ਕਿਹਾ ਇਸ ਨਾਲ ਅਸਿੱਧੇ ਤੌਰ ਤੇ ਉਨ੍ਹਾਂ ਲੋਕਾਂ ਨੂੰ ਮਦਦ ਮਿਲਦੀ ਹੈ, ਜੋ ਦੇਸ਼ ਵਿਰੋਧੀ ਗਤੀਵਿਧੀਆਂ ਚ ਸ਼ਾਮਲ ਹਨ
ਗੁਰਦਾਸਪੁਰ, 8 ਅਗਸਤ 2025 (ਮੰਨਨ ਸੈਣੀ)। ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਕ੍ਰਿਕਟ ਮੈਚ ਖੇਡਣ ਦੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਫੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਸ਼ਰਮਨਾਕ ਦੱਸਦੇ ਹੋਏ ਕਿਹਾ ਕਿ ਇਸ ਨਾਲ ਉਨ੍ਹਾਂ ਲੋਕਾਂ ਨੂੰ ਅਸਿੱਧੇ ਤੌਰ ‘ਤੇ ਮਦਦ ਮਿਲਦੀ ਹੈ, ਜੋ ਦੇਸ਼ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹਨ।
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਾਰਤ-ਪਾਕਿਸਤਾਨ ਸੰਘਰਸ਼ ਦੌਰਾਨ ਡਰੋਨਾਂ ਅਤੇ ਮਿਜ਼ਾਈਲਾਂ ਦੇ ਡਰ ਨੂੰ ਝੱਲਿਆ ਹੈ। ਉਨ੍ਹਾਂ ਨੇ ਸਵਾਲ ਉਠਾਇਆ ਕਿ ਅਜਿਹੇ ਮਾਹੌਲ ਵਿੱਚ ਪਾਕਿਸਤਾਨ ਨਾਲ ਕ੍ਰਿਕਟ ਖੇਡਣਾ ਕਿਵੇਂ ਜਾਇਜ਼ ਹੈ? ਉਨ੍ਹਾਂ ਕਿਹਾ ਕਿ ਕੋਈ ਵੀ ਸੱਚਾ ਦੇਸ਼ ਭਗਤ ਇਹ ਮੈਚ ਨਹੀਂ ਦੇਖੇਗਾ। ਰੰਧਾਵਾ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਨੂੰ ਹਮੇਸ਼ਾ ਆਪਣੇ ਹਥਿਆਰਬੰਦ ਬਲਾਂ ਦੇ ਨਾਲ ਖੜ੍ਹੇ ਹੋਣਾ ਚਾਹੀਦਾ ਹੈ ਅਤੇ ਆਪਣੇ ਫੌਜੀਆਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।
ਜ਼ਿਕਰਯੋਗ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਬਿਆਨ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਖਿਲੇਸ਼ ਯਾਦਵ ਨਾਲ ਮੁਲਾਕਾਤ ਦੌਰਾਨ ਦਿੱਤਾ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਰੰਧਾਵਾ ਵੱਲੋਂ ਦਿੱਤਾ ਗਿਆ ਇਹ ਬਿਆਨ ਰਾਜਨੀਤਕ ਹਲਕਿਆਂ ਵਿੱਚ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।