ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਕੋਹਾ ਵਿਖੇ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ
ਸ੍ਰੀ ਹਰਗੋਬਿੰਦਪੁਰ ਸਾਹਿਬ, 9 ਅਗਸਤ 2025 (ਮੰਨਨ ਸੈਣੀ )। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਹੋਇਆ ਹੈ। ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਕੋਹਾ ਵਿਖੇ ਸ਼ੂਟਿੰਗ ਰੇਂਜ ਦਾ ਉਦਘਾਟਨ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।
ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਖੇਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਰੋਜਗਾਰ ਵੱਲ ਕੋਈ ਧਿਆਨ ਨਹੀਂ ਦਿੱਤੀ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਨੌਜਵਾਨ ਸਮਾਜਿਕ ਬੁਰਾਈਆਂ ਦੇ ਜਾਲ ਵਿੱਚ ਫਸ ਗਏ ਸਨ। ਪਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਵਿਰੋਧੀ ਮੁਹਿੰਮ’ ਯੁੱਧ ਨਸ਼ਿਆਂ ਵਿਰੁੱਧ ਸਦਕਾ ਸੂਬੇ ਦੇ ਹਾਲਾਤ ਹੁਣ ਦਿਨ-ਬ-ਦਿਨ ਬਦਲ ਰਹੇ ਹਨ।
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਤੋਂ ਪਹਿਲਾਂ ਤਿਆਰੀਆਂ ਲਈ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ, ਜਿਸ ਦੇ ਪਹਿਲਾਂ ਹੀ ਸਾਰਥਕ ਨਤੀਜੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ‘ਰੰਗਲਾ ਪੰਜਾਬ’, ਇੱਕ ਜੀਵੰਤ, ਪ੍ਰਗਤੀਸ਼ੀਲ ਪੰਜਾਬ ਸਿਰਜਣ ਲਈ ਇੱਕ ਪ੍ਰੇਰਕ ਵਜੋਂ ਕੰਮ ਕਰੇਗੀ।
ਵਿਧਾਇਕ ਐਡਵੋਕੇਟ ਨੇ ਅੱਗੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੀ ਪੁੱਛ ਪੜਤਾਲ ਕਾਫੀ ਵੱਧ ਗਈ ਹੈ। ਸਕੂਲ ਵਿੱਚ ਰੋਜ਼ ਬਹੁਤ ਸਾਰੇ ਮਾਪੇ ਇਸ ਗੱਲ ਦੀ ਜਾਣਕਾਰੀ ਲੈਣ ਆਉਂਦੇ ਹਨ ਕਿ ਉਹ ਵੀ ਆਪਣੇ ਬੱਚਿਆਂ ਨੂੰ ਸ਼ੂਟਿੰਗ ਦੀ ਸਿਖਲਾਈ ਦਿਵਾਉਣਾ ਚਾਹੁੰਦੇ ਹਨ। ਸਕੂਲ ਅਧਿਆਪਕਾਂ ਨੇ ਦੱਸਿਆ ਕਿ ਸ਼ੂਟਿੰਗ ਰੇਂਜ, ਸਮਾਰਟ ਕਲਾਸ ਰੂਮਾਂ ਅਤੇ ਆਧੁਨਿਕ ਕੰਪਿਊਟਰ ਲੈਬਾਂ ਕਰਕੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਵੱਡਾ ਸੁਧਾਰ ਆਇਆ ਹੈ।