ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਭਗਠਾਣਾ ਬੋਹੜਵਾਲਾ, ਭਗਠਾਣਾ ਤੁੱਲੀਆਂ, ਰਣਸੀਕੇ ਮੀਰਾ ਤੇ ਸਾਧਾਂਵਾਲੀ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ
ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ – ਵਿਧਾਇਕ ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 25 ਜੁਲਾਈ 2025 (ਮੰਨਨ ਸੈਣੀ )। ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਰਾਜ ਸਰਕਾਰ ਵੱਲੋਂ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ।
ਇਹ ਪ੍ਰਗਟਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਨਸ਼ਾ ਮੁਕਤੀ ਯਾਤਰਾ ਮੌਕੇ ਹਲਕੇ ਦੇ ਪਿੰਡ ਭਗਠਾਣਾ ਬੋਹੜਵਾਲਾ, ਭਗਠਾਣਾ ਤੁੱਲੀਆਂ, ਰਣਸੀਕੇ ਮੀਰਾ ਤੇ ਸਾਧਾਂਵਾਲੀ ਵਿਖੇ ਕਰਵਾਏ ਗਏ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਪਿੰਡਾਂ ਦੇ ਵਸਨੀਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕਿਸੇ ਵੀ ਨਸ਼ਾ ਤਸਕਰ ਦਾ ਕੋਈ ਵੀ ਸਾਥ ਨਾ ਦੇਵੇ ਅਤੇ ਜੇਕਰ ਇਸ ਤਰ੍ਹਾਂ ਦਾ ਕੋਈ ਵੀ ਅਜਿਹਾ ਕੇਸ ਸਾਹਮਣੇ ਆਉਂਦਾ ਹੈ ਤਾਂ, ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ । ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਹੁੰ ਵੀ ਚੁਕਵਾਈ ਕਿ ਪਿੰਡਾ ਵਿਚ ਨਸ਼ਾ ਤਸਕਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਗੁਰਮੰਦਰ ਸਿੰਘ, ਬੀ.ਡੀ.ਪੀ.ਓ. ਅਮਨਦੀਪ ਕੌਰ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਤੇ ਹੋਰ ਮੁਹਤਬਰ ਵੀ ਹਾਜ਼ਰ ਸਨ।