ਗੁਰਦਾਸਪੁਰ, 11 ਅਗਸਤ 2025 (ਮੰਨਨ ਸੈਣੀ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਬਟਾਲਾ ਤੇ ਗੁਰਦਾਸਪੁਰ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਅਪਗਰੇਡ ਕਰਕੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕੱਢ ਕੇ ਗੰਨੇ ਦੀ ਕਾਸ਼ਤ ਹੇਠ ਰਕਬੇ ਨੂੰ ਵਧਾਇਆ ਹੈ। ਗੰਨੇ ਦੀ ਕਾਸ਼ਤ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਵਿੱਚ ਅਹਿਮ ਰੋਲ ਅਦਾ ਕਰ ਰਹੀ ਹੈ।
ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 330 ਕਰੋੜ ਰੁਪਏ ਖ਼ਰਚ ਕਰਕੇ ਸਹਿਕਾਰੀ ਖੰਡ ਮਿੱਲ ਬਟਾਲਾ ਦੀ ਸਮਰੱਥਾ ਹੁਣ 3500 ਟੀਸੀਡੀ ਕਰ ਦਿੱਤੀ ਗਈ ਹੈ ਅਤੇ ਇਸ ਵਿੱਚ 14 ਮੈਗਾਵਾਟ ਦਾ ਕੋ-ਜੈਨਰੇਸ਼ਨ ਪਲਾਂਟ ਵੀ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਬਟਾਲਾ ਮਿੱਲ ਵਿੱਚ ਰਿਫਾਇੰਡ ਖੰਡ ਦਾ ਉਤਪਾਦਨ ਸ਼ੁਰੂ ਹੋ ਗਿਆ ਹੈ। ਅਜਿਹਾ ਕਰਨ ਵਾਲੀ ਇਹ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਬਣ ਗਈ ਹੈ।
ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਏਸੇ ਤਰ੍ਹਾਂ ਹੀ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਪਨਿਆੜ ਵਿਖੇ 402 ਕਰੋੜ ਰੁਪਏ ਦੀ ਲਾਗਤ ਨਾਲ ਸ਼ੂਗਰ ਮਿੱਲ ਦੀ ਸਮਰੱਥਾ ਨੂੰ ਵਧਾਉਣ ਦੇ ਨਾਲ ਕੋਜਨਰੇਸ਼ਨ ਪਲਾਂਟ ਲਗਾਇਆ ਜਾ ਰਿਹਾ ਹੈ ਜੋ ਬਹੁਤ ਜਲਦੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪਲਾਂਟ ਦੇ ਸ਼ੁਰੂ ਹੋਣ ਨਾਲ ਸ਼ੂਗਰ ਮਿੱਲ ਪੂਰੀ ਤਰ੍ਹਾਂ ਪਾਵਰ ਸਰਪਲੱਸ ਹੋ ਜਾਵੇਗੀ।