਅਦ ਪਿੰਡ ਕੋਲ ਕੋਈ ਜ਼ਮੀਨ ਨਹੀਂ ਬਚੇਗੀ ਅਤੇ ਉਸਦੀ ਹੋਂਦ ਖ਼ਤਰੇ ਵਿੱਚ ਪੈ ਜਾਵੇਗੀ।
ਵਿਧਾਇਕ ਪਾਹੜਾ ਨੇ ਕਿਹਾ ਕਿ ਇਸ ਜ਼ਮੀਨ ਨੂੰ ਬਚਾਉਣ ਲਈ ਪਿੰਡ ਦੇ ਲੋਕ ਅਤੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਕਿਸੇ ਵੀ ਸੂਰਤ ਵਿੱਚ ਕਿਸਾਨਾਂ ਦੀ ਇੱਕ ਇੰਚ ਜ਼ਮੀਨ ‘ਤੇ ਵੀ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ, ਚਾਹੇ ਇਸ ਲਈ ਉਨ੍ਹਾਂ ਨੂੰ ਕਿੰਨਾ ਵੀ ਵੱਡਾ ਸੰਘਰਸ਼ ਕਿਉਂ ਨਾ ਕਰਨਾ ਪਵੇ। ਪਾਹੜਾ ਨੇ ਸਰਕਾਰ ਨੂੰ ਸਲਾਹ ਦਿੱਤੀ ਕਿ ਉਸਨੂੰ ਪਹਿਲਾਂ ਤੋਂ ਬਣੀਆਂ ਕਾਲੋਨੀਆਂ ‘ਤੇ ਧਿਆਨ ਦੇਣਾ ਚਾਹੀਦਾ ਹੈ, ਜਿੱਥੇ ਕਈ ਸਹੂਲਤਾਂ ਦੀ ਲੋੜ ਹੈ। ਉਸ ਤੋਂ ਬਾਅਦ ਹੀ ਕੋਈ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ, ਪਰ ਉਸ ਵਿੱਚ ਵੀ ਸਬੰਧਤ ਕਿਸਾਨਾਂ ਦੀ ਇਜਾਜ਼ਤ ਤੋਂ ਬਿਨਾਂ ਉਨ੍ਹਾਂ ਨਾਲ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ।