ਗੁਰਦਾਸਪੁਰ

ਕੱਲ੍ਹ 27 ਨਵੰਬਰ ਨੂੰ ਜ਼ਿਲ੍ਹੇ ਵਿੱਚ ਰਾਤ 8:00 ਵਜੇ ਤੋਂ 8:30 ਵਜੇ ਤੱਕ ਬਲੈਕ ਆਊਟ ਮੋਕ ਡਰਿਲ ਅਭਿਆਸ ਕੀਤਾ ਜਾਵੇਗਾ

ਕੱਲ੍ਹ 27 ਨਵੰਬਰ ਨੂੰ ਜ਼ਿਲ੍ਹੇ ਵਿੱਚ ਰਾਤ 8:00 ਵਜੇ ਤੋਂ 8:30 ਵਜੇ ਤੱਕ ਬਲੈਕ ਆਊਟ ਮੋਕ ਡਰਿਲ ਅਭਿਆਸ ਕੀਤਾ ਜਾਵੇਗਾ
  • PublishedNovember 26, 2026

ਬਲੈਕ ਆਊਟ ਮੋਕ ਡਰਿਲ ਦੌਰਾਨ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ, ਇਹ ਸਿਰਫ਼ ਇੱਕ ਅਭਿਆਸ ਹੈ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 26 ਨਵੰਬਰ 2026 (ਮੰਨਨ ਸੈਣੀ )। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਕੱਲ੍ਹ 27 ਨਵੰਬਰ ਨੂੰ ਰਾਤ 8:00 ਵਜੇ ਤੋਂ 8:30 ਵਜੇ ਤੱਕ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਲੈਕ ਆਉਟ ਮੋਕ ਡਰਿਲ ਅਭਿਆਸ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ 27 ਨਵੰਬਰ ਰਾਤ 8:00 ਵਜੇ ਬਟਾਲਾ ਤੇ ਗੁਰਦਾਸਪੁਰ ਸ਼ਹਿਰਾਂ ਵਿੱਚ ਸਾਇਰਨ ਵਜੇਗਾ ਅਤੇ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੀ ਸਮਾਪਤੀ 30 ਮਿੰਟਾਂ ਬਾਅਦ ਰਾਤ 8:30 ਸਾਇਰਨ ਵੱਜਣ ਨਾਲ ਹੋਵੇਗੀ। ਉਨਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਰਹੇਗੀ ਅਤੇ ਸ਼ਹਿਰ ਦੀ ਜਨਤਾ ਨੂੰ ਵੀ ਇਹ ਅਪੀਲ ਹੈ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਦੀ ਜੋ ਲਾਈਟ ਹਨੇਰਾ ਹੋਣ ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਪਰ ਆਵਾਜਾਈ ਤੋ ਵੀ ਪਰਹੇਜ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ, ਇਹ ਸਿਰਫ਼ ਇੱਕ ਅਭਿਆਸ ਹੈ। ਉਨ੍ਹਾਂ ਜਨਤਾ ਨੂੰ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਜ਼ਿਲ੍ਹੇ ਵਿੱਚ ਸ਼ਹਿਰੀ ਖੇਤਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਵੀ ਬਲੈਕ ਆਊਟ ਦਾ ਇੱਕ ਸੁਰੱਖਿਆ ਅਭਿਆਸ ਕੀਤਾ ਜਾਵੇਗਾ।

Written By
The Punjab Wire