ਅੰਮ੍ਰਿਤਸਰ, 21 ਅਗਸਤ 2025 (ਦੀ ਪੰਜਾਬ ਵਾਇਰ)। ਪੰਜਾਬ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੇਂਦਰੀ ਏਜੰਸੀਆਂ ਨਾਲ ਇੱਕ ਸਾਂਝੇ ਆਪਰੇਸ਼ਨ ਵਿੱਚ ਅੰਮ੍ਰਿਤਸਰ ਦੇ ਪਿੰਡ ਪੰਡੋਰੀ ਦੇ ਰਹਿਣ ਵਾਲੇ ਮਲਕੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਉਸ ਕੋਲੋਂ ਇੱਕ ਹੈਂਡ ਗ੍ਰੇਨੇਡ, ਇੱਕ .30 ਬੋਰ ਪਿਸਤੌਲ (Px5) ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਮਲਕੀਤ ਸਿੰਘ ਦੇ ਸਬੰਧ ਯੂ.ਕੇ. (UK) ਵਿੱਚ ਰਹਿੰਦੇ ਗੈਂਗਸਟਰ ਧਰਮਾ ਸੰਧੂ ਨਾਲ ਹਨ। ਧਰਮਾ ਸੰਧੂ, ਪਾਕਿਸਤਾਨ ਵਿੱਚ ਬੈਠੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅਪਰੇਟਿਵ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ, ਜਿਸਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦਾ ਵੀ ਸਮਰਥਨ ਪ੍ਰਾਪਤ ਹੈ।
ਪੁਲਿਸ ਇਸ ਨੈੱਟਵਰਕ ਦੀਆਂ ਹੋਰ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ। ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਉਹ ਸੂਬੇ ਵਿੱਚ ਅਮਨ-ਸ਼ਾਂਤੀ ਬਣਾਏ ਰੱਖਣ ਲਈ ਅੱਤਵਾਦੀ-ਗੈਂਗਸਟਰ ਗਠਜੋੜ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ।